CM ਮਾਨ ਦੇ ਹੁਕਮਾਂ ਦਾ ਅਸਰ: ਸੂਬੇ ਦੇ ਪਹਿਲੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ

06/18/2024 3:47:59 PM

ਲੁਧਿਆਣਾ (ਹਿਤੇਸ਼): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਸੀ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ’ਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ 'ਤੇ ਜਵਾਬਦੇਹ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਡਿਪਟੀ ਕਮਿਸ਼ਨਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਬੰਧਤ ਜ਼ਿਲਿਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕੰਮ ’ਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਅਜਿਹੀ ਕਿਸੇ ਵੀ ਅਣਗਹਿਲੀ ਲਈ ਸਬੰਧਤ ਡਿਪਟੀ ਕਮਿਸ਼ਨਰ ਨੂੰ ਜਵਾਬਦੇਹ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਹਰ ਸੂਬੇ ਵਿਚ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਪੰਜਾਬ ’ਚ ਵੱਡੇ ਪੱਧਰ ’ਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੀਤੇ ਤਬਾਦਲੇ

ਇਨ੍ਹਾਂ ਹੁਕਮਾਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿਚ ਡੀ.ਸੀ. ਸਾਕਸ਼ੀ ਸਾਹਨੀ ਵੱਲੋਂ 'ਸਵਾਗਤ ਅਤੇ ਸਹਾਇਤਾ ਕੇਂਦਰ' ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਜਾਂ ਪ੍ਰੇਸ਼ਾਨੀ ਨੂੰ ਰੋਕਣ ਲਈ ਇਸ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਹੈ। ਇੱਥੇ ਇਕ ਸਮਰਪਿਤ ਟੀਮ ਆਮ ਲੋਕਾਂ ਨੂੰ ਉਨ੍ਹਾਂ ਦੇ ਰੁਟੀਨ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਸਹੂਲਤ ਦੇਵੇਗੀ ਤਾਂ ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਵਾਗਤ ਅਤੇ ਸਹਾਇਤਾ ਕੇਂਦਰ ਉਨ੍ਹਾਂ ਦੇ ਦਫ਼ਤਰ ਦੇ ਬਿਲਕੁਲ ਬਾਹਰ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਸੀ.ਸੀ.ਟੀ.ਵੀ. ਰਾਹੀਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ।

PunjabKesari

ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਰੁਟੀਨ ਦੇ ਕੰਮਾਂ ਨੂੰ ਸਮਾਂਬੱਧ ਅਤੇ ਤੁਰੰਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਉਹ ਸਾਰੀਆਂ ਫਾਈਲਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ ਤਾਂ ਜੋ ਲੋਕਾਂ ਨੂੰ ਆਪਣੇ ਰੁਟੀਨ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦਾ ਕਹਿਰ ਜਾਰੀ! ਹੁਣ ਰਾਤ ਨੂੰ ਵੀ ਨਹੀਂ ਮਿਲ ਰਹੀ ਰਾਹਤ

ਡੀ.ਸੀ. ਸਾਕਸ਼ੀ ਸਾਹਨੀ ਨੇ ਕਿਹਾ ਕਿ ਇਕ ਵਾਰ ਜਦੋਂ ਕੋਈ ਵਿਅਕਤੀ ਕਿਸੇ ਵਿਸ਼ੇਸ਼ ਸ਼ਿਕਾਇਤ/ਕੰਮ ਲਈ ਆਪਣੀ ਅਰਜ਼ੀ ਜਮ੍ਹਾਂ ਕਰਾਉਂਦਾ ਹੈ, ਤਾਂ ਇਸ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ। ਆਮ ਲੋਕ ਵੀ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਦੀ ਜਾਂਚ ਕਰਨ ਦੇ ਯੋਗ ਹੋਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਅਰਜ਼ੀ ਦਾ ਕੀ ਹੋਇਆ ਇਹ ਵੇਖਣ ਲਈ ਵਾਪਸ ਨਾ ਜਾਣਾ ਪਵੇ।

ਮੁੱਖ ਮੰਤਰੀ ਵਿੰਡੋ ਲਈ ਜਗ੍ਹਾ ਦੀ ਹੋਈ ਸ਼ਨਾਖਤ

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਸੀ. ਦਫ਼ਤਰ ਵਿਚ ਮੁੱਖ ਮੰਤਰੀ ਵਿੰਡੋ ਲਈ ਸਥਾਨ ਦੀ ਵੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਆਮ ਲੋਕ ਵਿਸ਼ੇਸ਼ ਵਿੰਡੋ ਰਾਹੀਂ ਸੂਬਾ ਹੈੱਡਕੁਆਰਟਰ ਪੱਧਰ 'ਤੇ ਆਪਣੀਆਂ ਸ਼ਿਕਾਇਤਾਂ ਦੇ ਹੱਲ ਕਰ ਸਕਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਆਮ ਲੋਕਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਅਸੁਵਿਧਾ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News