ਡੀ. ਸੀ ਦੀ ਧੱਕੇਸ਼ਾਹੀ ਖਿਲਾਫ ਕ੍ਰਰਾਂਤੀਕਾਰੀ ਕਿਸਾਨ ਯੂਨੀਅਨ ਨੇ ਖੋਲ੍ਹਿਆਂ ਮੋਰਚਾ (ਵੀਡੀਓ)

06/13/2017 3:39:16 PM


ਸ੍ਰੀ ਮੁਕਤਸਰ ਸਾਹਿਬ(ਪਵਨ, ਭੁਪਿੰਦਰ, ਖੁਰਾਣਾ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦਿੱਤਾ ਗਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਾਦਿੱਤਾ ਸਿੰਘ ਭਾਗਸਰ, ਪੂਰਨ ਸਿੰਘ ਦੋਦਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਭੁੱਟੀਵਾਲਾ, ਬਲਵਿੰਦਰ ਸਿੰਘ ਥਾਂਦੇਵਾਲਾ ਤੋਂ ਇਲਾਵਾ ਹੇਮ ਰਾਜ ਬਾਦਲ, ਭੁਪਿੰਦਰ ਸਿੰਘ ਚੰਨੂ, ਗੁਰਭਗਤ ਸਿੰਘ ਥਾਂਦੇਵਾਲਾ, ਗੁਰਪਾਸ਼ ਸਿੰਘ ਸਿੰਘੇਵਾਲਾ, ਜਗਦੇਵ ਸਿੰਘ ਭਾਗਸਰ, ਸੁਖਦੇਵ ਸਿੰਘ ਮਲੋਟ, ਹਰਬੰਸ ਸਿੰਘ ਕੋਟਲੀ, ਬੋਹੜ ਸਿੰਘ ਮੱਲਣ ਤੇ ਸੁਖਰਾਜ ਸਿੰਘ ਰਹੂੜਿਆਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਕਿਸਾਨਾਂ ਨਾਲ ਵਾਅਦੇ ਕੀਤੇ ਗਏ ਸੀ, ਉਹ ਪੂਰੇ ਨਹੀਂ ਕੀਤੇ ਗਏ।
ਕਿਸਾਨਾਂ ਦੇ ਸਿਰ ਚੜ੍ਹੇ ਕਰਜ਼ੇ ਦੀ ਪੰਡ ਦਿਨੋ-ਦਿਨ ਭਾਰੀ ਹੋ ਰਹੀ ਹੈ, ਜਦਕਿ ਦੂਜੇ ਪਾਸੇ ਬੈਂਕਾਂ ਤੇ ਸ਼ਾਹੂਕਾਰਾਂ ਨੇ ਜ਼ਬਰੀ ਖਾਲੀ ਲਏ ਚੈੱਕਾਂ ਦੇ ਕੇਸ ਕਰਨੇ ਸ਼ੁਰੂ ਕਰ ਦਿੱਤੇ ਹਨ। ਅਦਾਲਤਾਂ ਵੱਲੋਂ ਕਿਸਾਨਾਂ ਨੂੰ ਸਜ਼ਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਅਜੇ ਤੱਕ ਕੋਈ ਰੁਜ਼ਗਾਰ ਨਹੀਂ ਦਿੱਤਾ ਗਿਆ, ਬਲਕਿ ਹੋਰ ਤਾਂ ਹੋਰ ਮੋਬਾਇਲ ਤੇ ਲੈਪਟਾਪ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। 

ਕੀ ਕਹਿਣਾ ਹੈ ਕਿਸਾਨ ਆਗੂ ਦਾ 
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਸਕੱਤਰ ਗੁਰਾਦਿੱਤਾ ਸਿੰਘ ਭਾਗਸਰ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ 90 ਫੀਸਦੀ ਕਿਸਾਨਾਂ ਸਿਰ ਕਰਜ਼ਾ ਚੜ੍ਹਿਆ ਹੋਇਆ ਹੈ ਤੇ ਕੋਈ ਵਿਰਲਾ ਹੀ ਕਿਸਾਨ ਹੋਵੇਗਾ, ਜਿਸ ਦੇ ਸਿਰ 'ਤੇ ਕਰਜ਼ੇ ਦੀ ਪੰਡ ਦਾ ਭਾਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮਾਰਚ 2017 ਤੱਕ 830 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਦਾ ਰਾਹ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਤੋਂ ਪਹਿਲਾਂ 50 ਕਿਸਾਨਾਂ ਤੇ 52 ਮਜ਼ਦੂਰ ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ 2-2 ਲੱਖ ਰੁਪਏ ਦਾ ਮੁਆਵਜ਼ਾ ਵੀ ਮਿਲਿਆ ਹੈ। 


Related News