ਜ਼ਮਾਨਤ ਤੋਂ ਬਾਅਦ ਮੁੜ ਹੋਈ ਦੀਪ ਸਿੱਧੂ ਦੀ ਗ੍ਰਿਫ਼ਤਾਰੀ, ਜਾਣੋ ਕੀ ਹੈ ਪੂਰਾ ਮਾਮਲਾ

Saturday, Apr 17, 2021 - 04:23 PM (IST)

ਜ਼ਮਾਨਤ ਤੋਂ ਬਾਅਦ ਮੁੜ ਹੋਈ ਦੀਪ ਸਿੱਧੂ ਦੀ ਗ੍ਰਿਫ਼ਤਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਨਵੀਂ ਦਿੱਲੀ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਦੀਪ ਸਿੱਧੂ ਦੀ ਮੁੜ ਗਿ੍ਰਫ਼ਤਾਰੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਨੂੰ ਇਕ ਹੋਰ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਗਿਆ ਹੈ। ਏ. ਐੱਸ. ਆਈ. ਵਿਭਾਗ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ’ਚ ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ’ਤੇ ਅੱਜ ਗਿ੍ਰਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਦਿੱਲੀ ਸਥਿਤ ਸਥਾਨਕ ਕੋਰਟ ਤੋਂ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਇਕ ਪੁਰਾਣੇ ਮਾਮਲੇ ’ਚ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਸੀ ਪਰ ਦੂਜੇ ਮਾਮਲੇ ’ਚ ਉਸ ਨੂੰ ਨਾਲ ਹੀ ਗਿ੍ਰਫ਼ਤਾਰ ਕਰ ਲਿਆ ਗਿਆ। 

ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਅੱਜ ਹੀ ਸਵੇਰੇ ਜ਼ਮਾਨਤ ਮਿਲੀ ਸੀ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਸੀ। ਤੀਸ ਹਜ਼ਾਰੀ ਅਦਾਲਤ ਨੇ ਆਪਣੇ ਹੁਕਮ 'ਚ ਕਿਹਾ ਹੈ ਕਿ ਦੀਪ ਸਿੱਧੂ ਜਾਂਚ 'ਚ ਪੁਲਸ ਦੀ ਮਦਦ ਕਰੇਗਾ ਅਤੇ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰੇਗਾ। ਆਪਣੇ ਫੋਨ ਨੂੰ 24 ਘੰਟੇ ਆਨ ਰੱਖੇਗਾ ਅਤੇ ਆਪਣੀ ਲੌਕੇਸ਼ਨ ਦੀ ਜਾਣਕਾਰੀ ਜਾਂਚ ਅਧਿਕਾਰੀ ਨੂੰ ਦਵੇਗਾ।

PunjabKesari
ਕੀ ਸੀ ਪੂਰਾ ਮਾਮਲਾ

ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 

8 ਫਰਵਰੀ ਦੀ ਰਾਤ ਦੀਪ ਸਿੱਧੂ ਨੂੰ ਕਰਨਾਲ ਬਾਈਪਾਸ ਤੋਂ ਕੀਤਾ ਸੀ ਗ੍ਰਿਫ਼ਤਾਰ 

ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।


author

sunita

Content Editor

Related News