DC ਵੱਲੋਂ ਜ਼ਿਲੇ ਵਿਚਲੇ ਚੋਆਂ ਤੇ ਨਾਲਿਆਂ ਦੀ ਸਫਾਈ ਦਾ ਕੰਮ 30 ਜੂਨ ਤੋਂ ਪਹਿਲਾਂ ਮੁਕੰਮਲ ਕਰਨ ਦੇ ਹੁਕਮ

06/18/2021 9:31:06 PM

ਮੋਹਾਲੀ (ਨਿਆਮੀਆਂ)- ਜ਼ਿਲੇ ਵਿਚੋਂ ਲੰਘਦੇ ਚੋਆਂ ਅਤੇ ਨਾਲਿਆਂ ਦੀ ਸਫ਼ਾਈ ਦਾ ਕੰਮ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਆਸਾਨੀ ਨਾਲ ਨਿਕਾਸੀ ਹੋ ਸਕੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਕਾਰਜਾਂ ਦਾ ਨਿਰੀਖਣ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।

ਇਹ ਖ਼ਬਰ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਕੈਬਨਿਟ ਵਲੋਂ 6ਵੇਂ ਪੇਅ ਕਮਿਸ਼ਨ ਨੂੰ ਮਨਜ਼ੂਰੀ


ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿਚੋਂ ਲੰਘਦੀਆਂ ਪ੍ਰਮੁੱਖ ਅਤੇ ਲਿੰਕ ਸੜਕਾਂ ’ਤੇ ਬਣੇ ਹੋਏ ਪੁਲਾਂ ਅਤੇ ਪੁਲੀਆਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ। ਐੱਸ. ਡੀ. ਐੱਮਜ਼ ਨੂੰ ਵੀ ਨਿਰਦੇਸ਼ ਦਿੱਤੇ ਗਏ ਕਿ ਉਹ ਸਫਾਈ ਦੇ ਕੰਮ ਦੀ ਖੁਦ ਨਿਗਰਾਨੀ ਕਰਨ ਅਤੇ ਜ਼ਿਲੇ ਵਿਚੋਂ ਲੰਘਦੀਆਂ ਸਾਰੀਆਂ ਡਰੇਨਾਂ ਅਤੇ ਚੋਆਂ ਆਦਿ ਦੀ ਸਫਾਈ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇ, ਤਾਂ ਜੋ ਬਰਸਾਤ ਦੇ ਮੌਸਮ ਵਿਚ ਪਾਣੀ ਦੀ ਨਿਕਾਸੀ ਨਿਰਵਿਘਨ ਹੋ ਸਕੇ।

ਇਹ ਖ਼ਬਰ ਵੀ ਪੜ੍ਹੋ- WTC Final : ਨਿਰਾਸ਼ ਹੋਈ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ, ਇਹ ਹੈ ਵਜ੍ਹਾ


ਉਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਖੇਤਰਾਂ ਦੀਆਂ ਸਟਰੋਮ ਡਰੇਨਾਂ ਨੂੰ ਸਾਫ ਕੀਤਾ ਜਾਵੇ ਅਤੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਹੱਦਾਂ ਵਿਚੋਂ ਲੰਘਦੇ ਨਿਕਾਸੀ ਨਾਲਿਆਂ ਅਤੇ ਚੋਆਂ ਦੀ ਡੀ-ਸਿਲਟਿੰਗ ਕਾਰਵਾਈ ਜਾਵੇ। ਇਸ ਦੇ ਨਾਲ-ਨਾਲ ਸਾਰੇ ਪੰਪਿੰਗ ਸੈੱਟਾਂ ਨੂੰ ਵੀ ਚਾਲੂ ਹਾਲਤ ਵਿਚ ਤਿਆਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਲੋੜੀਂਦਾ ਸਾਮਾਨ, ਕਿਸ਼ਤੀਆਂ, ਚੱਪੂ, ਲਾਈਫ ਜੈਕਟਾਂ , ਟੈਂਟ, ਬਾਂਸ, ਪੌਲੀਥੀਨ ਸ਼ੀਟਾਂ, ਤਰਪਾਲਾਂ ਅਤੇ ਸਰਚ ਲਾਈਟਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ।
ਉਨ੍ਹਾਂ ਨੇ ਜ਼ਿਲਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਖਾਣ-ਪੀਣ ਦੇ ਸਮਾਨ ਦਾ ਪ੍ਰਬੰਧ ਕਰਨ ਲਈ ਕਿਹਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤ ਦੇ ਮੌਸਮ ਤੋਂ ਪਹਿਲਾਂ ਬੀਮਾਰੀਆਂ ਫੈਲਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਹੜ੍ਹ ਆਉਣ ਦੀ ਸਥਿਤੀ ਵਿਚ ਪ੍ਰਭਾਵਿਤ ਵਿਅਕਤੀਆਂ ਨੂੰ ਠਹਿਰਾਉਣ ਲਈ ਢੁਕਵੀਆਂ ਸਰਕਾਰੀ ਬਿਲਡਿੰਗਾਂ ਦੀ ਅਗੇਤੇ ਹੀ ਪਛਾਣ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ। ਉਨ੍ਹਾਂ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਪਾਣੀ ਦੇ ਨਿਕਾਸ ਵਿਚ ਰੁਕਾਵਟ ਪਾਉਣ ਵਾਲੇ ਦਰੱਖ਼ਤਾਂ ਸਬੰਧੀ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਐੱਸ. ਡੀ. ਐੱਮਜ਼, ਤਹਿਸੀਲਦਾਰ, ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਸਿਹਤ ਵਿਭਾਗ ਨੂੰ ਹੜ੍ਹ ਆਉਣ ਦੀ ਸਥਿਤੀ ਵਿਚ ਰਾਹਤ ਕੈਂਪ ਲਾਉਣ ਲਈ ਵੀ ਪ੍ਰਬੰਧ ਕਰਨ ਵਾਸਤੇ ਵੀ ਕਿਹਾ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਗੁਪਤਾ, ਕਮਿਸ਼ਨਰ ਨਗਰ ਨਿਗਮ ਕਮਲ ਗਰਗ, ਐੱਸ. ਡੀ. ਐੱਮ. ਮੋਹਾਲੀ ਜਗਦੀਪ ਸਹਿਗਲ, ਐੱਸ. ਡੀ. ਐੱਮ. ਡੇਰਾਬੱਸੀ ਕੁਲਦੀਪ ਬਾਵਾ, ਐੱਸ. ਡੀ. ਐੱਮ. ਖਰੜ ਹਿਮਾਂਸ਼ੂ ਜੈਨ, ਡੀ. ਆਰ. ਓ. ਗੁਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News