ਪੁਲਸ ਕਮਿਸ਼ਨਰ ਇਨ ਐਕਸ਼ਨ, ਬੇਵਜ੍ਹਾ ਘੁੰਮ ਰਹੇ 311 ਲੋਕਾਂ ਦੇ ਵਾਹਨ ਕੀਤੇ ਜ਼ਬਤ
Saturday, Apr 11, 2020 - 10:48 AM (IST)
ਜਲੰਧਰ (ਸੁਧੀਰ)— ਕੋਰੋਨਾ ਵਾਇਰਸ ਕਾਰਣ ਪੰਜਾਬ ਸਰਕਾਰ ਨੇ ਲਾਕਡਾਊਨ ਨੂੰ 1 ਮਈ ਤੱਕ ਵਧਾ ਦਿੱਤਾ ਹੈ, ਉਥੇ ਹੀ ਪੰਜਾਬ ਦੇ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਇਸੇ ਕਾਰਨ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਖਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਹੀ ਕਮਿਸ਼ਨਰੇਟ ਪੁਲਸ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਲਗਾਤਾਰ ਸਖਤੀ ਕਰ ਰਹੀ ਹੈ, ਜਿਸ ਕਾਰਣ ਪੁਲਸ ਨੇ ਕਈ ਲੋਕਾਂ ਖਿਲਾਫ ਮਾਮਲੇ ਦਰਜ ਕਰਕੇ 200 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਡਰੋਨ ਜ਼ਰੀਏ ਵੀ ਕਰਫਿਊ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਨਜ਼ਰ ਰੱਖੀ ਹੋਈ ਹੈ।
ਇਹ ਵੀ ਪੜ੍ਹੋ: ਵਿਆਹ ਦੇ ਚਾਅ ਰਹਿ ਗਏ ਅਧੂਰੇ, ਮੰਗਣੀ ਦੇ 10 ਦਿਨਾਂ ਬਾਅਦ ਕੁੜੀ ਨੇ ਲਾਇਆ ਮੌਤ ਨੂੰ ਗਲੇ
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਸ਼ਹਿਰ 'ਚ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਫਲੈਗ ਮਾਰਚ ਕੱਢ ਕੇ ਸ਼ਹਿਰ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਵੀ ਕਮਿਸ਼ਨਰੇਟ ਪੁਲਸ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਬੇਵਜ੍ਹਾ ਘੁੰਮ ਰਹੇ ਕਰੀਬ 311 ਲੋਕਾਂ ਦੇ ਵਾਹਨਾਂ ਨੂੰ ਥਾਣੇ 'ਚ ਜ਼ਬਤ ਕੀਤਾ। ਭੁੱਲਰ ਨੇ ਦੱਸਿਆ ਕਿ ਵਾਹਨ ਜ਼ਬਤ ਹੋਣ ਤੋਂ ਬਾਅਦ ਲੋਕਾਂ ਨੂੰ ਘਰਾਂ 'ਚ ਚਿਤਾਵਨੀ ਦੇ ਕੇ ਪੈਦਲ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਪੈਦਲ ਘਰ ਜਾਣ ਅਤੇ ਜੁਰਮਾਨਾ ਦੇਣ ਤੋਂ ਬਾਅਦ ਲੋਕਾਂ ਨੂੰ ਅਪਣੀ ਗਲਤੀ ਦਾ ਅਹਿਸਾਸ ਹੋਵੇਗਾ, ਜਿਸ ਕਾਰਨ ਲੋਕ ਆਪਣੇ ਘਰਾਂ 'ਚ ਬੈਠਣਗੇ।
ਇਹ ਵੀ ਪੜ੍ਹੋ: 'ਕੋਰੋਨਾ' ਨੇ ਢਾਹਿਆ ਪੰਜਾਬ, ਇੱਕੋ ਦਿਨ ਆਏ 21 ਪਾਜ਼ੇਟਿਵ ਕੇਸ, ਜਾਣੋ ਕੀ ਨੇ ਤਾਜ਼ਾ ਹਾਲਾਤ
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਰਫਿਊ ਲੋਕਾਂ ਦੀ ਸਿਹਤ ਦੀ ਸੰਭਾਲ ਕਰਨ ਦੇ ਮੱਦੇਨਜ਼ਰ ਲਾਇਆ ਗਿਆ ਹੈ। ਲੋਕਾਂ ਨੂੰ ਵਿਦੇਸ਼ਾਂ ਦੇ ਹਾਲਾਤ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਕਰਫਿਊ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕ ਆਪਣੇ ਬੱਚਿਆਂ ਨੂੰ ਵੀ ਘਰਾਂ ਤੋਂ ਬਾਹਰ ਨਾ ਨਿਕਲਣ ਦੇਣ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ 5 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮਲਕੀਤ ਸਿੰਘ, ਅਮਨਦੀਪ ਸਿੰਘ, ਜਗਦੀਸ਼ ਕੁਮਾਰ, ਵਿਸ਼ਾਲ ਅਤੇ ਸੰਜੀਵ ਵਜੋਂ ਹੋਈ ਹੈ।