ਪੌਂਗ ਡੈਮ ਤੋਂ ਛੱਡੇ ਵਾਧੂ ਪਾਣੀ ਨੇ ਵਧਾਈਆਂ ਚਿੰਤਾਵਾਂ, ਪੰਜਾਬ-ਹਿਮਾਚਲ ਨੂੰ ਜੋੜਨ ਵਾਲੇ ਪੁਲ ਦਾ ਨੁਕਸਾਨ
Friday, Aug 22, 2025 - 08:02 PM (IST)

ਹਾਜੀਪੁਰ, (ਜੋਸ਼ੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਅੱਜ ਪੌਂਗ ਡੈਮ ਤੋਂ 74995 ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਦਰਿਆ ’ਤੇ ਬਣੇ ਇਕ ਮਹੱਤਵਪੂਰਨ ਰਿਆਲੀ ਮੰਡ ਪੁਲ ਨੂੰ ਅੰਸ਼ਕ ਤੌਰ ’ਤੇ ਨੁਕਸਾਨ ਪਹੁੰਚਿਆ ਹੈ। ਪਾਣੀ ਦਾ ਤੇਜ਼ ਵਹਾਅ ਅਤੇ ਉੱਚ ਪਾਣੀ ਦਾ ਪੱਧਰ ਪੁਲ ਦੇ ਢਾਂਚੇ ’ਤੇ ਦਬਾਅ ਪਾ ਰਿਹਾ ਹੈ, ਜਿਸ ਨਾਲ ਇਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ। ਇਹ ਪੁਲ, ਜੋ ਪੰਜਾਬ ਅਤੇ ਹਿਮਾਚਲ ਨੂੰ ਜੋੜਦਾ ਹੈ, ਵਰਤਮਾਨ ’ਚ ਭਾਰੀ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਸਥਾਨਕ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰ ਕੇ ਪੁਲ ਦੇ ਦੋਵੇਂ ਪਾਸੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਪੁਲ ਦੀ ਮੁਰੰਮਤ ਅਤੇ ਸੁਰੱਖਿਆ ਦਾ ਮੁਲਾਂਕਣ ਕਰਨ ਲਈ ਇਕ ਮਾਹਿਰ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਪਾਣੀ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਅੱਜ ਪੌਂਗ ਡੈਮ ਤੋਂ ਟਰਬਾਈਨਾਂ ਅਤੇ ਸਪਿਲਵੇਅ ਗੇਟ ਰਾਹੀਂ ਕੁੱਲ 74995 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਅੱਜ ਸ਼ਾਮ 6 ਵਜੇ ਪੌਂਗ ਡੈਮ ਝੀਲ ’ਚ ਪਾਣੀ ਦੀ ਆਮਦ 39 ਹਜ਼ਾਰ 549 ਕਿਊਸਿਕ ਨੋਟ ਕੀਤੀ ਗਈ ਅਤੇ ਡੈਮ ਦਾ ਜਲ ਪੱਧਰ 1383.43 ਫੁੱਟ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 63 ਹਜ਼ਾਰ 270 ਕਿਊਸਿਕ ਪਾਣੀ ਬਿਆਸ ਦਰਿਆ ’ਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ’ਚ ਛੱਡਿਆ ਜਾ ਰਿਹਾ ਹੈ। ਪਾਣੀ ਦੇ ਪੱਧਰ ’ਚ ਅਚਾਨਕ ਵਾਧੇ ਕਾਰਨ ਬਿਆਸ ਦਰਿਆ ਦੇ ਆਲੇ-ਦੁਆਲੇ ਦੇ ਨੀਵੇਂ ਇਲਾਕਿਆਂ ’ਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲਿਆਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਅਤੇ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ ਦੀ ਸਲਾਹ ਦਿੱਤੀ ਗਈ ਹੈ। ਪ੍ਰਸ਼ਾਸਨ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਿਹਾ ਹੈ।