ਹੱਡਾ-ਰੋੜੀ 'ਚ ਗਊ ਹੱਤਿਆ ਦਾ ਪਰਦਾਫਾਸ਼! ਕਈ ਗਾਵਾਂ ਰੈਸਕਿਊ, ਜਾਂਚ ਸ਼ੁਰੂ
Sunday, Jul 26, 2026 - 04:37 PM (IST)
ਫਿਰੋਜ਼ਪੁਰ (ਸੰਨੀ ਚੋਪੜਾ, ਸੋਨੂੰ ਚੋਪੜਾ) : ਫਿਰੋਜ਼ਪੁਰ ਸ਼ਹਿਰ ਦੀ ਬਸਤੀ ਨਿਜ਼ਾਮਦੀਨ ਨੇੜੇ ਸਥਿਤ ਹੱਡਾ-ਰੋੜੀ ਵਿਖੇ ਕਥਿਤ ਗਊ ਹੱਤਿਆ ਦੀ ਸੂਚਨਾ ਮਿਲਣ ਤੋਂ ਬਾਅਦ ਸ੍ਰੀ ਕ੍ਰਿਸ਼ਨਾ ਗਊ ਧਾਮ ਦੇ ਮੁੱਖ ਸੇਵਾਦਾਰ ਹਰਭਜਨ ਸਿੰਘ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦਾ ਦਾਅਵਾ ਹੈ ਕਿ ਉੱਥੇ ਕੁੱਝ ਮ੍ਰਿਤ ਅਤੇ ਕੁੱਝ ਜੀਵਤ ਗਾਵਾਂ ਮਿਲੀਆਂ, ਜਿਨ੍ਹਾਂ ਵਿੱਚੋਂ ਕਈਆਂ ਨੂੰ ਰੈਸਕਿਊ ਕੀਤਾ ਗਿਆ। ਇਸ ਮੌਕੇ ਪੁਲਸ ਵੀ ਮੌਜੂਦ ਸੀ। ਹਰਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਹੱਡਾ-ਰੋੜੀ ਵਿਖੇ ਗਾਵਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵੱਢਿਆ ਜਾਂਦਾ ਹੈ ਅਤੇ ਕੁੱਝ ਗਾਵਾਂ ਨੂੰ ਵੱਢਣ ਦੀ ਨੀਅਤ ਨਾਲ ਉੱਥੇ ਲਿਆਂਦਾ ਗਿਆ ਹੈ। ਉਨ੍ਹਾਂ ਮੁਤਾਬਕ ਉਹ ਪਿਛਲੇ 10 ਤੋਂ 15 ਦਿਨਾਂ ਤੋਂ ਇਸ ਮਾਮਲੇ 'ਤੇ ਨਜ਼ਰ ਰੱਖ ਰਹੇ ਸਨ। ਉਨ੍ਹਾਂ ਦਾ ਦਾਅਵਾ ਹੈ ਕਿ ਜਦੋਂ ਉਹ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇ ਸਾਹਮਣੇ ਹੀ ਇੱਕ ਗਾਂ ਨੂੰ ਵੱਢਿਆ ਗਿਆ।
ਹਰਭਜਨ ਸਿੰਘ ਨੇ ਇਹ ਵੀ ਦੋਸ਼ ਲਗਾਇਆ ਕਿ ਮੌਕੇ 'ਤੇ ਮੌਜੂਦ ਵਿਅਕਤੀਆਂ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਹਮਲਾ ਕੀਤਾ। ਇਸ ਦੌਰਾਨ ਪੁਲਸ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੂੰ ਦੇਖ ਕੇ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਸਥਿਤੀ ਨੂੰ ਕਾਬੂ ਵਿੱਚ ਕਰਦਿਆਂ ਕਈ ਗਾਵਾਂ ਨੂੰ ਰੈਸਕਿਊ ਕਰਕੇ ਸ੍ਰੀ ਕ੍ਰਿਸ਼ਨਾ ਗਊ ਧਾਮ ਭੇਜ ਦਿੱਤਾ। ਸਾਬਕਾ ਐੱਮ. ਸੀ. ਬੇਅੰਤ ਸਿੰਘ ਨੇ ਵੀ ਦੱਸਿਆ ਕਿ ਉਹ ਹਰਭਜਨ ਸਿੰਘ ਦੇ ਨਾਲ ਮੌਕੇ 'ਤੇ ਮੌਜੂਦ ਸਨ ਅਤੇ ਉਨ੍ਹਾਂ ਨੇ ਮਿਲ ਕੇ ਕਈ ਗਾਵਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਸ਼ੂ-ਪਾਲਣ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਕੇ ਸੈਂਪਲ ਇਕੱਠੇ ਕਰੇਗੀ ਅਤੇ ਲੋੜੀਂਦੀ ਜਾਂਚ ਕਰੇਗੀ, ਜਿਸ ਤੋਂ ਬਾਅਦ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉੱਧਰ ਡੀ. ਐੱਸ. ਪੀ. ਫਿਰੋਜ਼ਪੁਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਨੇ ਤੁਰੰਤ ਮੌਕੇ 'ਤੇ ਦਬਿਸ਼ ਦਿੱਤੀ। ਉਨ੍ਹਾਂ ਕਿਹਾ ਕਿ ਕੁੱਝ ਸ਼ੱਕੀ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਸਬੂਤਾਂ ਅਤੇ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
