ਕਿਸਾਨਾਂ ਨੂੰ ਮਿਲਣ ਡਾ: ਸਵਾਮੀਨਾਥਨ ਦੀ ਰਿਪੋਰਟ ਤਹਿਤ ਫਸਲਾਂ ਦੇ ਭਾਅ-ਸੁਖਦੇਵ ਸਿੰਘ

6/6/2020 5:59:06 PM

ਸ੍ਰੀ ਮੁਕਤਸਰ ਸਾਹਿਬ(ਪਵਨ ਤਨੇਜਾ, ਖ਼ੁਰਾਣਾ) - ਕਿਸਾਨੀ ਮੰਗਾਂ ਦੀ ਪੂਰਤੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਸੱਦੇ ’ਤੇ ਡਿਪਟੀ ਕਮਿਸ਼ਨਰ ਜ਼ਰੀਏ ਪੰਜਾਬ ਦੇ ਮੁੱਖ ਮੰਤਰੀ ਤੱਕ ਮੰਗ ਪੱਤਰ ਭੇਜਿਆ ਗਿਆ। ਕਿਸਾਨਾਂ ਨੇ ਇਹ ਮੰਗ ਪੱਤਰ ਤਹਿਸੀਲਦਾਰ ਦੇ ਸਪੁਰਦ ਕੀਤਾ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਨਵਾਂ ਮੰਡੀ ਐਕਟ ਰੱਦ ਕਰੇ, ਡਾ: ਸਵਾਮੀਨਾਥਨ ਦੀ ਰਿਪੋਰਟ ਲਾਗੂ ਹੋਵੇ ਅਤੇ ਖੁਦਕੁਸੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਪ੍ਰਬੰਧ ਕੀਤਾ ਜਾਵੇ।

ਜਾਣਕਾਰੀ ਦਿੰਦਿਆ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਨੇ ਦੱਸਿਆ ਕਿ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਡਾ: ਸਵਾਮੀਨਾਥਨ ਦੀ ਰਿਪੋਰਟ ਤਹਿਤ ਕਿਸਾਨਾਂ ਨੂੰ ਫਸਲਾਂ ਦੇ ਭਾਅ ਦਿੱਤੇ ਜਾਣ ਅਤੇ ਬਿਜਲੀ ਐਕਟ 2020 ਨੂੰ ਫੌਰੀ ਤੌਰ ’ਤੇ ਰੱਦ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦੇਸ਼ ਅੰਦਰ ਕਿਸਾਨ ਵੱਡੀ ਗਿਣਤੀ ਵਿਚ ਖੁਦਕੁਸ਼ੀਆਂ ਕਰ ਰਹੇ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਖੁਦਕੁਸ਼ੀ ਪੀੜ੍ਹਤ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਅਜਿਹੇ ਕਿਸਾਨਾਂ ਦੇ ਸਮੁੱਚੇ ਕਰਜ਼ ’ਤੇ ਲੀਕ ਮਾਰੀ ਜਾਵੇ। ਇਸ ਤੋਂ ਇਲਾਵਾ ਨਵੀਂ ਮੰਡੀ ਐਕਟ ਨੂੰ ਰੱਦ ਕਰਨ, ਫ਼ਸਲ ਵੇਚ ਸਬੰਧੀ ਨਵੇਂ ਨਿਯਮ ਰੱਦ ਕਰਨ, ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਖ਼ਤਮ ਕਰਨ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਮੰਗਾਂ ਲਈ ਅੱਜ ਵਫ਼ਦ ਵੱਲੋਂ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ।

ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਤਾਂ ਉਹ ਸੰਘਰਸ਼ ਲਈ ਅਗਲਾ ਪ੍ਰੋਗਰਾਮ ਉਲੀਕਣਗੇ। ਇਸ ਮੌਕੇ ਜਰਨੈਲ ਸਿੰਘ, ਖੁਸ਼ਵੰਤ ਸਿੰਘ, ਗੋਰਾ ਸਿਘੰ, ਗੁਰਦਿਆਲ ਸਿੰਘ, ਬੂਟਾ ਸਿੰਘ, ਮੁਖਤਿਆਰ ਸਿੰਘ, ਗੁਰਦੇਵ ਸਿੰਘ, ਬਲਕਾਰ ਸਿੰਘ ਤੇ ਮਨਜੀਤ ਸਿੰਘ ਆਦਿ
ਕਿਸਾਨ ਆਗੂ ਹਾਜ਼ਰ ਸਨ।


Harinder Kaur

Content Editor Harinder Kaur