ਸਰਦੀਆਂ ’ਚ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਦਾ ਖਤਰਾ: ਕੈਪਟਨ

Friday, Oct 16, 2020 - 01:36 AM (IST)

ਸਰਦੀਆਂ ’ਚ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਦਾ ਖਤਰਾ: ਕੈਪਟਨ

ਚੰਡੀਗੜ੍ਹ,(ਅਸ਼ਵਨੀ)- ਸਰਦੀਆਂ ਵਿਚ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਆ ਸਕਦੀ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਵੀਰਵਾਰ ਨੂੰ ਕੋਵਿਡ ਦਾ ਸਥਿਤੀ ਦੀ ਸਮੀਖਿਆ ਕਰਨ ਲਈ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਤੇ ਮੈਡੀਕਲ ਮਾਹਰਾਂ ਵਲੋਂ ਸੂਬੇ ਵਿਚ ਤਿਓਹਾਰਾਂ ਦੇ ਸੀਜ਼ਨ ਜਾਂ ਸਰਦੀਆਂ ਦੇ ਮਹੀਨਿਆਂ ਦੌਰਾਨ ਮਹਾਮਾਰੀ ਦੀ ਦੂਜੀ ਲਹਿਰ ਦੀ ਮਾਰ ਪੈਣ ਦੀਆਂ ਸੰਭਾਵਨਾਵਾਂ ਸਬੰਧੀ ਚਿਤਾਵਨੀ ’ਤੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਅਹਿਤਿਆਤੀ ਕਦਮ ਉਠਾਏ ਜਾਣ। ਉਨ੍ਹਾਂ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਮਾਰਕੀਟ ਕਮੇਟੀਆਂ ਦੇ ਨਾਲ ਮਿਲ ਕੇ ਵੱਡੇ ਪੱਧਰ ’ਤੇ ਮਾਸਕ ਵੰਡਣ, ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਵਿੱਥ ਦੇ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ। ਮੁੱਖ ਮੰਤਰੀ ਨੇ ਵੀਰਵਾਰ ਨੂੰ ਸਕੂਲ, ਆਮ ਓ.ਪੀ.ਡੀ. ਸੇਵਾਵਾਂ ਤੇ ਚੋਣਵੀਆਂ ਸਰਜਰੀਆਂ ਅਹਿਤਿਆਤਾਂ ਨਾਲ ਬਹਾਲ ਕਰਨ ਦੇ ਵੀ ਹੁਕਮ ਦਿੱਤੇ।

ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ

ਮੁੱਖ ਮੰਤਰੀ ਨੇ ਵਿਭਾਗਾਂ ਨੂੰ ਕਿਹਾ ਕਿ ਮੈਡੀਕਲ ਸਟਾਫ ਨੂੰ ਪ੍ਰੇਰਿਤ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਤਕਨੀਸ਼ੀਅਨਾਂ ਆਦਿ ਦੀਆਂ ਖਾਲੀ ਅਾਸਾਮੀਆਂ ਤੁਰੰਤ ਭਰੀਆਂ ਜਾਣ ਤਾਂ ਜੋ ਮਹਾਮਾਰੀ ਦੀ ਸਥਿਤੀ ਦੌਰਾਨ ਆਮ ਓ.ਪੀ.ਡੀ. ਸੇਵਾਵਾਂ ਤੇ ਚੋਣਵੀਆਂ ਸਰਜਰੀਆਂ ਸੁਚਾਰੂ ਤਰੀਕੇ ਨਾਲ ਕੀਤੀਆਂ ਜਾ ਸਕਣ।

