18-19 ਸਾਲ ਦੇ ਵਿਦਿਆਰਥੀਆਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਵਾਈਆਂ ਜਾਣ : ਕੋਮਲ ਮਿੱਤਲ
Thursday, Nov 09, 2023 - 01:00 PM (IST)
ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਆਈਲੈਟਸ ਸੈਂਟਰਾਂ, ਕੋਚਿੰਗ ਸੈਂਟਰਾਂ ਅਤੇ ਸਵੀਪ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ ਦੌਰਾਨ 18-19 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਆਪਣੇ-ਆਪਣੇ ਆਈਲੈਟਸ ਸੈਂਟਰ, ਕੋਚਿੰਗ ਸੈਂਟਰ ਅਤੇ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰ ਕੇ ਵੱਧ ਤੋਂ ਵੱਧ ਵੋਟਾਂ ਬਣਵਾਈਆਂ ਜਾਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਆਈਲੈਟਸ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਦਾਰਿਆਂ ਵਿਚ ਪੜ੍ਹ ਰਹੇ 18-19 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਾ ਕੇ 14 ਨਵੰਬਰ 2023 ਤੱਕ ਨਿਰਧਾਰਿਤ ਪ੍ਰੋਫਾਰਮੇ ਵਿਚ ਰਿਪੋਰਟ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਉਣ।
ਉਨ੍ਹਾਂ ਵਿਧਾਨ ਸਭਾ ਹਲਕਾ ਸਵੀਪ ਨੋਡਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਆਉਂਦੇ ਆਈਲੈਟਸ ਸੈਂਟਰਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨਾਲ ਤਾਲਮੇਲ ਕਰ ਕੇ ਇਸ ਕੰਮ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ। ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 27 ਅਕਤੂਬਰ 2023 ਨੂੰ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਗੰਨ ਪੁਆਇੰਟ 'ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਉਨ੍ਹਾਂ ਕਿਹਾ ਕਿ ਇਸ ਸਬੰਧੀ 9 ਦਸੰਬਰ 2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ (ਜਿਨ੍ਹਾਂ ਦਾ ਜਨਮ 1 ਜਨਵਰੀ 2006 ਨੂੰ ਜਾਂ ਇਸ ਤੋਂ ਪਹਿਲਾਂ ਹੋਇਆ ਹੋਵੇ), ਉਹ ਆਪਣਾ ਨਾਂ ਵੋਟਰ ਸੂਚੀ ਵਿਚ ਸ਼ਾਮਲ ਕਰਵਾਉਣ ਲਈ ਫਾਰਮ ਨੰ. 6 ਵਿਚ ਬਿਨੈ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿਚ ਸ਼ਾਮਲ ਨਾਂ ’ਤੇ ਇਤਰਾਜ਼ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰ. 7, ਵੋਟਰ ਸੂਚੀ ਵਿਚ ਪਹਿਲਾਂ ਦਰਜ ਕਿਸੇ ਇੰਦਰਾਜ ਵਿਚ ਕਿਸੇ ਕਿਸਮ ਦੀ ਦਰੁਸਤੀ ਕਰਵਾਉਣ, ਪਤੇ ਵਿਚ ਦਰੁਸਤੀ, ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰ. 8 ਸਬੰਧਤ ਬੂਥ ਲੈਵਲ ਅਫ਼ਸਰ ਪਾਸ ਜਮ੍ਹਾ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਹੈਲਪਲਾਈਨ ਐਪ ਜਾਂ ਵੋਟਰ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ 2 ਦਸੰਬਰ ਅਤੇ 3 ਦਸੰਬਰ 2023 ਨੂੰ ਸਨਿੱਚਰਵਾਰ ਅਤੇ ਐਤਵਾਰ ਵਾਲੇ ਦਿਨ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ, ਜਿਸ ਦੌਰਾਨ ਬੀ. ਐੱਲ. ਓਜ਼ ਆਪਣੇ-ਆਪਣੇ ਪੋÇਲੰਗ ਸਟੇਸ਼ਨ ’ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ-ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸੰਬਰ 2023 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2024 ਨੂੰ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵੋਟਰ ਹੈਲਪਲਾਈਨ ਐਪ ਅਤੇ ਵੋਟਰ ਪੋਰਟਲ ਰਾਹੀਂ ਵੋਟ ਬਣਾਉਣ ਬਾਰੇ ਪ੍ਰਾਜੈਕਟਰ ’ਤੇ ਵਿਸਥਾਰ ਨਾਲ ਸਿਖਲਾਈ ਵੀ ਦਿੱਤੀ ਗਈ। ਇਸ ਮੌਕੇ ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਭਗਵੰਤ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਚੋਣ ਕਾਨੂੰਗੋ ਹਰਪ੍ਰੀਤ ਕੌਰ, ਰਾਜਨ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਮੁੱਚਾ ਸਟਾਫ਼ ਮੌਜੂਦ ਸੀ।
ਇਹ ਵੀ ਪੜ੍ਹੋ: ਹੱਥੀਂ ਉਜਾੜ ਲਿਆ ਘਰ, ਸ਼ਾਹਕੋਟ ਵਿਖੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਬੇਰਹਿਮ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711