ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਖ਼ੁਦ ਫੀਲਡ ''ਚ ਉਤਰੇ DC ਆਦਿੱਤਿਆ, ਵੱਖ-ਵੱਖ ਥਾਵਾਂ ’ਤੇ ਅੱਗ ਬੁਝਵਾਈ
Tuesday, Oct 20, 2026 - 05:23 PM (IST)
ਗੁਰਦਾਸਪੁਰ (ਹਰਮਨ)- ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਖ਼ੁਦ ਫੀਲਡ ਵਿੱਚ ਉਤਰੇ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਤੇ ਬਟਾਲਾ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਖੇਤ ਵਿੱਚ ਪਰਾਲੀ ਨੂੰ ਲੱਗੀ ਅੱਗ ਦੇਖ ਕੇ ਉਨ੍ਹਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਬੁਝਵਾਈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ
ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਹਿਬਾਜ਼ ਸਿੰਘ ਚੀਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਕਈ ਕਿਸਾਨ ਪਰਾਲੀ ਪ੍ਰਬੰਧਨ ਲਈ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰ ਰਹੇ ਹਨ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਅਜਿਹੇ ਕਿਸਾਨਾਂ ਤੋਂ ਸੇਧ ਲੈ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਡਿਪਟੀ ਕਮਿਸ਼ਨਰ ਨੇ ਖ਼ਾਸ ਤੌਰ ’ਤੇ ਅਪੀਲ ਕੀਤੀ ਕਿ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਉਣ ਤੋਂ ਬਾਅਦ ਖੇਤਾਂ ਵਿੱਚ ਬਚੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਕਿਸਾਨ ਵਾਤਾਵਰਣ ਦੀ ਸੰਭਾਲ ਅਤੇ ਖੇਤੀਬਾੜੀ ਦੀ ਲੰਮੇ ਸਮੇਂ ਦੀ ਬਿਹਤਰੀ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਸਾੜਨ ਤੋਂ ਗੁਰੇਜ਼ ਕਰਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ ਗਈ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ ਐੱਸ.ਡੀ.ਐੱਮਜ਼, ਪੁਲਿਸ ਅਧਿਕਾਰੀ, ਕਲੱਸਟਰ ਅਤੇ ਨੋਡਲ ਅਫ਼ਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਕੌਮੀ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਇਸ ਦੇ ਬਾਵਜੂਦ ਜੇਕਰ ਕੋਈ ਕਿਸਾਨ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਣਾਉਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
