ਕੋਵਿਡ-19 : ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਤੇ ਆਮ ਲੋਕਾਂ ਲਈ ਜਾਗਰੂਕਤਾ ਮੁਹਿੰਮ ਦਾ ਆਗਾਜ਼
Thursday, Apr 29, 2021 - 01:06 AM (IST)
ਲੁਧਿਆਣਾ, (ਵਿੱਕੀ)- ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕੋਰੋਨਾ ਦੇ ਸਬੰਧ ’ਚ ਫਿਰ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਕਾਰਨ ਕਾਫੀ ਚਿੰਤਤ ਹੈ ਅਤੇ ਉਨ੍ਹਾਂ ਨੇ ਆਮ ਲੋਕਾਂ, ਖਾਸ ਤੌਰ ’ਤੇ ਵਿਦਿਆਰਥੀਆਂ ਨੂੰ ਇਸ ਬੀਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਇਸ ਲਈ ਸਕੂਲ ਸਿੱਖਿਆ ਵਿਭਾਗ ਨੇ ਬੀਤੇ ਸਾਲ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਅਤੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਦੌਰਾਨ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 3 ਮਈ ਤੋਂ ਪੂਰੇ ਪੰਜਾਬ ’ਚ ਰੈਵੇਨਿਊ ਅਧਿਕਾਰੀ ਜਾ ਸਕਦੇ ਨੇ ਮੁਕੰਮਲ ਹੜਤਾਲ ’ਤੇ
ਸਿੱਖਿਆ ਵਿਭਾਗ ਵੱਲੋਂ ਇਸ ਲੁਹਿੰਮ ਲਈ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕੋਵਿਡ ਤੋਂ ਬਚਣ ਲਈ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ’ਤੇ ਪ੍ਰਚਾਰ ਸਮੱਗਰੀ ਪਾਈ ਜਾ ਰਹੀ ਹੈ। ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕਿਆਂ ਸਬੰਧੀ ਦੱਸਣ ਦੇ ਨਾਲ ਹੀ ਮਾਸਕ ਪਹਿਨਣ ਅਤੇ ਘਰੋਂ ਬਾਹਰ ਜਾਣ ਸਮੇਂ ਆਪਸੀ ਦੂਰੀ ਬਣਾ ਕੇ ਰੱਖਣ ਲਈ ਕਿਹਾ ਜਾ ਰਿਹਾ ਹੈ। ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਹੀ ਮਰੀਜ਼ ਨਾਲ ਸਨੇਹ ਭਰਿਆ ਵਿਵਹਾਰ ਕਾਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
ਇਸ ਦੇ ਨਾਲ ਹੀ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਲੋਕਾਂ ਦੀ ਨਿਰਧਾਰਤ ਗਿਣਤੀ ਦੇ ਸਬੰਧ ਵਿਚ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਇਨ੍ਹਾਂ ਸਾਵਧਾਨੀਆਂ ਵੀ ਵਰਤੋਂ ਨਾਲ ਕੋਵਿਡ-19 ਦਾ ਫੈਲਾਅ ਰੋਕਣ ਵਿਚ ਕਾਫੀ ਮਦਦ ਮਿਲ ਸਕਦੀ ਹੈ।