ਡੀ. ਸੀ. ਦਫਤਰ ਦੇ ਕਰਮਚਾਰੀਆਂ ਤੇ ਮਨਿਸਟੀਰੀਅਲ ਕਾਮਿਆਂ ਨੇ ਸਾੜੀਆਂ ਬਜਟ ਦੀਆਂ ਕਾਪੀਆਂ

04/05/2018 6:52:46 AM

ਕਪੂਰਥਲਾ, (ਗੁਰਵਿੰਦਰ ਕੌਰ)- ਦਿ ਪੰਜਾਬ ਸਟੇਟ (ਡੀ. ਸੀ.) ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਤੇ ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਸਤਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੇਸ਼ ਕੀਤੇ ਗਏ ਮੌਜੂਦਾ ਬਜਟ ਦੀਆਂ ਕਾਪੀਆਂ ਨੂੰ ਜਥੇਬੰਦੀ ਵੱਲੋਂ ਗੇਟ ਰੈਲੀ ਕਰ ਕੇ ਸਾੜੀਆਂ ਗਈਆਂ। ਇਸ ਮੌਕੇ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। 
ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੌਜੂਦਾ ਬਜਟ ਮੁਲਾਜ਼ਮ ਤੇ ਹਰ ਵਰਗ ਲਈ ਨਾ-ਉਮੀਦਾਂ ਬਜਟ ਹੈ, ਇਸ ਬਜਟ ਨਾਲ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਬਜਟ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪਿਛਲੇ 22 ਮਹੀਨਿਆਂ ਦੇ ਮਹਿੰਗਾਈ ਭੱਤੇ ਦੇ ਬਕਾਏ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਨਵੀਂ ਭਰਤੀ ਕਰਨ ਸਮੇਤ ਹੋਰ ਕਈ ਵਾਅਦੇ ਮੁਲਾਜ਼ਮਾਂ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ 'ਚ ਸ਼ਾਮਿਲ ਮੱਦਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਕੋਈ ਵੀ ਤਜਵੀਜ਼ ਨਹੀਂ ਕੀਤੀ ਗਈ ਹੈ ਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲੀ ਲਈ ਭਰੋਸਾ ਦਿੱਤਾ ਗਿਆ ਹੈ। ਸਤਬੀਰ ਸਿੰਘ ਚੰਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਰਾਂ ਨੂੰ ਬਿਲਕੁਲ ਅਣਦੇਖਾ ਕਰਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਬਜਟ 'ਚ ਕੁਝ ਨਹੀਂ ਕੀਤਾ ਹੈ। ਹੋਰ ਤਾਂ ਹੋਰ ਪਹਿਲਾਂ ਹੀ ਆਮਦਨ ਟੈਕਸ ਦੇਣ ਵਾਲਿਆਂ 'ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਗਾ ਦਿੱਤਾ ਹੈ, ਜਿਸ ਕਾਰਨ ਸਮੂਹ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਪਰੰਤ ਜਨਰਲ ਸਕੱਤਰ ਸੰਗਤ ਰਾਮ, ਵਾਈਸ ਪ੍ਰਧਾਨ ਗੁਲਸ਼ਨ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ। 
ਇਸ ਮੌਕੇ ਡੀ. ਸੀ. ਦਫਤਰ ਯੂਨੀਅਨ ਕਪੂਰਥਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਯੂਨੀਅਨ ਦੇ ਅਹੁਦੇਦਾਰ ਤੇ ਕਰਮਚਾਰੀ ਹਾਜ਼ਰ ਸਨ।