ਬਰਤਾਨਵੀ ਨਾਗਰਿਕ ਜੱਗੀ ਜੌਹਲ ਦੀ ਤੁਰੰਤ ਰਿਹਾਈ ਲਈ ਮੁੱਖ ਮੰਤਰੀ ਨਿੱਜੀ ਦਖਲ ਦੇਣ : ਦਮਦਮੀ ਟਕਸਾਲ

11/17/2017 10:36:22 AM

ਅੰਮ੍ਰਿਤਸਰ (ਬਿਊਰੋ) - ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁਝ ਦਿਨ ਪਹਿਲਾਂ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਹੋਰਨਾਂ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ 'ਤੇ ਚਿੰਤਾ ਜਤਾਉਂਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਦਿਲਚਸਪੀ ਲੈਂਦਿਆਂ ਦਖਲ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸਿੱਖ ਨੌਜਵਾਨਾਂ ਨੂੰ ਜਬਰੀ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਉਂਦਿਆਂ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਵਿਆਹ ਕਰਵਾਉਣ ਆਏ ਜਗਤਾਰ ਸਿੰਘ ਜੱਗੀ ਜੌਹਲ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਏ ਜਾਣ ਨਾਲ ਜੌਹਲ ਦੇ ਪਰਿਵਾਰ ਵਾਲਿਆਂ ਨੂੰ ਗਹਿਰੀ ਚਿੰਤਾ ਸਤਾ ਰਹੀ ਹੈ। ਜੌਹਲ ਦੀ ਗ੍ਰਿਫ਼ਤਾਰੀ 'ਤੇ ਸਕਾਟਲੈਂਡ ਦੇ ਸੰਸਦ ਮੈਂਬਰ ਮਾਰਟਿਨ ਡੋਖਰਟੀ ਹਿਊਜ ਤੇ ਇੰਗਲੈਂਡ ਦੇ ਸੰਸਦ ਮੈਂਬਰ ਤਮਨਮਜੀਤ ਸਿੰਘ ਢੇਸੀ ਵੀ ਚਿੰਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ ਅਤੇ ਉਨ੍ਹਾਂ ਸਮੇਤ ਯੂ. ਕੇ. ਦਾ ਸਿੱਖ ਭਾਈਚਾਰਾ ਜਗਤਾਰ ਸਿੰਘ ਦੇ ਇੰਗਲੈਂਡ ਰਹਿੰਦੇ ਪਰਿਵਾਰ ਨਾਲ ਮਿਲ ਕੇ ਉਸ ਨੂੰ ਰਿਹਾਅ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਮਦਮੀ ਟਕਸਾਲ ਮੁਖੀ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਜੌਹਲ ਪਰਿਵਾਰ ਦੀ ਮਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ।