ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਟਕਸਾਲ ਤੇ ਸ਼੍ਰੋਮਣੀ ਕਮੇਟੀ ਦੀ ਚਿਤਾਵਨੀ
Tuesday, Aug 18, 2020 - 06:25 PM (IST)
 
            
            ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ਖੰਨਾ ਵਿਖੇ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਅਤੇ ਪੋਸਟਰਾਂ ਦਾ ਅਪਮਾਨ ਕਰਨ ਵਾਲੇ ਸ਼ਿਲ ਸੈਨਾ ਕਾਰਕੁਨਾਂ ਪ੍ਰਤੀ ਸਖ਼ਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਦੀ ਤਾਕ ਵਿਚ ਬੈਠੀ ਸ਼ਿਵ ਸੈਨਾ ਨੂੰ ਬਾਜ਼ ਆਉਣ ਦੀ ਸਖ਼ਤ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਕਿ ਭਿੰਡਰਾਂਵਾਲਿਆਂ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉੱਥੇ ਹੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਖ਼ਿਲਾਫ਼ ਖੋਲ੍ਹਿਆ ਮੋਰਚਾ
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਸੰਤਾਂ ਨਾਲ ਜੁੜੀਆਂ ਹੋਈਆਂ ਹਨ, ਸ਼ਿਵ ਸੈਨਿਕਾਂ ਵੱਲੋਂ ਭਿੰਡਰਾਂਵਾਲਿਆਂ ਦੀਆਂ ਤਸਵੀਰ ਦੇ ਕੀਤੇ ਗਏ ਅਪਮਾਨ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਜਿਸ ਕਾਰਨ ਸਿੱਖ ਮਨਾਂ ਵਿਚ ਭਾਰੀ ਰੋਸ ਹੈ। ਪੰਜਾਬ ਸਰਕਾਰ ਨੂੰ ਇਸ ਮੁੱਦੇ ਦੀ ਸੰਜੀਦਗੀ ਨਾਲ ਧਿਆਨ ਵਿਚ ਰੱਖਣ ਦੀ ਗੱਲ ਕਰਦਿਆਂ ਕਿਹਾ ਕਿ ਭਿੰਡਰਾਂਵਾਲੇ ਸਿੱਖ ਕੌਮ ਦੇ ਧਾਰਮਿਕ ਆਗੂ ਸਨ। ਉਨ੍ਹਾਂ ਸਿੱਖ ਕੌਮ ਕਾਰਨ ਸਿੱਖ ਕੌਮ ਅੱਜ ਵੀ ਉਨ੍ਹਾਂ ਨੂੰ ਅਤੇ ਪੰਜਾਬ ਦੇ ਹੱਕਾਂ ਹਿੱਤਾਂ ਲਈ ਵੱਡੀ ਆਪਣਾ ਨਾਇਕ ਮੰਨਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵੀਹਵੀਂ ਸਦੀ ਦਾ ਮਹਾਨ ਸਿੱਖ ਅਤੇ ਸ਼ਹੀਦ ਦਾ ਰੁਤਬਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕਿਸੇ ਕਿਸਮ ਦਾ ਮਾਮਲਾ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਵਰਗੇ ਮੁੱਠੀ ਭਰ ਸ਼ਰਾਰਤ ਅਨਸਰ ਸਸਤੀ ਸ਼ੌਹਰਤ ਅਤੇ ਅਮਨ ਸ਼ਾਂਤੀ ਭੰਗ ਕਰਨ ਤੋਂ ਇਲਾਵਾ ਸਮਾਜ ਵਿਚ ਨਫ਼ਰਤ ਫੈਲਾਉਣ ਹਿਤ ਭਿੰਡਰਾਂਵਾਲਿਆਂ ਦੇ ਪੋਸਟਰਾਂ ਅਤੇ ਤਸਵੀਰਾਂ ਨਾਲ ਛੇੜਛਾੜ ਅਤੇ ਅਪਮਾਨ ਕਰਨ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਕਰਨ 'ਚ ਲੱਗੇ ਰਹਿੰਦੇ ਹਨ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਅਜਿਹੀਆਂ ਕਾਰਵਾਈ ਕਰਨ ਤੋਂ ਵਰਜਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ 'ਤੇ ਕੈਪਟਨ ਦਾ ਵੱਡਾ ਬਿਆਨ, ਮੁੜ ਤਾਲਾਬੰਦੀ ਲਗਾਏ ਜਾਣ ਦੇ ਦਿੱਤੇ ਸੰਕੇਤ
ਟਾਈਟਲਰ ਮਾਮਲੇ ਪਿੱਛੇ ਡੂੰਘੀ ਸਾਜਿਸ਼ : ਲੌਂਗੋਵਾਲ
ਨਵੰਬਰ 1984 ਵਿਚ ਦਿੱਲੀ ਵਿਖੇ ਕੀਤੀ ਗਏ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਅੰਮ੍ਰਿਤਸਰ ਵਿਚ ਕੁਝ ਲੋਕਾਂ ਵਲੋਂ ਜਨਮ ਦਿਨ ਮਨਾਉਣਾ ਅਤੇ ਇਸ ਸਬੰਧ ਵਿਚ ਥਾਂ-ਥਾਂ ਫਲੈਕਸ ਬੋਰਡ ਲਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਸ਼੍ਰੋਮਣੀ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜਗਦੀਸ਼ ਟਾਈਟਲਰ ਸਿੱਖ ਕੌਮ ਦਾ ਦੋਸ਼ੀ ਹੈ ਅਤੇ ਅੰਮ੍ਰਿਤਸਰ ਦੇ ਵਸਨੀਕ ਕਰਮਜੀਤ ਸਿੰਘ (ਕਰਮ ਗਿੱਲ) ਨਾਂ ਦੇ ਵਿਅਕਤੀ ਵਲੋਂ ਉਸ ਦਾ ਜਨਮ ਦਿਨ ਮਨਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਸਿੱਖ ਕਤਲੇਆਮ ਨੂੰ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਟਾਈਟਲਰ ਵਿਰੁੱਧ ਸਿੱਖਾਂ 'ਚ ਭਾਰੀ ਰੋਸ ਚੱਲਦਾ ਆ ਰਿਹਾ ਹੈ ਤਾਂ ਅਜਿਹੇ ਵਿਚ ਉਕਤ ਵਿਅਕਤੀ ਵਲੋਂ ਜਾਣ ਬੁੱਝ ਕੇ ਘਿਨੌਣੀ ਕਾਰਵਾਈ ਕਰਨੀ ਗਹਿਰੀ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਜਿਹੇ ਲੋਕਾਂ ਨੂੰ ਉਤਸ਼ਾਹਤ ਕਰ ਰਹੀ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            