ਹੁਸ਼ਿਆਰਪੁਰ ''ਚ ''ਕੋਰੋਨਾ'' ਦਾ ਕਹਿਰ ਲਗਾਤਾਰ ਜਾਰੀ, ਅੰਕੜਾ 136 ਤੱਕ ਪੁੱਜਾ
Monday, Jun 08, 2020 - 10:59 AM (IST)
ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਕੋਰੋਨਾ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 136 ਤੱਕ ਪਹੁੰਚ ਗਿਆ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲੇ 'ਚ 409 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ 'ਚੋਂ ਸਿਰਫ ਇਕ ਹੀ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਆਇਆ ਪਿੰਡ ਹਰਖੋਵਾਲ ਦਾ ਵਿਅਕਤੀ ਕੁਵੈਤ ਤੋਂ ਪਰਤਿਆ ਸੀ। ਜ਼ਿਲ੍ਹੇ 'ਚ ਹੁਣ ਤੱਕ ਲਏ ਗਏ ਨਮੂਨਿਆਂ 'ਚੋਂ 3562 ਵਿਅਕਤੀਆਂ ਦੇ ਨਮੂਨੇ ਨੈਗੇਟਿਵ ਪਾਏ ਗਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖ਼ਿਲਾਫ਼ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਅਫ਼ਸੋਸਜਨਕ ਖ਼ਬਰ:ਵਿਆਹ ਤੋਂ ਇਕ ਹਫ਼ਤਾ ਪਹਿਲਾਂ ਗੋਲ਼ੀਆਂ ਮਾਰ ਕਤਲ ਕੀਤਾ ਨੌਜਵਾਨ
ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਸਿਹਤ ਮਹਿਕਮੇ ਵੱਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਵਰਤੇ ਕੇ ਕੋਰੋਨਾ ਵਾਇਰਸ ਤੋਂ ਬੱਚ ਸਕਣ। ਉਨ੍ਹਾਂ ਕਿਹਾ ਕਿ ਜਾਗਰੂਕਤਾ ਲਈ ਕੁਆਰੰਟਾਈਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ।
ਉਨ੍ਹਾਂ ਕਿਹਾ ਕਿ ਜਨਤਾ ਨੂੰ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ ਅਤੇ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਸਮੇਤ ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਨੂੰ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੀਟਾਈਜ਼ਰ ਦੀ ਵਰਤੋਂ ਕਰਦੇ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਇਹ ਵੀ ਪੜ੍ਹੋ: ਡੇਰਾ ਬਿਆਸ 'ਚ ਸੰਗਤ ਤੇ ਵਿਜ਼ਿਟਰਸ ਦੀ ਐਂਟਰੀ 31 ਅਗਸਤ ਤੱਕ ਰਹੇਗੀ ਬੰਦ
ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 4295 ਨਮੂਨੇ ਲਏ ਗਏ ਹਨ, ਜਿਸ 'ਚੋਂ 3562 ਨਮੂਨੇ ਨੈਗੇਟਿਵ ਪਾਏ ਗਏ ਹਨ ਅਤੇ 573 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਇਕ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ 'ਤੇ ਹੁਣ ਤੱਕ ਪਾਜ਼ੇਟਿਵ ਕੇਸਾਂ ਦੀ ਗਿਣਤੀ 136 ਹੋ ਗਈ ਹੈ, ਜਿਨ੍ਹਾਂ 'ਚੋਂ 14 ਐਕਟਿਵ ਮਰੀਜ਼ ਹਨ ਅਤੇ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਨਮੂਨੇ ਵੀ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: ਤਾਲਾਬੰਦੀ 'ਚ ਜਲੰਧਰ ਦੇ ਮੁੰਡੇ ਦਾ ਮੁੰਬਈ 'ਚ ਅਨੋਖਾ ਵਿਆਹ, ਕੁਝ ਇਸ ਤਰ੍ਹਾਂ ਸ਼ਾਮਲ ਹੋਏ 200 ਤੋਂ ਵਧੇਰੇ ਮਹਿਮਾਨ