ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਵਿਖੇ ’ਦਾਸਤਾਨ-ਏ-ਸਹਾਦਤ’ ਮਨੁੱਖਤਾ ਨੂੰ ਸਮਰਪਿਤ

Friday, Nov 19, 2021 - 08:28 PM (IST)

ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਵਿਖੇ ’ਦਾਸਤਾਨ-ਏ-ਸਹਾਦਤ’ ਮਨੁੱਖਤਾ ਨੂੰ ਸਮਰਪਿਤ

ਸ੍ਰੀ ਚਮਕੌਰ ਸਾਹਿਬ (ਬਿਊਰੋ) : ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੰਤ ਸਮਾਜ ਅਤੇ ਹੋਰ ਉੱਘੀਆਂ ਸਖਸੀਅਤਾਂ ਦੀ ਹਾਜ਼ਰੀ ਵਿੱਚ ’ਦਾਸਤਾਨ-ਏ-ਸਹਾਦਤ’ ਮਨੁੱਖਤਾ ਨੂੰ ਸਮਰਪਿਤ ਕੀਤੀ।  ਜੋ ਸਾਡੀਆਂ ਨੌਜਵਾਨ ਪੀੜੀਆਂ ਨੂੰ ਮਹਾਨ ਕੁਰਬਾਨੀਆਂ ਨਾਲ ਭਰੇ ਸਾਡੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਇਸ ਅਤਿ-ਆਧੁਨਿਕ ਥੀਮ ਪਾਰਕ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਉਨ੍ਹਾਂ ਦੀ ਜ਼ਿੰਦਗੀ ਦਾ ਸੁਪਨਾ ਸਾਕਾਰ ਹੋ ਗਿਆ ਹੈ ਜੋ ਕਿ ਨਾ ਸਿਰਫ਼ ਸੂਬੇ ਦੇ ਲੋਕਾਂ ਸਗੋਂ ਦੇਸ਼ ਅਤੇ ਵਿਸ਼ਵ ਭਰ ਤੋਂ ਇੱਥੇ ਆਉਣ ਵਾਲੇ ਲੋਕਾਂ ਨੂੰ ਕੱਚੀ ਗੜੀ ਦੀ ਗਾਥਾ ਬਾਰੇ ਜਾਣੂੰ ਕਰਵਾਏਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰਪੁਰਬ ਮੌਕੇ ਇਸ ਵੱਕਾਰੀ ਪ੍ਰੋਜੈਕਟ ਦਾ ਉਦਘਾਟਨ ਕਰਨਾ ਸੱਚਮੁੱਚ ਬਹੁਤ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਲੜਾਈ ਭਾਰਤੀ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ ਜਦੋਂ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਦਿਆਂ ਸਮੇਤ ਸਿਰਫ਼ 42 ਬਹਾਦਰ ਸਿੱਖ ਯੋਧਿਆਂ ਨੇ ਮੁਗਲਾਂ ਦੀ ਵੱਡੀ ਫੌਜ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ।

PunjabKesari

ਥੀਮ ਪਾਰਕ ਦੇ ਸੰਕਲਪ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਸਾਡੇ ਬਹਾਦਰ ਯੋਧਿਆਂ ਦੇ ਖੂਨ ਨਾਲ ਸਿੰਜੀ ਹੋਈ ਹੈ, ਜਿਨ੍ਹਾਂ ਨੇ ਮੁਗਲਾਂ ਵਿਰੁੱਧ ਲੜਾਈ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਅਤੇ ਅਸਾਧਾਰਨ ਬਹਾਦਰੀ ਵਿਖਾਈ। ਮੁੱਖ ਮੰਤਰੀ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਇਸ ਵੱਕਾਰੀ ਥੀਮ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਵਜੋਂ ਉਨ੍ਹਾਂ ਨੇ ਸਮੇਂ-ਸਮੇਂ ’ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਅਖ਼ੀਰ ਇਹ ਮੁਕੰਮਲ ਹੋ ਗਿਆ ਹੈ।

PunjabKesari

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਥੀਮ ਪਾਰਕ ਵਿਖੇ ਸੁੰਦਰ ਤੇ ਸੁਚੱਜੇ ਢੰਗ ਨਾਲ ਤਿਆਰ ਕੀਤੀਆਂ 11 ਗੈਲਰੀਆਂ ਦਾ ਦੌਰਾ ਕੀਤਾ, ਜੋ ਕਿ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਦੇ ਮਹਾਨ ਸਿੱਖ ਇਤਿਹਾਸ ਅਤੇ ਸ਼ਾਨਾਮੱਤੀ ਵਿਰਾਸਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਉਂਦੀਆਂ ਹਨ। ਇੱਥੇ ਦਿਖਾਈਆਂ ਪੇਸ਼ਕਾਰੀਆਂ ਇੰਨੀਆਂ ਪ੍ਰਭਾਵੀ ਤੇ ਦਿਲਕਸ਼ ਬਣਾਈਆਂ ਗਈਆਂ ਹਨ ਕਿ ਦੇਖਣ ਵਾਲਾ ਉਸ ਯੁੱਗ ਵਿੱਚ ਪਹੁੰਚ ਜਾਂਦਾ ਹੈ ਜਦੋਂ ਇਹ ਘਟਨਾਵਾਂ ਅਸਲ ਵਿੱਚ ਵਾਪਰੀਆਂ ਸਨ। ਗੈਲਰੀਆਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਅਤੇ ਰਾਜਪਾਲ ਦੋਵਾਂ ਨੇ ਸਿੱਖ ਇਤਿਹਾਸ ਬਾਰੇ ਆਡੀਓ-ਵਿਜੂਅਲ ਪੇਸ਼ਕਾਰੀ ਵੀ ਦੇਖੀ।

PunjabKesari

 ਆਪਣੇ ਸੰਬੋਧਨ ਵਿੱਚ ਨਿਹੰਗ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਖਾਸ ਕਰਕੇ ਥੀਮ ਪਾਰਕ ਦੇ ਵਿਸ਼ਾਲ ਕਾਰਜ ਨੂੰ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਥੀਮ ਪਾਰਕ ਪ੍ਰੋਜੈਕਟ ਇਸ ਪਵਿੱਤਰ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਿੱਖ ਪੰਥ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

PunjabKesari

ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਨੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੁੱਖ ਮਾਰਗ ਤੋਂ ਗੁਰਦੁਆਰਾ ਸਾਹਿਬ ਤੱਕ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਅਤੇ ਉਹ ਹੈਰੀਟੇਜ ਸਟਰੀਟ ਤੋਂ ਥੀਮ ਪਾਰਕ ਤੱਕ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਤੋਂ ਇਲਾਵਾ ਵੱਖ-ਵੱਖ ਉੱਘੀਆਂ ਅਧਿਆਤਮਿਕ ਅਤੇ ਧਾਰਮਿਕ ਸ਼ਖਸੀਅਤਾਂ ਨੂੰ ਸਿਰੋਪਾਓ, ਸ਼ਾਲ ਅਤੇ ਥੀਮ ਪਾਰਕ ਦੀ ਫਰੇਮ ਵਾਲੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।

PunjabKesari

ਇਸ ਮੌਕੇ ਸਾਬਕਾ ਮੰਤਰੀ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿਸ਼ੇਸ਼ ਮੁੱਖ ਸਕੱਤਰ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐੱਸ. ਐੱਸ. ਪੀ. ਰੂਪਨਗਰ ਵਿਵੇਕ ਐੱਸ. ਸੋਨੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

PunjabKesari

PunjabKesari


author

Anuradha

Content Editor

Related News