ਐੱਨ. ਆਰ. ਆਈਜ਼ ਦੀ ਮੈਰੀਟੋਰੀਅਸ ਸਕੂਲ ਵਿਚ ਹੋਵੇਗੀ ਕੋਰੋਨਾ ਵਾਇਰਸ ਦੀ ਜਾਂਚ
Thursday, May 21, 2020 - 12:12 PM (IST)
ਜਲੰਧਰ (ਚੋਪੜਾ)— ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡੀ. ਸੀ. ਪੀ. ਬਲਕਾਰ ਸਿੰਘ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅਨੁਪਮ ਕਲੇਰ ਨੇ ਦੇਸ਼ 'ਚ ਆਉਣ ਵਾਲੇ ਐੱਨ. ਆਰ. ਆਈਜ਼ ਨੂੰ ਕੁਆਰੰਟਾਈਨ ਕਰਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਹੋਟਲਾਂ 'ਚ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਅਡੀਸ਼ਨਲ ਡਿਪਟੀ ਕਮਿਸ਼ਨਰ, ਡਿਪਟੀ ਕਮਿਸ਼ਨਰ ਪੁਲਸ ਅਤੇ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ (ਐੱਸ. ਓ. ਪੀ.) ਦੇ ਅਨੁਸਾਰ ਬਾਹਰ ਤੋਂ ਆਉਣ ਵਾਲੇ ਲੋਕਾਂ ਨੂੰ ਚਾਹੇ ਉਨ੍ਹਾਂ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ ਕੋਈ ਲੱਛਣ ਵਿਖਾਈ ਨਹੀਂ ਵੀ ਦਿੰਦੇ ਹੋਣ, ਉਨ੍ਹਾਂ ਨੂੰ ਕੁਆਰੰਟਾਈਨ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਆਉਣ ਵਾਲੇ ਐੱਨ. ਆਰ. ਆਈਜ਼ ਦੀ ਮੈਰੀਟੋਰੀਅਸ ਸਕੂਲ 'ਚ ਜਾਂਚ ਕੀਤੀ ਜਾਵੇਗੀ, ਜੇਕਰ ਐੱਨ. ਆਰ. ਆਈਜ਼ 'ਚ ਕੋਈ ਲੱਛਣ ਵਿਖਾਈ ਨਹੀਂ ਦਿੰਦਾ ਤਾਂ ਉਸ ਨੂੰ ਕੁਆਰੰਟਾਇਨ ਲਈ ਭੇਜਿਆ ਜਾਵੇਗਾ ਅਤੇ ਜੇਕਰ ਲੱਛਣ ਵਿਖਾਈ ਦਿੰਦੇ ਹਨ ਤਾਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਜਾਵੇਗਾ।
ਏ. ਡੀ. ਸੀ., ਡੀ. ਸੀ. ਪੀ. ਅਤੇ ਡੀ. ਡੀ. ਨੇ ਕਿਹਾ ਕਿ ਸਿਵਲ ਸਰਜਨ ਜ਼ਿਲੇ ਵਿਚ ਆਉਣ ਵਾਲੇ ਐੱਨ. ਆਰ. ਆਈਜ਼ ਦੀ ਮੈਡੀਕਲ ਜਾਂਚ ਲਈ ਪੁਖਤਾ ਪ੍ਰਬੰਧਾਂ ਦਾ ਧਿਆਨ ਰਖਣਗੇ। ਉਨ੍ਹਾਂ ਦੇ ਚੈੱਕਅਪ ਲਈ ਸਿਹਤ ਵਿਭਾਗ ਦੀ ਟੀਮ ਅਤੇ ਸੁਰੱਖਿਆ ਲਈ ਹੋਟਲਾਂ ਵਿਚ ਪੁਲਸ ਕਰਮਾਚਾਰੀ ਤਾਇਨਾਤ ਕੀਤੇ ਜਾਣਗੇ, ਨਾਲ ਹੀ ਹੋਟਲਾਂ ਦੀ ਉਚਿਤ ਸਮਾਂ ਤੋਂ ਬਾਅਦ ਸੈਨੀਟਾਈਜੇਸ਼ਨ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲਾ ਸਿਹਤ ਅਧਿਕਾਰੀ ਡਾ. ਸੁਰਿੰਦਰ ਨਾਂਗਲ ਨੇ ਹੋਟਲ ਵਾਲਿਆਂ ਨੂੰ ਕੁਆਰੰਟਾਇਨ ਸਮਾਂ ਦੌਰਾਨ ਕੀਤੇ ਜਾਣ ਵਾਲੇ ਜ਼ਰੂਰੀ ਉਪਰਾਲਿਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਕੁਆਰੰਟਾਇਨ ਸਮੇਂ ਦੌਰਾਨ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਸੈਨੀਟਾਈਜਰ ਦਾ ਪ੍ਰਯੋਗ ਨੂੰ ਯਕੀਨੀ ਬਣਾਇਆ ਜਾਵੇ ।