ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਲਾਲ ਚੰਦ ਕਟਾਰੂਚੱਕ

Tuesday, Mar 22, 2022 - 06:59 PM (IST)

ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ (ਬਿਊਰੋ) : ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ 'ਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਿਹਾਲਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰ, ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਤੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਮੌਜੂਦ ਸਨ।

ਇਹ ਵੀ ਪੜ੍ਹੋ : ਵਿਸ਼ਵ ਜਲ ਦਿਵਸ 'ਤੇ ਵਿਸ਼ੇਸ਼ : ਕਮਜ਼ੋਰ ਜਲ ਨੀਤੀ ਕਾਰਨ ਖ਼ਤਰੇ ਦੀ ਦਹਿਲੀਜ਼ 'ਤੇ ਪਹੁੰਚਿਆ 'ਜੀਵਨ'

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਪਾਰਟੀ ਦੀ ਲੀਡਰਸ਼ਿਪ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਨੂੰ ਆਮ ਲੋਕਾਂ ਵੱਲੋਂ ਬੇਮਿਸਾਲ ਫਤਵਾ ਮਿਲਿਆ ਹੈ, ਜਿਸ ਕਰਕੇ ਇਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਉਹ ਤਿੰਨਾਂ ਵਿਭਾਗਾਂ ਬਾਰੇ ਫੀਡਬੈਕ ਲੈਣ ਲਈ ਜਲਦ ਹੀ ਇਕ ਮੀਟਿੰਗ ਕਰਨਗੇ, ਜਿਨ੍ਹਾਂ ਦੇ ਕੰਮਕਾਜ ਦੀ ਨਿਯਮਤ ਅੰਤਰਾਲ 'ਤੇ ਸਮੀਖਿਆ ਕੀਤੀ ਜਾਵੇਗੀ। ਕਟਾਰੂਚੱਕ ਨੇ ਅੱਗੇ ਕਿਹਾ, "ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਲਿਆ ਫੈਸਲਾ ਇਤਿਹਾਸਕ : ਵਿਧਾਇਕ ਲਾਡੀ

ਇਸ ਉਪਰੰਤ ਮੰਤਰੀ ਨੇ ਸੈਕਟਰ-39 ਦੀ ਅਨਾਜ ਮੰਡੀ ਵਿਖੇ ਖੁਰਾਕ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ, ਜਿਸ ਵਿੱਚ ਉਨ੍ਹਾਂ ਸਾਰੇ ਡਿਪਟੀ ਡਾਇਰੈਕਟਰਾਂ ਅਤੇ ਡੀ. ਐੱਫ. ਐੱਸ. ਸੀਜ਼ ਨੂੰ ਆਗਾਮੀ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਹਾਜ਼ਰੀਨ ਨੂੰ ਇਕ ਟੀਮ ਵਜੋਂ ਕੰਮ ਕਰਨ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।


author

Harnek Seechewal

Content Editor

Related News