ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Sunday, Feb 17, 2019 - 08:09 AM (IST)

ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, (ਅਨਜਾਣ)- ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਦਰਸ਼ਨਾਂ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਰੱਖੇ ਗਏ ਇਕ ਵਿਸ਼ੇਸ਼ ਸਮਾਗਮ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮੇਂ ਦਲੇਰ ਮਹਿੰਦੀ ਵੱਲੋਂ ਗਾਇਨ ਕੀਤੇ ਗਏ ਗੁਰਬਾਣੀ ਸ਼ਬਦਾਂ ਦੀ ਸੀ. ਡੀ. ਰਿਲੀਜ਼ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ, ਲੋਈ ਅਤੇ ਇਤਿਹਾਸਕ ਪੁਸਤਕ ਦੇ ਕੇ ਸਨਮਾਨਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਲੇਰ ਮਹਿੰਦੀ ਨੇ ਇਸ ਤੋਂ ਪਹਿਲਾਂ ਵੀ 300 ਸਾਲਾ ਸ਼ਤਾਬਦੀ ਸਮਾਰੋਹ ਮੌਕੇ ਅਾਦਿ ’ਤੇ ਵੀ ਧਾਰਮਕ ਗੀਤ ਗਾਏ ਹਨ।
ਇਸ ਵਾਰ ਵੀ ਉਨ੍ਹਾਂ ਜਗਤ ਜਲੰਦੇ ਨੂੰ ਤਾਰਨ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੀ ਗਈ ਸ਼ਬਦਾਂ ਦੀ ਸੀ. ਡੀ. ਵਿਚ ਭੇਟਾ ਰਹਿਤ ਸ਼ਬਦ ਗਾਇਨ ਕਰ ਕੇ ਅਤੇ ਆਪਣੀ ਸੁਰੀਲੀ ਆਵਾਜ਼ ਦੇ ਕੇ ਇਕ ਮਿਸਾਲ ਕਾਇਮ ਕੀਤੀ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ  ਹਰਕਤ ਬਹੁਤ ਹੀ ਨਿੰਦਣਯੋਗ ਹੈ। 
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ, ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਹਰਿੰਦਰ ਸਿੰਘ ਰੋਮੀ, ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਤਿੰਦਰ ਸਿੰਘ ਅਤੇ ਦਲੇਰ ਮਹਿੰਦੀ ਨਾਲ ਆਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਇਲਾਵਾ, ਗਾਇਕ ਤੇ ਆਰਟਿਸਟ ਨਵ ਬਾਜਵਾ ਆਦਿ ਹਾਜ਼ਰ ਸਨ।


Related News