ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਅਦਾਲਤ ਵੱਲੋਂ ਬਾਦਲਾਂ ਨੂੰ ਵੱਡਾ ਝਟਕਾ
Tuesday, Mar 14, 2023 - 09:50 AM (IST)
ਫਰੀਦਕੋਟ (ਜਗਦੀਸ਼) : ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੁਲਸ ਵੱਲੋਂ 14 ਅਕਤੂਬਰ 2015 ਨੂੰ ਸੰਗਤਾਂ ਉੱਪਰ ਦਰਜ ਕੀਤੀ ਐੱਫ. ਆਈ. ਆਰ. ਨੰਬਰ 192 ਵਿਚ ਸਿੱਖ ਸੰਗਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜਦੋਂਕਿ 4 ਉੱਚ ਪੁਲਸ ਅਧਿਕਾਰੀ ਨਾਮਜ਼ਦ ਵੀ ਕਰ ਦਿੱਤੇ ਗਏ ਹਨ ਪਰ ਉਕਤ ਘਟਨਾ ਨਾਲ ਬਾਦਲਾਂ ਨੂੰ ਝਟਕਾ ਲੱਗਣਾ ਸੁਭਾਵਕ ਹੈ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਅਦਾਲਤ ’ਚ ਚਲਾਨ ਰਿਪੋਰਟਾਂ ਦੀਆਂ ਕਾਪੀਆਂ ਮੰਗਣ ਦੀ ਲਾਈ ਅਰਜ਼ੀ ਖਾਰਿਜ ਹੋਣ ਨਾਲ ਉਨ੍ਹਾਂ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਪਿਛਲੇ ਦਿਨੀਂ ਐੱਸ. ਆਈ. ਟੀ. ਵੱਲੋਂ 7 ਹਜ਼ਾਰ ਪੰਨਿਆਂ ਦੀ ਚਲਾਨ ਰਿਪੋਰਟ ਦੀਆਂ ਕਾਪੀਆਂ ਦੇਣ ਤੋਂ ਪਹਿਲਾਂ ਬਾਦਲਾਂ ਨੂੰ ਅਦਾਲਤ ’ਚ ਪੇਸ਼ ਹੋਣ ਦੀ ਹਦਾਇਤ ਕਰਦਿਆਂ ਉਕਤ ਅਰਜ਼ੀ ਖਾਰਿਜ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ
ਇਸੇ ਤਰ੍ਹਾਂ ਇਕ ਹੋਰ ਉੱਚ ਪੁਲਸ ਅਧਿਕਾਰੀ ਸੁਖਮੰਦਰ ਸਿੰਘ ਮਾਨ ਨੇ ਵੀ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਵਾਸਤੇ ਅਤੇ ਚਲਾਨ ਰਿਪੋਰਟ ਦੀਆਂ ਕਾਪੀਆਂ ਮੰਗਣ ਲਈ 2 ਵੱਖ-ਵੱਖ ਅਦਾਲਤਾਂ ’ਚ ਅਰਜ਼ੀਆਂ ਲਾਈਆਂ ਹਨ, ਜਿਨ੍ਹਾਂ ’ਤੇ 14 ਮਾਰਚ ਨੂੰ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ : ਹੋਲੇ ਮਹੱਲੇ ਮੌਕੇ ਹੁੱਲੜਬਾਜ਼ੀ ਨੂੰ ਠੱਲ੍ਹ ਪਾਉਣ ਲਈ ਨਿਹੰਗ ਸਿੰਘ ਜਥੇਬੰਦੀਆਂ ਨੇ ਲਿਆ ਵੱਡਾ ਫ਼ੈਸਲਾ
ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਐੱਸ. ਆਈ. ਟੀ. ਵੱਲੋਂ ਪਿਛਲੇ ਮਹੀਨੇ 24 ਫਰਵਰੀ ਨੂੰ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ਅਦਾਲਤ ’ਚ 7 ਹਜ਼ਾਰ ਪੰਨਿਆਂ ਦੀ ਚਲਾਨ ਰਿਪੋਰਟ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ, ਅਮਰ ਸਿੰਘ ਚਾਹਲ, ਸੁਖਮੰਦਰ ਸਿੰਘ ਮਾਨ, ਚਰਨਜੀਤ ਸ਼ਰਮਾ ਅਤੇ ਗੁਰਦੀਪ ਸਿੰਘ ਪੰਧੇਰ ਨੂੰ 23 ਮਾਰਚ ਲਈ ਅਦਾਲਤ ’ਚ ਤਲਬ ਕਰ ਲਿਆ ਸੀ।
ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