ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ੋਰਦਾਰ ਸੁਆਗਤ

05/07/2024 5:22:07 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਲਾਜ਼ਮੀ ਤੌਰ 'ਤੇ ਵਰਤੋਂ ਕਰਨ ਲਈ ਜਾਗਰੂਕਤਾ ਹਿੱਤ ਸੰਗਰੂਰ ਤੋਂ ਰਵਾਨਾ ਹੋ ਕੇ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਦਾ ਸਾਈਕਲ ‘ਤੇ ਦੌਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਵੋਟਾਂ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਸਾਇਕਲਿਸਟ ਮਨਮੋਹਨ ਸਿੰਘ ਦੀ ਪੂਰੇ ਪੰਜਾਬ ਦੀ ਯਾਤਰਾ ਪੂਰੀ ਉਤਸ਼ਾਹ ਜਨਕ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਹਲਕੇ ਵਿੱਚ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਵੋਟ ਪਾਉਣ ਦੇ ਸੁਨੇਹੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਦੇਸ਼ ਦਾ ਹਰ ਨਾਗਰਿਕ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਬਿਨਾ ਕਿਸੇ ਡਰ, ਦਬਾਅ, ਲਾਲਚ ਆਦਿ ਤੋਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਹੁਤ ਕੁਰਬਾਨੀਆਂ ਤੋਂ ਬਾਅਦ ਦੇਸ਼ ਦੇ ਨਾਗਰਿਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਕਰਕੇ ਆਪਣੇ ਪ੍ਰਤੀਨਿਧ ਚੁਣਨ ਦੀ ਸ਼ਕਤੀ ਪ੍ਰਾਪਤ ਹੋਈ ਹੈ, ਇਸ ਲਈ ਹਰ ਵੋਟਰ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਹੱਕ ਦੀ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਇਸ ਵਾਰ ਸਾਡਾ ਟੀਚਾ ਹੈ ਕਿ 70 ਫ਼ੀਸਦੀ ਤੋਂ ਵਧੇਰੇ ਵੋਟਰ ਲੋਕਤੰਤਰ ਦੇ ਇਸ ਮਹਾਂ ਤਿਉਹਾਰ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਐੱਸ. ਡੀ. ਐੱਮ. ਭਵਾਨੀਗੜ੍ਹ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਸਾਈਕਲਿਸਟ ਮਨਮੋਹਨ ਸਿੰਘ ਨੇ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਹੋਰਨਾਂ ਵੱਖ-ਵੱਖ ਵਸੀਲਿਆਂ ਰਾਹੀਂ ਵੀ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦਾ ਅਧਿਕਾਰ ਲਾਜ਼ਮੀ ਤੌਰ 'ਤੇ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਈਕਲਿਸਟ ਮਨਮੋਹਨ ਸਿੰਘ ਨੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਉਸਦਾ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦਾ ਜਾਗਰੂਕਤਾ ਦੌਰਾ ਬਹੁਤ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਵੋਟਰਾਂ ਵਿੱਚ ਵੋਟਾਂ ਨੂੰ ਲੈ ਕੇ ਪੂਰਾ ਉਤਸ਼ਾਹ ਹੈ ਅਤੇ ਇਸ ਵਾਰ ਸੂਬੇ ਦੇ ਵੋਟਰ ਯਕੀਨਨ ਤੌਰ ਉੱਪਰ ਵੋਟ ਫ਼ੀਸਦ ਦਾ ਅੰਕੜਾ 70 ਤੋਂ ਪਾਰ ਲੈ ਕੇ ਜਾਣਗੇ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਸਵੀਪ ਸੈੱਲ ਸੰਗਰੂਰ ਤੋਂ ਕੁਲਵੀਰ ਸਿੰਘ ਅਤੇ ਲੈਕਚਰਾਰ ਬਲਬੀਰ ਚੰਦ ਵੀ ਹਾਜ਼ਰ ਸਨ।


 


Babita

Content Editor

Related News