ਹੁਸ਼ਿਆਰਪੁਰ ਜ਼ਿਲ੍ਹੇ 'ਚ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ, 42 ਨਵੇਂ ਮਾਮਲੇ ਆਏ ਸਾਹਮਣੇ
Sunday, Jul 26, 2020 - 09:38 PM (IST)
ਹੁਸ਼ਿਆਰਪੁਰ (ਅਮਰੀਕ)— ਪੰਜਾਬ 'ਚ ਕੋਰੋਨਾ ਵਾਇਰਸ ਮਾਰੂ ਹੁੰਦਾ ਜਾ ਰਿਹਾ ਹੈ। ਹੁਸ਼ਿਆਰਪੁਰ ਜ਼ਿਲ੍ਹੇ 'ਚ ਅੱਜ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਉਸ ਸਮੇਂ ਹੋਰ ਵਾਧਾ ਹੋ ਗਿਆ ਜਦੋਂ ਇਥੋਂ 42 ਕੋਰੋਨਾ ਦੇ ਨਵੇਂ ਮਾਮਲੇ ਪਾਏ ਗਏ। ਇਸ ਦੇ ਨਾਲ ਹੀ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਹੁਣ 502 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ 'ਚੋਂ 13 ਕੋਰੋਨਾ ਪੀੜਤ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਪਾਏ ਗਏ 42 ਪਾਜ਼ੇਟਿਵ ਕੇਸਾਂ 'ਚ 19 ਬੀ. ਐੱਸ. ਐੱਫ. ਦੇ ਜਵਾਨ, 6 ਐੱਸ. ਬੀ. ਆਈ. ਦੇ ਬੈਂਕ ਮੁਲਾਜ਼ਮ ਅਤੇ 9 ਗੜ੍ਹਸ਼ੰਕਰ ਬਲਾਕ ਅਤੇ ਬਾਕੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਜ਼ਿਲ੍ਹੇ 'ਚ ਹੁਣ ਤੱਕ ਲਏ ਗਏ 25,898 ਨਮੂਨਿਆਂ 'ਚੋਂ 23,938 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਅਜੇ ਮਹਿਕਮੇ ਨੂੰ 1486 ਨਮੂਨਿਆਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 189 ਹੈ ਅਤੇ 258 ਮਰੀਜ਼ ਰਿਕਵਰ ਕਰ ਚੁੱਕੇ ਹਨ ।
ਸਿਵਲ ਸਰਜਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ 10 ਸਾਲ ਤੱਕ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਘਰ ਤੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਸਾਫ਼ ਕਰਨਾ ਚਾਹੀਦਾ ਹੈ । ਇਸ ਤੋਂ ਇਲਾਵਾ ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਵਧਦੀ ਚੇਨ ਨੂੰ ਤੋੜਿਆ ਜਾ ਸਕੇ ।