ਡੀ. ਜੀ. ਪੀ. ਨੇ ਤਿਆਰੀਆਂ ਦਾ ਦਿੱਤਾ ਬਿਓਰਾ

ਡੀ. ਜੀ. ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿਚ ਦੱਸਿਆ ਕਿ ਪੰਜਾਬ ਪੁਲਸ ਵਲੋਂ ਤਿਓਹਾਰਾਂ ਦੇ ਸੀਜ਼ਨ ਦੌਰਾਨ ਪ੍ਰਬੰਧ ਕਰਨ ਲਈ ਪੂਰੀ ਤਿਆਰੀ ਕੀਤੀ ਗਈ ਹੈ, ਜਿਸ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨੇ ਅਤੇ ਬਾਜ਼ਾਰਾਂ, ਰਾਮ ਲੀਲਾ ਵਾਲੇ ਸਥਾਨਾਂ ’ਤੇ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਫਿਲਹਾਲ ਕਿਸਾਨਾਂ ਦੇ ਵਧਦੇ ਰੋਸ ਪ੍ਰਦਰਸ਼ਨਾਂ ਦੇ ਨਾਲ ਭਾਜਪਾ ਅਤੇ ਆਰ. ਐੱਸ. ਐੱਸ. ਆਗੂਆਂ ਦੇ ਘਿਰਾਓ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਡੀ. ਜੀ. ਪੀ. ਅਨੁਸਾਰ ਸਤਬੰਰ ਮਹੀਨੇ ਦੌਰਾਨ ਕੋਵਿਡ ਕਾਰਨ 22 ਪੁਲਸ ਮੁਲਾਜ਼ਮਾਂ ਨੇ ਆਪਣੀ ਜਾਨ ਗੁਆਈ ਹੈ ਜਿਸ ਨਾਲ ਮ੍ਰਿਤਕ ਪੁਲਸ ਮੁਲਾਜ਼ਮਾਂ ਦੀ ਕੁੱਲ ਗਿਣਤੀ 39 ਹੋ ਗਈ।

ਪਾਜ਼ੇਟਿਵ ਹੋਣ ਦੀ ਦਰ ਘਟੀ

ਸੂਬੇ ਦੀ ਸਿਹਤ ਬਾਰੇ ਮਾਹਿਰਾਂ ਦੀ ਸਲਾਹਕਾਰੀ ਕਮੇਟੀ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਭਾਵੇਂ ਪਾਜ਼ੇਟਿਵ ਦਰ ਘਟ ਕੇ 2.60 ਫੀਸਦੀ ਹੋ ਜਾਣਾ ਚੰਗਾ ਸੰਕੇਤ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਦੂਜੀ ਲਹਿਰ ਆਉਣ ਬਾਰੇ ਵੀ ਸਾਵਧਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਇਕ ਦਿਨ ਵਿਚ ਸਿਰਫ 500 ਤੋਂ ਵੱਧ ਕੇਸ ਹਨ ਅਤੇ ਅਗਲੇ ਕੁਝ ਦਿਨਾਂ ਦੀਆਂ ਸੰਭਾਵਨਾਵਾਂ ਵੀ ਸਕਾਰਤਮਕ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਅਾਗਾਮੀ ਤਿਉਹਾਰਾਂ ਅਤੇ ਸਿਹਤ ਪ੍ਰਣਾਲੀ ਵਿਚ ਚੁਣੌਤੀਆਂ ਦੇ ਨਾਲ ਪੰਜਾਬ ਛੇਤੀ ਹੀ ਦੂਜੀ ਲਹਿਰ ਦੇਖ ਸਕਦਾ ਹੈ।

ਮੌਤ ਦਰ ਅਜੇ ਵੀ ਵੱਧ

ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਕੇਸਾਂ ਦੀ ਮੌਤ ਦਰ ਅਜੇ ਵੀ ਵੱਧ ਹੈ, ਜੋ ਕੌਮੀ ਔਸਤ 81 ਦੇ ਮਾਮਲੇ ’ਚ 131 ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਹਫ਼ਤਿਆਂ ਅਤੇ ਮਹੀਨਿਆਂ ਵਿਚ ਆਕਸੀਜਨ ਦੀ ਸਪਲਾਈ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪਹਿਲੇ ਪੜਾਅ ਲਈ ਸਪਲਾਈ ਵਧਾਉਣ ਲਈ ਟੈਂਡਰਿੰਗ ਪ੍ਰਕਿਰਿਆ ਅਧੀਨ ਹੈ। ਜਿਥੋਂ ਤੱਕ ਪੋਸਟ-ਕੋਵਿਡ ਕਿੱਟਾਂ ਦਾ ਸਬੰਧ ਹੈ, ਸਰਕਾਰੀ ਹਸਪਤਾਲਾਂ ਤੋਂ ਸਿਹਤਯਾਬ ਹੋ ਚੁੱਕੇ ਸਾਰੇ ਮਰੀਜ਼ਾਂ ਨੂੰ ਵੰਡੇ ਜਾਣ ਲਈ ਹੁਣ ਤੱਕ ਵੱਖ-ਵੱਖ ਜ਼ਿਲਿਆਂ ਨੂੰ 10,000 ਕਿੱਟਾਂ ਭੇਜੀਆਂ ਜਾ ਚੁੱਕੀਆਂ ਹਨ।


author

Bharat Thapa

Content Editor

Related News