ਅਖੌਤੀ ਸ਼ਰਾਬ ਮਾਫੀਆ ਵੱਲੋਂ ਮਿਲਣ ਲੱਗੀਆਂ ਧਮਕੀਆਂ

Tuesday, Mar 06, 2018 - 12:50 AM (IST)

ਅਖੌਤੀ ਸ਼ਰਾਬ ਮਾਫੀਆ ਵੱਲੋਂ ਮਿਲਣ ਲੱਗੀਆਂ ਧਮਕੀਆਂ

ਮਮਦੋਟ(ਸੰਜੀਵ, ਧਵਨ, ਸ਼ਰਮਾ, ਜਸਵੰਤ)—ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਪਿੰਡ ਛਾਂਗਾ ਖੁਰਦ ਵਿਖੇ ਵੇਚੀ ਜਾ ਰਹੀ ਨਾਜਾਇਜ਼ ਸ਼ਰਾਬ ਦੀ ਵਾਇਰਲ ਹੋਈ ਵੀਡੀਓ ਤੋਂ ਭੜਕੇ ਅਖੌਤੀ ਸ਼ਰਾਬ ਮਾਫੀਆ ਵੱਲੋਂ ਸਥਾਨਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਥਾਣਾ ਮਮਦੋਟ ਦੀ ਪੁਲਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ। ਗ੍ਰੰਥੀ ਸਿੰਘ ਨਿਸ਼ਾਨ ਸਿੰਘ ਖਾਲਸਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਪਿੰਡ ਦੇ 3-4 ਵਿਅਕਤੀ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਸਥਿਤ ਦੁਕਾਨਾਂ ਦੇ ਬਾਹਰ ਖੁੱਲ੍ਹੇਆਮ ਨਾਜਾਇਜ਼ ਸ਼ਰਾਬ ਵੇਚ ਰਹੇ ਹਨ, ਜਿਸ ਕਾਰਨ ਸ਼ਰਾਬੀਆਂ ਦਾ ਲਗਾਤਾਰ ਤਾਂਤਾ ਲੱਗਾ ਰਹਿੰਦਾ ਹੈ। ਸ਼ਾਮ ਦੇ ਸਮੇਂ ਸ਼ਰਾਬੀਆਂ ਦੀ ਗਿਣਤੀ ਵਧ ਜਾਂਦੀ ਹੈ ਅਤੇ ਗਾਲੀ-ਗਲੋਚ ਤੋਂ ਇਲਾਵਾ ਲੜਾਈ-ਝਗੜਾ ਆਮ ਹੋ ਚੁੱਕਾ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਅਤੇ ਔਰਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪੀੜਤ ਗ੍ਰੰਥੀ ਸਿੰਘ ਨੇ ਕਿਹਾ ਕਿ ਮਮਦੋਟ ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਭਾਵੇਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਬਾਕੀ ਦੇ ਅਖੌਤੀ ਦੋ-ਤਿੰਨ ਦੁਕਾਨਦਾਰ ਹਾਲੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਫਸਾਉਣ ਵਗਰੀਆਂ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਭਵਿੱਖ 'ਚ ਉਸ ਦਾ ਕੋਈ ਵੀ ਜਾਨੀ-ਮਾਲੀ ਨੁਕਸਾਨ ਕਰ ਸਕਦੇ ਹਨ, ਜਿਸ ਲਈ ਥਾਣਾ ਮਮਦੋਟ ਵਿਖੇ ਸ਼ਿਕਾਇਤ ਦੇ ਦਿੱਤੀ ਗਈ ਹੈ। ਪਿੰਡ ਦੇ ਬਾਬਾ ਕਰਨੈਲ ਸਿੰਘ, ਮਹਿੰਦਰ ਸਿੰਘ, ਵੀਰ ਸਿੰਘ, ਬੁੱਧ ਸਿੰਘ, ਮੁਖਤਿਆਰ ਸਿੰਘ ਅਤੇ ਵਜ਼ੀਰ ਸਿੰਘ ਫੌਜੀ ਨੇ ਪ੍ਰਸ਼ਾਸਨ ਅਤੇ ਸਮੂਹ ਸਿੱਖ ਜਥੇਬੰਦੀਆਂ ਤੋਂ ਮੰਗ ਕੀਤੀ ਹੈ ਕਿ ਗ੍ਰੰਥੀ ਸਿੰਘ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਕਤ ਵਿਅਕਤੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। 
ਕੀ ਕਹਿਣਾ ਹੈ ਥਾਣਾ ਮੁਖੀ ਦਾ
ਥਾਣਾ ਮੁਖੀ ਜਤਿੰਦਰ ਸਿੰਘ ਨੇ ਕਿਹਾ ਕਿ ਇਲਾਕੇ 'ਚ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਸ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਹੀ ਚੌਕਸ ਹੈ। ਉਨ੍ਹਾਂ ਕਿਹਾ ਕਿ ਪੀੜਤ ਗ੍ਰੰਥੀ ਸਿੰਘ ਦੀ ਸ਼ਿਕਾਇਤ 'ਤੇ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾਵੇਗੀ ਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


Related News