ਪੰਜਾਬ ਵਿਚ ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ ‘ਤੇ ਖਰਚੇ ਜਾਣਗੇ 1963 ਕਰੋੜ ਰੁਪਏ-ਬ੍ਰਹਮ ਸ਼ੰਕਰ ਜਿੰਪਾ

Tuesday, Jan 17, 2023 - 01:49 AM (IST)

ਪੰਜਾਬ ਵਿਚ ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ ‘ਤੇ ਖਰਚੇ ਜਾਣਗੇ 1963 ਕਰੋੜ ਰੁਪਏ-ਬ੍ਰਹਮ ਸ਼ੰਕਰ ਜਿੰਪਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ 1700 ਪਿੰਡਾਂ ਲਈ 1963 ਕਰੋੜ ਰੁਪਏ ਦੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਆਰੰਭੇ ਗਏ ਹਨ। ਇਨ੍ਹਾਂ 'ਚੋਂ 578 ਕਰੋੜ ਰੁਪਏ ਦੇ ਪ੍ਰਾਜੈਕਟ ਸਿਰਫ਼ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਲਈ ਹਨ। ਇਹ ਰਾਸ਼ੀ ਅਬੋਹਰ, ਬੱਲੂਆਣਾ ਅਤੇ ਖੂਹੀਆ ਸਰਵਰ ਖੇਤਰਾਂ ਵਿਚ ਖਰਚ ਕੀਤੀ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰਾਜੈਕਟ ਉਲੀਕੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਸਾਈਬਰ ਠੱਗਾਂ ਕਾਰਨ 2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਠੱਗੀ ਦਾ ਸ਼ਿਕਾਰ ਹੋ ਕੇ ਹੋਇਆ ਸੀ ਕਰਜ਼ਾਈ

ਜਿੰਪਾ ਨੇ ਕਿਹਾ ਕਿ ਪਿਛਲੇ ਹਫਤੇ ਉਨ੍ਹਾਂ ਭੋਪਾਲ ਵਿਖੇ ਕੌਮੀ ਕਾਨਫਰੰਸ ‘ਵਾਟਰ ਵਿਜ਼ਨ 2047’ ਵਿਚ ਹਿੱਸਾ ਲੈ ਕੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਮਾੜੀ ਕੁਆਲਿਟੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ ਸੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ ‘ਚੋਂ ਇਕ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ।

ਇਹ ਖ਼ਬਰ ਵੀ ਪੜ੍ਹੋ - ਕੁੱਤੇ ਤੋਂ ਬਚਣ ਦੇ ਚੱਕਰ 'ਚ Swiggy Delivery Boy ਨੇ ਚੁੱਕਿਆ ਅਜਿਹਾ ਕਦਮ ਕਿ ਗੁਆਣੀ ਪਈ ਜਾਨ

ਜਿੰਪਾ ਨੇ ਅੱਜ ਬੱਲੂਆਣਾ ਹਲਕੇ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਹਲਕੇ ਵਿਚ 40 ਕਰੋੜ ਰੁਪਏ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ 4 ਕਰੋੜ ਰੁਪਏ ਨਾਲ ਬਣੀ ਇਕ ਪੇਂਡੂ ਜਲ ਸਪਲਾਈ ਸਕੀਮ ਨੂੰ ਲੋਕ ਸਮਰਪਿਤ ਕੀਤਾ। ਇਸੇ ਤਰ੍ਹਾਂ ਪਿੰਡ ਧਰਮ ਪੁਰਾ ਅਤੇ ਮਹਿਰਾਜਪੁਰਾ ਵਿਚ 9 ਕਰੋੜ ਨਾਲ ਬਣ ਰਹੇ ਵਾਟਰ ਵਰਕਸਾਂ ਨੂੰ ਵੀ ਲੋਕ ਸਮਰਪਿਤ ਕੀਤਾ। ਇਸ ਮੌਕੇ ਜਿੰਪਾ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕੁਆਲਿਟੀ ਠੀਕ ਨਹੀਂ ਹੈ ਉਥੇ ਆਰ.ਓ. ਪਲਾਂਟ ਲਗਾਉਣ ਦੀਆਂ ਸੰਭਾਨਾਵਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਸੜਕ ਹਾਦਸੇ ਮਗਰੋਂ ਰਿਸ਼ਭ ਪੰਤ ਦਾ ਪਹਿਲਾ ਟਵੀਟ, ਆਪਣੀ Surgery ਤੇ Recovery ਬਾਰੇ ਸਾਂਝੀ ਕੀਤੀ ਜਾਣਕਾਰੀ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੋਰ ਵੀ ਕਈ ਜ਼ਿਲ੍ਹੇ ਜਿਵੇਂ ਬਠਿੰਡਾ ਦੇ ਕਈ ਇਲਾਕਿਆਂ ਦਾ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ। ਪਾਣੀ ਵਿਚ ਹੈਵੀ ਮੈਟਲ ਅਤੇ ਯੂਰੇਨੀਅਮ ਵਰਗੇ ਤੱਤ ਪਾਏ ਜਾ ਰਹੇ ਹਨ ਜਿਸ ਕਰਕੇ ਬਹੁਤ ਸਾਰੇ ਲੋਕ ਕੈਂਸਰ ਨਾਲ ਜੂਝ ਰਹੇ ਹਨ। ਛੋਟੇ-ਛੋਟੇ ਬੱਚਿਆਂ ਦੇ ਵਾਲ ਸਫੇਦ ਹੋ ਰਹੇ ਹਨ ਅਤੇ ਹੋਰ ਵੀ ਕਈ ਬਿਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਮਾਨ ਸਰਕਾਰ ਬਹੁਤ ਸਾਰਾ ਕੰਮ ਕਰ ਰਹੀ ਹੈ ਅਤੇ ਅੱਜ ਸ਼ੁਰੂ ਕੀਤੇ ਪ੍ਰੋਜੈਕਟ ਇਨ੍ਹਾਂ ਕੰਮਾਂ ਦਾ ਹੀ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਖਿਆਲ ਰੱਖ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ Active ਹੁੰਦਿਆਂ ਹੀ ਪੰਤ ਨੇ '2 Heroes' ਦਾ ਕੀਤਾ ਧੰਨਵਾਦ, 'ਸਾਰੀ ਉਮਰ ਰਹਾਂਗਾ ਕਰਜ਼ਦਾਰ'

ਕਿਸਾਨਾਂ ਦੀ ਭਲਾਈ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਬਤ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਲ 2022-23 ਦੌਰਾਨ ਹੁਣ ਤੱਕ 125 ਕਰੋੜ ਰੁਪਏ ਦੇ ਕਰੀਬ ਰਕਮ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨਾਂ ਦੀ ਭਲਾਈ ਲਈ ਦਿੱਤਾ ਜਾ ਚੁੱਕਾ ਹੈ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News