''ਆਪ'' ਦੇ ਵਰਕਰ ਨੇ ਪਤਨੀ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ

12/20/2017 4:22:50 AM

ਬਠਿੰਡਾ(ਵਰਮਾ)-ਆਮ ਆਦਮੀ ਪਾਰਟੀ ਦੇ ਪਿੰਡ ਤਾਜੋਕੇ ਪ੍ਰਧਾਨ ਅਮਨਦੀਪ ਸਿੰਘ ਨੇ ਆਪਣੀ ਪਤਨੀ ਨੂੰ ਬਹਿਰਮੀ ਨਾਲ ਕੁੱਟਮਾਰ ਕਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ ਨੂੰ ਇਲਾਜ ਲਈ ਉਸ ਦੇ ਪੇਕੇ ਵਾਲਿਆਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ। ਪੀੜਤ ਕਿਰਨਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੇ ਆਪਣੀ ਦਾਸਤਾਂ ਸੁਣਾਉਂਦਿਆਂ ਕਿਹਾ ਕਿ 15 ਸਾਲ ਪਹਿਲਾਂ ਉਸ ਦਾ ਵਿਆਹ ਅਮਨਦੀਪ ਸਿੰਘ ਨਾਲ ਹੋਇਆ ਸੀ। ਦਰਜੀ ਦਾ ਕੰਮ ਕਰਨ ਵਾਲਾ ਅਮਨਦੀਪ ਸਿੰਘ ਸ਼ਰਾਬ ਪੀਣ ਦਾ ਆਦੀ ਹੈ, ਜੋ ਨਸ਼ੇ ਦੀ ਹਾਲਤ 'ਚ ਉਸ ਦੀ ਕੁੱਟਮਾਰ ਕਰਦਾ ਹੈ। ਪੀੜਤ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੇ ਘਰ 2 ਲੜਕੀਆਂ ਤੇ 1 ਲੜਕੇ ਦਾ ਜਨਮ ਹੋਇਆ। ਪੀੜਤਾ ਨੇ ਆਪਣੀ ਪਿੱਠ 'ਤੇ ਕੁੱਟਮਾਰ ਦੇ ਜ਼ਖਮ ਦਿਖਾਉਂਦਿਆਂ ਕਿਹਾ ਕਿ ਉਸ ਦਾ ਪਤੀ ਰੋਜ਼ਾਨਾ ਸ਼ਰਾਬ ਪੀ ਕੇ ਉਸ ਨਾਲ ਕੁੱਟਮਾਰ ਕਰਦਾ ਹੈ। ਸੋਮਵਾਰ ਨੂੰ ਤਾਂ ਹੱਦ ਹੀ ਹੋ ਗਈ, ਜਦੋਂ ਰਾਤ ਵੇਲੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਘਰੋਂ ਬਾਹਰ ਕੱਢ ਦਿੱਤਾ। ਉਹ ਕਿਸੇ ਤਰ੍ਹਾਂ ਆਪਣੇ ਪੇਕੇ ਲਾਲ ਸਿੰਘ ਬਸਤੀ ਪਹੁੰਚੀ, ਜਿਥੇ ਉਸ ਦੇ ਪਿਤਾ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਇਸ ਸਬੰਧ 'ਚ ਪੁਲਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਪੁਲਸ ਮੁਖੀ ਨੇ ਉਨ੍ਹਾਂ ਦਾ ਬਿਆਨ ਦਰਜ ਕਰ ਲਿਆ ਹੈ, ਜਿਸ 'ਤੇ ਕਾਰਵਾਈ ਕੀਤੀ ਜਾ ਰਹੀ ਹੈ।


Related News