ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ ਹਾਲਾਤ ਚਿੰਤਾਜਨਕ : 284 ਨਵੇਂ ਕੇਸ, 4 ਮਰੀਜ਼ਾਂ ਨੇ ਤੋੜਿਆ ਦਮ

Sunday, Apr 18, 2021 - 01:23 PM (IST)

ਹੁਸ਼ਿਆਰਪੁਰ (ਘੁੰਮਣ)- ਕੋਰੋਨਾ ਨੂੰ ਲੈ ਕੇ ਜ਼ਿਲ੍ਹੇ ਵਿਚ ਹਾਲਾਤ ਇਕ ਫਿਰ ਚਿੰਤਾਜਨਕ ਬਣ ਰਹੇ ਹਨ। ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ’ਚ ਰੋਜ਼ਾਨਾ ਵਾਧਾ ਹੁੰਦਾ ਜਾ ਰਿਹਾ ਹੈ। ਸਿਹਤ ਮਹਿਕਮੇ ਨੂੰ ਸ਼ਨੀਵਾਰ ਸ਼ਾਮ ਪ੍ਰਾਪਤ ਹੋਈ 2556 ਸੈਂਪਲਾਂ ਦੀ ਰਿਪੋਰਟ ਵਿਚ 284 ਨਵੇਂ ਪਾਜ਼ੇਟਿਵ ਮਰੀਜ਼ ਰਿਪੋਰਟ ਹੋਏ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ

ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੇਟਿਵ 4 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਭੰਗਾਲਾ ਨਿਵਾਸੀ 60 ਸਾਲਾ ਔਰਤ ਦੀ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ, ਪਿੰਡ ਬਿਲਾਸਪੁਰ ਦੀ 58 ਸਾਲਾ ਔਰਤ ਦੀ ਡੀ. ਐੱਮ. ਸੀ. ਲੁਧਿਆਣਾ, ਪਿੰਡ ਬਿਛੋਹੀ ਨਿਵਾਸੀ 75 ਸਾਲਾ ਵਿਅਕਤੀ ਦੀ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅਤੇ ਪਿੰਡ ਪੱਟੀ ਨਿਵਾਸੀ 67 ਸਾਲਾ ਵਿਅਕਤੀ ਦੀ ਸਿਵਲ ਹਸਪਤਾਲ ਜਲੰਧਰ ਵਿਚ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਮ੍ਰਿਤਕਾਂ ਦੀ ਕੁੱਲ ਗਿਣਤੀ 665 ਹੋ ਗਈ ਹੈ।

ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 253 ਨਵੇਂ ਮਰੀਜ਼ ਰਿਪੋਰਟ ਹੋਏ ਹਨ, ਜਿਨ੍ਹਾਂ ਵਿਚੋਂ 23 ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ ਅਤੇ 230 ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ 31 ਮਰੀਜ਼ ਦੂਜੇ ਜ਼ਿਲ੍ਹਿਆਂ ਤੋਂ ਰਿਪੋਰਟ ਹੋਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਨਵੇਂ ਮਰੀਜ਼ਾਂ ਦੀ ਕੁੱਲ ਗਿਣਤੀ 284 ਅਤੇ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 17,542 ਹੋ ਗਈ ਹੈ। ਜ਼ਿਲ੍ਹੇ ਵਿਚ 15,684 ਮਰੀਜ਼ ਰਿਕਵਰ ਹੋਏ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 1193 ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ 2006 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਮਹਿਕਮੇ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ ਦੀ ਅਪੀਲ ਕੀਤੀ।


shivani attri

Content Editor

Related News