ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦੇ 15 ਨਵੇਂ ਕੇਸਾਂ ਦੀ ਪੁਸ਼ਟੀ, ਇਕ ਮਰੀਜ਼ ਨੇ ਵੀ ਤੋੜਿਆ ਦਮ
Tuesday, Jul 14, 2020 - 09:14 PM (IST)
ਅੰਮ੍ਰਿਤਸਰ (ਦਲਜੀਤ)— ਕੋਰੋਨਾ ਵਾਇਰਸ ਪੰਜਾਬ 'ਚ ਬੇਕਾਬੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਕਾਰਨ ਮਰੀਜ਼ ਮੌਤ ਦੇ ਮੂੰਹ 'ਚ ਜਾ ਰਹੇ ਹਨ, ਉਥੇ ਹੀ ਪਾਜ਼ੇਟਿਵ ਕੇਸਾਂ 'ਚ ਵੀ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਮਾਮਲੇ 'ਚ ਅੰਮ੍ਰਿਤਸਰ 'ਚੋਂ 15 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਕਾਰਨ ਇਕ ਮਰੀਜ਼ ਦੀ ਵੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਤਾਪ ਨਗਰ ਦੇ ਰਹਿਣ ਵਾਲੇ 62 ਸਾਲਾ ਯੁੱਧਵੀਰ ਸਿੰਘ ਨੇ ਇਲਾਜ ਦੌਰਾਨ ਦਮ ਅੱਜ ਦਮ ਤੋੜ ਦਿੱਤਾ।
ਇਸ ਦੇ ਨਾਲ ਹੀ ਜ਼ਿਲ੍ਹਾ ਅੰਮ੍ਰਿਤਸਰ 'ਚ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 1136 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 920 ਮਰੀਜ਼ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਐਕਟਿਵ ਕੇਸਾਂ ਦੀ ਗਿਣਤੀ 160 ਦੇ ਕਰੀਬ ਹੈ। ਅੰਮ੍ਰਿਤਸਰ 'ਚ ਕੋਰੋਨਾ ਦੇ ਕਾਰਨ ਹੁਣ ਤੱਕ 56 ਮੌਤਾਂ ਹੋ ਚੁੱਕੀਆਂ ਹਨ।
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ 'ਚ ਹੁਣ ਤਕ ਕੋਰੋਨਾ ਵਾਇਰਸ ਦੇ 1,31,55,341 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ 'ਚ 5,73,439 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 76,62,756 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤਕ ਲਗਭਗ 906617 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਜਦਕਿ ਦੇਸ਼ 'ਚ ਹੁਣ ਤਕ 23728 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਹੁਣ ਤਕ ਕੋਰੋਨਾ ਦੇ 8200 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 208 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5613 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।