ਕੋਵਿਡ-19 : ਲੁਧਿਆਣਾ ਜ਼ਿਲ੍ਹੇ ’ਚ 5 ਥਾਵਾਂ ’ਤੇ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ

01/17/2021 2:19:10 AM

ਲੁਧਿਆਣਾ, (ਸਹਿਗਲ)- ਹੀਰੋ ਡੀ. ਐੱਮ. ਸੀ. ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਰਾਜ ਵਿਚ ਕੋਰੋਨਾ ਵਾਇਰਸ ਦੇ ਅੰਤ ਦੀ ਸ਼ੁਰੂਆਤ ਹੋ ਗਈ ਹੈ। ਅੱਜ ਪ੍ਰਦੇਸ਼ ’ਚ 59 ਥਾਵਾਂ ’ਤੇ ਅਤੇ ਲੁਧਿਆਣਾ ਵਿਚ 5 ਥਾਵਾਂ ’ਤੇ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੜਾਅ ਵਿਚ ਉਨ੍ਹਾਂ ਦੇ ਕੋਲ 2 ਲੱਖ ਡੋਜ਼ ਪੁੱਜੀ ਹੈ, ਜਿਸ ਦੇ ਤਹਿਤ 1 ਲੱਖ 74 ਹਜ਼ਾਰ ਲਾਭਪਾਤਰੀਆਂ ਨੂੰ ਵੈਕਸੀਨ ਲਗਾਈ ਜਾਵੇਗੀ।

ਇਕ ਮਰੀਜ਼ ਦੀ ਮੌਤ, 36 ਨਵੇਂ ਪਾਜ਼ੇਟਿਵ ਆਏ ਸਾਹਮਣੇ
ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਨਾਲ ਇਕ ਮਰੀਜ਼ ਦੀ ਮੌਤ ਹੋ ਗਈ, ਜਦੋਂਕਿ 36 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਮੁਤਾਬਕ ਮ੍ਰਿਤਕ ਮਰੀਜ਼ ਜਲੰਧਰ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਅੱਜ ਸਾਹਮਣੇ ਆਏ 36 ਅਹੁਦੇ ਟੀਮ ਮਰੀਜ਼ਾਂ ’ਚੋਂ 26 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 6 ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਮਹਾਨਗਰ ਵਿਚ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 25,265 ਹੋ ਗਈ ਹੈ। ਇਨ੍ਹਾਂ ’ਚੋਂ 980 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬਾਹਰੀ ਜ਼ਿਲ੍ਹਿਆਂ ਜਾਂ ਸੂਬਿਆਂ ਤੋਂ ਇਲਾਜ ਕਰਵਾਉਣ ਆਏ ਮਰੀਜ਼ਾਂ ਵਿਚੋਂ 3816 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾ ਵਿਚੋਂ 466 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 23,986 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਮੌਜੂਦਾ ਸਮੇਂ ਵਿਚ 299 ਐਕਟਿਵ ਮਰੀਜ਼ ਰਹਿ ਗਏ ਹਨ।

1996 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਜ਼ਿਲ੍ਹੇ ’ਚ ਅੱਜ 1996 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚ 1496 ਸੈਂਪਲ ਸਿਹਤ ਵਿਭਾਗ ਵੱਲੋਂ, ਜਦੋਂਕਿ 500 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਲਏ ਗਏ ਹਨ। ਸਿਹਤ ਅਧਿਕਾਰੀਆਂ ਮੁਤਾਬਕ ਪਹਿਲਾਂ ਤੋਂ ਭੇਜੇ ਗਏ ਸੈਂਪਲਾਂ ’ਚੋਂ 1381 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ।

32 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ
ਕੱਲ ਜ਼ਿਲ੍ਹੇ ਵਿਚ ਸਾਹਮਣੇ ਆਏ 35 ਪਾਜ਼ੇਟਿਵ ਮਰੀਜ਼ਾਂ ’ਚੋਂ 32 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜ ਦਿੱਤਾ ਗਿਆ ਹੈ, ਜਿਸ ਨਾਲ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ 226 ਹੋ ਗਈ ਹੈ। ਇਸ ਤੋਂ ਇਲਾਵਾ 65 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਗਿਆ ਹੈ।

ਸਰਕਾਰੀ ਹਸਪਤਾਲਾਂ ’ਚ ਰਹਿ ਗਏ 3 ਮਰੀਜ਼
ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਵਾਇਰਸ ਦੇ 3 ਪਾਜ਼ੇਟਿਵ ਮਰੀਜ਼ ਰਹਿ ਗਏ ਹਨ, ਜਦੋਂਕਿ ਨਿੱਜੀ ਹਸਪਤਾਲਾਂ ਵਿਚ 77 ਮਰੀਜ਼ ਭਰਤੀ ਹਨ। ਇਨ੍ਹਾਂ ’ਚੋਂ 3 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਗੰਭੀਰ ਮਰੀਜ਼ਾਂ ਵਿਚ 2 ਜ਼ਿਲ੍ਹੇ ਦੇ ਰਹਿਣ ਵਾਲੇ, ਜਦੋਂਕਿ ਇਕ-ਦੂਜੇ ਜ਼ਿਲ੍ਹੇ ਨਾਲ ਸਬੰਧਤ ਹਨ।

Bharat Thapa

This news is Content Editor Bharat Thapa