''ਪੰਜਾਬ ਯੂਥ ਵਿਕਾਸ ਬੋਰਡ'' ਵੱਲੋਂ ਸੂਬੇ ਭਰ ''ਚ ਲਾਏ ਗਏ 33 ਕੋਵਿਡ ਟੀਕਾਕਰਨ ਕੈਂਪ

Friday, May 07, 2021 - 04:14 PM (IST)

''ਪੰਜਾਬ ਯੂਥ ਵਿਕਾਸ ਬੋਰਡ'' ਵੱਲੋਂ ਸੂਬੇ ਭਰ ''ਚ ਲਾਏ ਗਏ 33 ਕੋਵਿਡ ਟੀਕਾਕਰਨ ਕੈਂਪ

ਚੰਡੀਗੜ੍ਹ : ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਬੋਰਡ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 33 ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਉਹ ਪੰਜਾਬ ਯੂਥ ਵਿਕਾਸ ਬੋਰਡ ਦੇ ਸਾਰੇ ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਅਸੀਂ ਕੋਵਿਡ ਮਹਾਮਾਰੀ ਨਾਲ ਨਜਿੱਠਣ ਦੇ ਯੋਗ ਹੋ ਸਕੀਏ। ਕੋਵਿਡ-19 ਮਹਾਮਾਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦਿਆਂ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਹੁਣ ਤੱਕ ਸੂਬੇ ਵਿੱਚ ਕੁੱਲ 33 ਕੋਵਿਡ-19 ਟੀਕਾਕਰਨ ਕੈਂਪ ਲਗਾਏ ਗਏ ਹਨ।

ਬਿੰਦਰਾ ਨੇ ਬੀਤੇ ਦਿਨ ਲੁਧਿਆਣਾ ਦੇ ਦੁੱਗਰੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਇਸ ਤਰ੍ਹਾਂ ਦੇ ਦੋ ਕੈਂਪਾਂ ਦਾ ਉਦਘਾਟਨ ਕੀਤਾ, ਜਦੋਂ ਕਿ ਬੀਤੇ ਦਿਨ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਵੀ ਇੱਕ-ਇੱਕ ਕੈਂਪ ਲਗਾਇਆ ਗਿਆ। ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਕੋਵਿਡ ਟੀਕਾ ਲਗਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਟੀਕੇ ਦੀ ਖ਼ੁਰਾਕ ਲਗਵਾਉਣ ਲਈ ਠੋਸ ਯਤਨ ਕਰ ਰਹੀ ਹੈ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਅਧੀਨ ਕਵਰ ਕਰਨਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਚੇਅਰਮੈਨ ਨੇ ਕਿਹਾ ਕਿ ਸਿਰਫ ਟੀਕਾਕਰਨ ਦੀ ਤੇਜ਼ ਮੁਹਿੰਮ ਨਾਲ ਵੱਧ ਤੋਂ ਵੱਧ ਲੋਕਾਂ ਵਿੱਚ ਰੋਗ ਪ੍ਰਤੀਰੋਧ ਸ਼ਕਤੀ ਵਧਾਈ ਜਾ ਸਕਦੀ ਹੈ, ਜਿਸ ਨਾਲ ਇਸ ਬੀਮਾਰੀ ਦੇ ਫੈਲਾਅ ਦੀ ਕੜੀ ਨੂੰ ਤੋੜਿਆ ਜਾ ਸਕਦਾ ਹੈ। ਉਨ੍ਹਾਂ ਨੇ ਅਜਿਹੇ ਲੋਕ ਹਿੱਤ ਕਾਰਜਾਂ ਲਈ ਹਮੇਸ਼ਾ ਪੰਜਾਬ ਯੂਥ ਵਿਕਾਸ ਬੋਰਡ ਦਾ ਸਾਥ ਦੇਣ ਲਈ ਸਨਅਤਕਾਰਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।    
 


author

Babita

Content Editor

Related News