ਸੁਰੱਖਿਆ ਦੇ ਮੱਦੇਨਜ਼ਰ DCP ਅੰਕੁਰ ਗੁਪਤਾ ਵੱਲੋਂ ਨਵੇਂ ਹੁਕਮ ਜਾਰੀ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

07/15/2023 6:01:39 PM

ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਆਫ਼ ਪੁਲਸ ਅੰਕੁਰ ਗੁਪਤਾ ਵਲੋਂ ਲੋਕ ਹਿੱਤ ਅਤੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਜਲੰਧਰ ਦੀ ਹਦੂਦ ਅੰਦਰ ਵਾਹਨ ਖੜ੍ਹੀਆਂ ਕਰਨ ਵਾਲੀਆਂ ਥਾਵਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ, ਬੁੱਲਟ ਮੋਟਰ ਸਾਈਕਲ ਚਲਾਉਂਦੇ ਸਮੇਂ ਸਾਇਲੈਂਸਰ ’ਚ ਤਕਨੀਕੀ ਫੇਰਬਦਲ ਕਰਵਾਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ਵਿੱਚ ਕਿਸੇ ਵੀ ਵਿਅਕਤੀ ਨੂੰ ਬਿਨਾਂ ਸ਼ਨਾਖਤੀ ਕਾਰਡ ਦੀ ਕਾਪੀ ਤੋਂ ਠਹਿਰਣ ਦੀ ਇਜ਼ਾਜਤ ਨਾ ਦੇਣ, ਕਮਿਸ਼ਨਰੇਟ ਪੁਲਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ’ਚ ਹਥਿਆਰ ਲੈ ਕੇ ਜਾਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤਾ ਹੈ ਕਿ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ. ਸੀ. ਟੀ. ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ. ਸੀ. ਟੀ. ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ, ਉਸ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ. ਸੀ. ਟੀ. ਵੀ.ਕੈਮਰਿਆਂ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ. ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਟੀ ਬ੍ਰਾਂਚ ਦਫ਼ਤਰ ਪੁਲਸ ਕਮਿਸ਼ਨਰ ਜਲੰਧਰ ’ਚ ਜਮ੍ਹਾ ਕਰਵਾਈ ਜਾਵੇ।

ਇਹ ਵੀ ਪੜ੍ਹੋ : ਹੜ੍ਹ ਦੌਰਾਨ ਸਤਲੁਜ ਕੰਢੇ ਝੌਂਪੜੀ ’ਚ ਨਵੀਂ ਜ਼ਿੰਦਗੀ ਨੇ ਲਿਆ ਜਨਮ, ਫਰਿਸ਼ਤਾ ਬਣ ਬਹੁੜੀ ਸ਼੍ਰੋਮਣੀ ਕਮੇਟੀ 

ਇਸੇ ਤਰ੍ਹਾਂ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ’ਚ ਉਸ ਦਾ ਇੰਦਰਾਜ ਵਾਹਨ ਮਾਲਕ ਦਾ ਨਾਮ, ਮੋਬਾਇਲ ਫੋਨ ਨੰਬਰ ਆਈ. ਡੀ., ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖ਼ਤ ਕਰਵਾਏ ਜਾਣ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਇੰਦਰਾਜ ਰਜਿਸਟਰ ’ਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਪਾਸੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਰਕਿੰਗ ਵਾਲੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਸ ਵੈਰੀਫਿਕੇਸ਼ਨ ਸਬੰਧਿਤ ਥਾਣਿਆਂ ਤੋਂ ਕਰਵਾਈ ਜਾਵੇ। ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ’ਚ ਰੱਖ ਕੇ ਚੱਲਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ’ਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 18 ਸਿੱਖ ਰੈਜੀਮੈਂਟ ਨੇ ਫਿਰ ਸੰਕਟ ’ਚ ਨਿਭਾਈ ਅਹਿਮ ਭੂਮਿਕਾ, ਹੜ੍ਹ ’ਚ ਫਸੇ ਪਰਿਵਾਰਾਂ ਨੂੰ ਕੱਢਿਆ ਸੁਰੱਖਿਅਤ ਬਾਹਰ
ਇਸੇ ਤਰ੍ਹਾਂ ਡੀ. ਸੀ. ਪੀ. ਨੇ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ’ਚ ਪਬਲਿਕ ਵਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਮੈਰਿਜ ਪੈਲੇਸਾਂ ਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲਸਾਂ/ਦਾਅਵਤ ਹਾਲਾਂ ’ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਜ਼ਿੰਮੇਵਾਰ ਹੋਣਗੇ। ਡਿਪਟੀ ਕਮਿਸ਼ਨਰ ਆਫ਼ ਪੁਲਸ ਦੇ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜ਼ੀ, ਸੈਨਿਕ/ਅਰਧ ਸੈਨਿਕ ਬੱਲ/ਪੁਲਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਖ਼ਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ। ਵਰਦੀ ਖ਼ਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਮ, ਪਤਾ, ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ’ਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਸ ਨੂੰ ਮੁਹੱਈਆ ਕਰਵਾਏਗਾ। ਇਕ ਹੋਰ ਹੁਕਮ ਜਾਰੀ ਕੀਤੇ ਗਏ ਹਨ ਕਿ ਮਕਾਨ ਮਾਲਕ ਘਰਾਂ ’ਚ ਕਿਰਾਏਦਾਰ ਅਤੇ ਪੀ. ਜੀ. ਮਾਲਕ ਪੀ. ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ’ਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਸ ਦੇ ਸਾਂਝ ਕੇਂਦਰ ’ਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ। ਇਸੇ ਤਰ੍ਹਾਂ ਪੁਲਸ ਕਮਿਸ਼ਨਰੇਟ ਦੇ ਇਲਾਕੇ ’ਚ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਵਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ : ਆਖਿਰ ਡਾਊਨ ਹੋਣ ਲੱਗਾ ਬੁੱਢੇ ਨਾਲੇ ਦਾ ਲੈਵਲ, DC ਤੇ ਨਿਗਮ ਕਮਿਸ਼ਨਰ ਨੇ ਹਾਲਾਤ ਦਾ ਲਿਆ ਜਾਇਜ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News