ਭਿਆਨਕ ਗਰਮੀ ਵਿਚਾਲੇ ਪੰਜਾਬ ''ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ ਯੂਨਿਟ ਬੰਦ
Sunday, Jun 21, 2026 - 07:26 PM (IST)
ਬਠਿੰਡਾ/ਲਹਿਰਾ ਮੁਹੱਬਤ (ਵਿਜੇ ਵਰਮਾ) : ਪੰਜਾਬ ਦੇ ਸਰਕਾਰੀ ਤਾਪ ਬਿਜਲੀ ਘਰਾਂ 'ਚ ਚੱਲ ਰਹੀ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੂਬੇ ਦੀ ਬਿਜਲੀ ਸਪਲਾਈ 'ਤੇ ਗੰਭੀਰ ਅਸਰ ਪੈਣ ਲੱਗਾ ਹੈ। ਲਹਿਰਾ ਮੁਹੱਬਤ ਤਾਪ ਬਿਜਲੀ ਘਰ ਦੇ ਸਾਰੇ ਚਾਰ ਯੂਨਿਟ ਬੰਦ ਹੋ ਜਾਣ ਕਾਰਨ 920 ਮੈਗਾਵਾਟ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਨਾਲ ਆਉਣ ਵਾਲੇ ਦਿਨਾਂ 'ਚ ਬਿਜਲੀ ਸੰਕਟ ਹੋਰ ਡੂੰਘਾ ਹੋਣ ਦਾ ਖ਼ਤਰਾ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਤਿੰਨ ਯੂਨਿਟ ਪਹਿਲਾਂ ਹੀ ਬੰਦ ਚੱਲ ਰਹੇ ਸਨ, ਜਦੋਂ ਕਿ ਸ਼ਨੀਵਾਰ ਨੂੰ ਯੂਨਿਟ ਨੰਬਰ-4 (250 ਮੈਗਾਵਾਟ) ਵੀ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ। ਇਸ ਨਾਲ ਪਲਾਂਟ ਦੀ ਕੁੱਲ 920 ਮੈਗਾਵਾਟ ਉਤਪਾਦਨ ਸਮਰੱਥਾ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ ਵਾਸੀ ਹੋ ਜਾਣ ALERT
ਇਸੇ ਤਰ੍ਹਾਂ ਰੋਪੜ ਤਾਪ ਬਿਜਲੀ ਘਰ ਦਾ ਇੱਕ ਯੂਨਿਟ ਪਹਿਲਾਂ ਹੀ ਬੰਦ ਹੈ, ਜਦੋਂ ਕਿ ਬਾਕੀ ਯੂਨਿਟ ਵੀ ਆਪਣੀ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਰਹੇ। ਗੁਰੂ ਅਮਰਦਾਸ ਤਾਪ ਬਿਜਲੀ ਘਰ, ਗੋਇੰਦਵਾਲ ਸਾਹਿਬ ਦੇ ਦੋ ਯੂਨਿਟਾਂ ਵਿੱਚੋਂ ਇੱਕ ਬੰਦ ਪਿਆ ਹੈ ਅਤੇ ਦੂਜਾ ਵੀ ਘੱਟ ਸਮਰੱਥਾ ਨਾਲ ਬਿਜਲੀ ਉਤਪਾਦਨ ਕਰ ਰਿਹਾ ਹੈ। ਉੱਧਰ ਸੂਬੇ 'ਚ ਵੱਧ ਰਹੀ ਹੁੰਮਸ ਅਤੇ ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਮੰਗ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਦਾ ਅੰਕੜਾ ਪਾਰ ਕਰ ਸਕਦੀ ਹੈ, ਜਿਸ ਕਾਰਨ ਬਿਜਲੀ ਪ੍ਰਬੰਧਨ ਲਈ ਵੱਡੀ ਚੁਣੌਤੀ ਖੜ੍ਹੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ
ਦੂਜੇ ਪਾਸੇ ਠੇਕਾ ਮੁਲਾਜ਼ਮ ਜੱਥੇਬੰਦੀਆਂ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਅਤੇ ਪਾਵਰਕਾਮ ਵੱਲੋਂ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਪੰਜਾਬ ਨੂੰ ਬਿਜਲੀ ਸੰਕਟ ਵੱਲ ਧੱਕਿਆ ਜਾ ਰਿਹਾ ਹੈ ਅਤੇ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
