ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਲੰਧਰ ਦੇ ਡੀ.ਸੀ. ਨੇ ਲਿਆ ਜਾਇਜ਼ਾ

Monday, Apr 13, 2020 - 06:27 PM (IST)

ਭੋਗਪੁਰ (ਰਾਣਾ ਭੋਗਪੁਰੀਆ)— ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲੇ 'ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਯੂਨੀਕ ਅਡੈਂਟੀਫਿਕੇਸ਼ਨ ਨੰਬਰ (ਯੂ.ਆਈ.ਡੀ) ਜਾਰੀ ਕੀਤੇ ਜਾਣਗੇ।
ਦਾਣਾ ਮੰਡੀ ਭੋਗਪੁਰ ਵਿਖੇ 15 ਅਪ੍ਰੈਲ ਤੋਂ ਸੁਰੂ ਹੋ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਇਕ ਮੀਟਿੰਗ ਦੌਰਾਨ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ, ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਕਿਹਾ ਕਿ ਅਜਿਹਾ ਕਰਨ ਦਾ ਮੁੱਖ ਮੰਤਵ ਮੰਡੀਆਂ 'ਚ ਕਣਕ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ 15 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਹੋ ਕੇ 15 ਜੂਨ ਤੱਕ ਚੱਲੇਗੀ ਅਤੇ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਵਿਸ਼ੇਸ਼ ਹਲਾਤਾਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਕ ਅਡੈਂਟੀਫਿਕੇਸ਼ਨ ਨੰਬਰ ਰਾਹੀਂ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਜਿਹੜੇ ਕਿਸਾਨਾਂ ਨੂੰ ਸਲਿਪਾਂ ਜਾਰੀ ਕੀਤੀਆਂ ਗਈਆਂ ਹਨ ਉਹੀ ਹੀ ਮੰਡੀਆਂ 'ਚ ਅਪਣੀ ਕਣਕ ਵੇਚਣ ਲਈ ਆ ਸਕਦੇ ਹਨ।

ਡਿਪਟੀ ਕਮਿਸ਼ਨਰ, ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਕਿਹਾ ਕਿ ਸਲਿਪ 'ਤੇ ਸਪੈਸ਼ਲ ਹੋਲੋਗਰਾਮ ਲਗਾਇਆ ਜਾਵੇਗਾ ਅਤੇ ਜਿਸ ਕਿਸਾਨ ਪਾਸ ਅਸਲ ਸਲਿੱਪ ਹੋਵੇਗੀ, ਉਸ ਨੂੰ ਹੀ ਮੰਡੀ 'ਚ ਦਾਖਲ ਹੋਣ ਦੀ ਆਗਿਆ ਹੋਵੇਗੀ। ਇਸ ਔਖੀ ਘੜੀ 'ਚ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ 'ਚ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਸਹੀ ਅਰਥਾਂ 'ਚ ਲਾਗੂ ਕੀਤਾ ਜਾਵੇਗਾ ਅਤੇ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋ ਸਕੇ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

PunjabKesari
ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਦੌਰਾਨ ਮਾਰਕਿਟ ਕਮੇਟੀਆਂ ਵੱਲੋਂ ਆੜ੍ਹਤੀਆਂ ਨੂੰ ਕੂਪਨ ਜਾਰੀ ਕੀਤੇ ਜਾਣਗੇ ਜੋ ਅਗੋਂ ਕਿਸਾਨਾਂ ਨੂੰ ਵੰਡਣਗੇ। ਉਨ•ਾਂ ਕਿਹਾ ਕਿ ਕਿਸਾਨ ਮੰਡੀਆ ਵਿੱਚ ਖ਼ਾਲੀ ਜਗ•ਾ ਅਨੁਸਾਰ ਰੋਜ਼ਾਨਾ ਅਤੇ ਵੱਖ-ਵੱਖ ਦਿਨਾਂ ਦੌਰਾਨ ਮਲਟੀਪਲ ਕੂਪਨ ਲੈ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਹਰੇਕ ਕੂਪਨ ਦੇ ਨਾਲ ਇਕ ਟਰਾਲੀ ਜਿਸ ਵਿੱਚ 50 ਕੁਇੰਟਲ ਕਣਕ ਹੋਵੇਗੀ ਮੰਡੀ ਵਿੱਚ ਲਿਆ ਸਕੇਗਾ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦਰਮਿਆਨ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਨਿਸ਼ਾਨ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 30 ਫੁੱਟ ਦੇ ਬਲਾਕ ਮੰਡੀਆਂ ਵਿੱਚ ਬਣਾਏ ਗਏ ਹਨ ਅਤੇ ਇਕ ਬਲਾਕ ਵਿੱਚ ਇਕ ਕਿਸਾਨ ਹੀ ਕਣਕ ਦੀ ਢੇਰੀ ਲਗਾ ਸਕੇਗਾ। ਉਨ•ਾਂ ਕਿਹਾ ਕਿ ਇਸ ਦਾ ਇਕੋ ਇਕ ਮੰਤਵ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਹ ਯਕੀਨੀ ਬਣਾਉਣਾ ਹੈ ਕਿ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨ ਇਕ ਜਗ੍ਹਾ 'ਤੇ ਇਕੱਠੇ ਨਾ ਹੋ ਸਕਣ।

ਡਿਪਟੀ ਕਮਿਸ਼ਨਰ, ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਦੱਸਿਆ ਕਿ ਇਹ ਸਮੇਂ ਦੀ ਮੰਗ ਹੈ ਕਿ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਦੇ ਹੋਏ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸੋਨੇ ਰੰਗੀ ਫਸਲ ਦਾ ਇਕ ਇਕ ਦਾਣਾ ਸੁਚੱਜੇ ਢੰਗ ਨਾਲ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲੇ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ 'ਚ ਸੈਨੀਟਾਈਜ਼, ਹੱਥ ਧੋਣ ਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਸਾਰੀਆਂ ਸ਼ਰਤਾਂ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਮੰਡੀਆਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਲਈ ਵਿਆਪਕ ਰਣਨੀਤੀ ਪਹਿਲਾਂ ਹੀ ਬਣਾਈ ਜਾ ਚੁੱਕੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਏ. ਐੱਸ. ਪੁਆਰ, ਐੱਸ. ਪੀ. ਆਰ.ਪੀ. ਐੱਸ. ਸੰਧੂ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ, ਰਾਹੁਲ ਸਿੰਧੂ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਇਕਬਾਲਜੀਤ ਸਿੰਘ ਅਤੇ ਕਾਂਗਰਸੀ ਆਗੂ ਅਸ਼ਵਿਨ ਭੱਲਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।


shivani attri

Content Editor

Related News