ਤਖਤ ਸ੍ਰੀ ਦਮਦਮਾ ਸਾਹਿਬ ਨੇ ਅਕਾਲੀ ਲੀਡਰ ਭੰਦੂੜ ਦੀ ਲਗਾਈ ਤਨਖਾਹ

09/12/2018 8:27:23 PM

ਤਲਵੰਡੀ ਸਾਬੋ (ਮੁਨੀਸ਼) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿ ਕੇ ਵਿਵਾਦਾਂ 'ਚ ਘਿਰੇ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੀ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਤਨਖਾਹ ਲਾ ਦਿੱਤੀ ਗਈ ਹੈ।। ਬੁੱਧਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਵਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਦੌਰਾਨ ਭੂੰਦੜ ਨੇ ਆਪਣੀ ਵਲੋਂ ਹੋਈ ਗਲਤੀ ਦੀ ਮੁਆਫੀ ਮੰਗੀ ਅਤੇ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਦਾ ਐਲਾਨ ਕੀਤਾ। 

ਇਸ ਧਾਰਮਿਕ ਸਜ਼ਾ ਮੁਤਾਬਕ ਭੂੰਦੜ ਤਿੰਨ ਦਿਨ ਤਖਤ ਸ੍ਰੀ ਦਮਦਮਾ ਸਾਹਿਬ 'ਚ ਇਕ ਘੰਟਾ ਸੇਵਾ ਕਰਨਗੇ, ਕੀਰਤਨ ਸੁਨਣਗੇ, ਲੰਗਰ ਦੀ ਸੇਵਾ ਕਰਨਗੇ ਅਤੇ ਜੋੜੇ ਝਾੜਨ ਦੀ ਸੇਵਾ ਨਿਭਾਉਣਗੇ। ਇਸ ਤੋਂ ਇਲਾਵਾ ਤੀਸਰੇ ਦਿਨ ਤਖਤ ਸ੍ਰੀ ਦਮਦਮਾ ਸਾਹਿਬ ਵਿਚ 1100 ਰੁਪਏ ਦੀ ਦੇਗ ਕਰਾ ਕੇ 11 ਜਪੁਜੀ ਸਾਹਿਬ ਦੇ ਪਾਠ ਕਰਨ ਦੇ ਹੁਕਮ ਦਿੱਤੇ ਗਏ ਹਨ। 

ਦੱਸਣਯੋਗ ਹੈ ਕਿ ਐਤਵਾਰ ਨੂੰ ਅਬੋਹਰ ਵਿਚ ਅਕਾਲੀ ਦਲ ਵਲੋਂ ਕਾਂਗਰਸ ਖਿਲਾਫ ਕੀਤੀ ਰੈਲੀ ਗਈ ਸੀ, ਜਿਸ ਵਿਚ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਸੰਬੋਧਨ ਕੀਤਾ ਸੀ। ਜਦਕਿ ਇਹ ਸ਼ਬਦ ਸਿੱਖਾਂ ਵਲੋਂ ਸਿਰਫ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ' ਲਈ ਵਰਤੇ ਜਾਂਦੇ ਹਨ। ਇਸ ਬਿਆਨ ਤੋਂ ਬਾਅਦ ਭੂੰਦੜ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਸਨ ਅਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਸਾਬਕਾ ਮੈਂਬਰ ਗੁਰਸੇਵਕ ਸਿੰਘ ਹਰਪਾਲਪੁਰ ਨੇ ਤਾਂ ਜ਼ਿਲਾ ਮੋਹਾਲੀ ਦੇ ਸੋਹਾਣਾ ਥਾਣੇ 'ਚ ਇਸ ਦੀ ਬਕਾਇਦਾ ਸ਼ਕਾਇਤ ਵੀ ਦਰਜ ਕਰਵਾਈ ਸੀ। ਗੁਰਸੇਵਕ ਸਿੰਘ ਨੇ ਕਿਹਾ ਸੀ ਕਿ ਭੂੰਦੜ ਦੇ ਬਿਆਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਇਸ ਲਈ ਐੱਫ. ਆਈ. ਆਰ. ਦਰਜ ਹੋਣੀ ਚਾਹੀਦੀ ਹੈ।