ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਤੇ ਸ਼ਹਿਰਾਂ ''ਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ : ਅਮਨ ਅਰੋੜਾ

Wednesday, Jul 13, 2022 - 07:05 PM (IST)

ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਤੇ ਸ਼ਹਿਰਾਂ ''ਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ : ਅਮਨ ਅਰੋੜਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ਼-ਸੁਥਰੀਆਂ ਸੇਵਾਵਾਂ ਦੇ ਨਾਲ ਸੂਬੇ ਦੇ ਵੱਡੇ ਸ਼ਹਿਰਾਂ 'ਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ ਹੈ। ਸ਼ਹਿਰੀ ਵਿਕਾਸ ਵਿਭਾਗ ਦੇ ਵੱਖ-ਵੱਖ ਵਿੰਗ ਇਸ ਟੀਚੇ ਨੂੰ ਪੂਰਾ ਕਰਨਾ ਹਰ ਹੀਲੇ ਯਕੀਨੀ ਬਣਾਉਣ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਵਿਭਾਗ ਨਾਲ ਸਬੰਧਿਤ ਵੱਖ-ਵੱਖ ਸ਼ਹਿਰਾਂ ਦੀਆਂ ਅਥਾਰਟੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਆਖੀ। ਅਰੋੜਾ ਨੇ ਅੱਜ ਇਥੇ ਮੈਰਾਥਨ ਚੱਲੀਆਂ ਮੀਟਿੰਗਾਂ 'ਚ ਪੁੱਡਾ, ਗਮਾਡਾ, ਗਲਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਕੰਮਕਾਜ ਦੀ ਸਮੀਖਿਆ ਕੀਤੀ। ਹਰ ਅਥਾਰਟੀ ਨਾਲ ਵੱਖੋ-ਵੱਖ ਕੀਤੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਤਾਂ ਸਬੰਧਿਤ ਅਥਾਰਟੀ ਸਬੰਧੀ ਪੇਸ਼ਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ : ਝੋਨਾ ਲਾਉਂਦਿਆਂ ਦੌਰਾ ਪੈਣ ਕਾਰਨ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਅਰਸੇ ਤੋਂ ਪਿੰਡਾਂ ਅਤੇ ਛੋਟੇ ਸ਼ਹਿਰਾਂ ’ਚੋਂ ਵੱਡੇ ਸ਼ਹਿਰਾਂ ਵੱਲ ਵਸੋਂ ਦਾ ਪ੍ਰਵਾਸ ਹੋਇਆ ਹੈ। ਸ਼ਹਿਰਾਂ ਦੀ ਆਬਾਦੀ ਕਾਫੀ ਵਧ ਗਈ ਹੈ ਪਰ ਸ਼ਹਿਰਾਂ ਵਿੱਚ ਸਹੂਲਤਾਂ ਬਦ ਤੋਂ ਬਦਤਰ ਹੋਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਧੁਨਿਕ ਸਥਿਤੀਆਂ ਦੇ ਮੱਦੇਨਜ਼ਰ ਵਸੋਂ ਨੂੰ ਧਿਆਨ 'ਚ ਰੱਖਦਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ। ਪੰਜਾਬ ਸ਼ਹਿਰੀ ਵਿਕਾਸ ਯੋਜਨਾਬੰਦੀ ਅਧੀਨ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਜਿਵੇਂ ਕਿ ਸਾਫ਼-ਸੁਥਰੇ ਪੀਣ ਵਾਲੇ ਪਾਣੀ, ਸੀਵਰੇਜ, ਸਟੀਰਟ ਲਾਈਟਾਂ, ਪਾਰਕਾਂ ਦੇ ਰੱਖ-ਰਖਾਅ ਦੇ ਨਾਲ ਬਰਸਾਤਾਂ ਵਿੱਚ ਮੀਂਹ ਦੇ ਪਾਣੀ ਦੀ ਤੁਰੰਤ ਨਿਕਾਸ ਨੂੰ ਧਿਆਨ 'ਚ ਰੱਖਦਿਆਂ ਕੰਮ ਕੀਤੇ ਜਾਣ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 113 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਸਾਰੇ ਵੱਡੇ ਸ਼ਹਿਰਾਂ ਦਾ ਨਿੱਜੀ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨਗੇ। ਸਾਰੇ ਸ਼ਹਿਰਾਂ ਦੀਆਂ ਵਿਕਾਸ ਅਥਾਰਟੀਆਂ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਸਮੱਸਿਆ ਨਾ ਆਵੇ। ਮੀਟਿੰਗਾਂ 'ਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ. ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News