ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ

Thursday, Jul 16, 2026 - 12:16 PM (IST)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ

ਸ੍ਰੀ ਅਨੰਦਪੁਰ ਸਾਹਿਬ (ਸ.ਹ.)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਿਲਕੁਲ ਸਾਹਮਣੇ ਪੈਂਦੀ ਰੇਲਵੇ ਲਾਈਨ ਦੇ ਪਾਰ ਇਕ ਸਿੱਖ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਅੰਦਰ ਹੜਕੰਪ ਮੱਚ ਗਿਆ ਅਤੇ ਵੇਖਦਿਆਂ ਹੀ ਵੇਖਦਿਆਂ ਦੇਰ ਰਾਤ ਤੱਕ ਘਟਨਾ ਸਥਾਨ 'ਤੇ ਪਰਿਵਾਰ ਵਾਲਿਆਂ ਅਤੇ ਸ਼ਹਿਰ ਵਾਲਿਆਂ ਦਾ ਭਾਰੀ ਇਕੱਠ ਹੋ ਗਿਆ। ਇਸ ਗੱਲ ਨੂੰ ਲੈ ਕੇ ਪਰਿਵਾਰ ਵਾਲਿਆਂ ਨੇ ਰੇਲਵੇ ਲਾਈਨ ਪਾਰ ਬਣੀਆਂ ਝੁੱਗੀਆਂ ਵਾਲਿਆਂ 'ਤੇ ਉਨ੍ਹਾਂ ਦੇ ਮੁੰਡੇ ਦਾ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਦੁਪਹਿਰ ਵੇਲੇ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਇਕੱਠੇ ਹੋ ਕੇ ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਿਲਕੁਲ ਸਾਹਮਣੇ ਪੈਂਦੇ ਵੇਰਕਾ ਚੌਕ ਵਿਚ ਜਾਮ ਲਗਾ ਦਿੱਤਾ, ਜਿਸ ਕਾਰਨ ਮੁੱਖ ਮਾਰਗ ਦੇ ਦੋਨੋਂ ਪਾਸੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗ ਗਈਆਂ।

ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ

PunjabKesari

ਜਾਮ ਲਗਾ ਕੇ ਬੈਠੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਰੇਲਵੇ ਲਾਈਨਾਂ ਦੇ ਪਾਰ ਬਣੀਆਂ ਨਾਜਾਇਜ਼ ਝੁੱਗੀਆਂ ਵਿਚ ਰਹਿੰਦੇ ਪ੍ਰਵਾਸੀ ਲੋਕਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਸ਼ਰਾਬ ਅਤੇ ਹੋਰ ਕਈ ਤਰ੍ਹਾਂ ਦੇ ਜ਼ਹਿਰੀਲੇ ਨਸ਼ੇ ਵੇਚੇ ਜਾ ਰਹੇ ਹਨ, ਜਿਨ੍ਹਾਂ ਨੂੰ ਵੇਚਣ ਤੋਂ ਰੋਕਣ ਲਈ ਉਨ੍ਹਾਂ ਦਾ ਲੜਕਾ ਬਲਜੀਤ ਸਿੰਘ (45) ਪੁੱਤਰ ਦਿਲਬਾਗ ਸਿੰਘ ਵਾਸੀ ਮੁਹੱਲਾ ਨਵੀਂ ਆਬਾਦੀ ਬੀਤੀ ਦੇਰ ਸ਼ਾਮ ਝੁੱਗੀਆਂ ਵੱਲ ਗਿਆ ਸੀ ਪਰ ਜਦੋਂ ਕਾਫ਼ੀ ਸਮਾਂ ਲੰਘ ਜਾਣ ਦੇ ਬਾਵਜੂਦ ਬਲਜੀਤ ਸਿੰਘ ਘਰ ਵਾਪਸ ਨਾ ਆਇਆ ਤਾਂ ਪਰਿਵਾਰ ਵਾਲਿਆਂ ਨੇ ਜਾ ਕੇ ਜਦੋਂ ਵੇਖਿਆ ਤਾਂ ਉਨ੍ਹਾਂ ਦੇ ਮੁੰਡੇ ਦੀ ਲਾਸ਼ ਝੁੱਗੀਆਂ ਨੇੜੇ ਪਈ ਹੋਈ ਸੀ, ਜਿਸ ਦੀ ਸੂਚਨਾ ਉਨ੍ਹਾਂ ਵੱਲੋਂ ਤੁਰੰਤ ਪੁਲਸ ਨੂੰ ਦਿੱਤੀ ਗਈ।

ਮ੍ਰਿਤਕ ਨੌਜਵਾਨ ਬਲਜੀਤ ਸਿੰਘ ਦੇ ਕਾਤਲਾਂ ਨੂੰ ਫੜਨ ਅਤੇ ਪਰਿਵਾਰ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਇਕੱਠੇ ਹੋ ਕੇ ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਪੈਂਦੇ ਵੇਰਕਾ ਚੌਕ ਦੇ ਵਿਚਕਾਰ ਜਾਮ ਲਗਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ 'ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਜਤਿਨ ਕਪੂਰ ਨੇ ਸਥਿਤੀ ਨੂੰ ਸੰਭਾਲਿਆ ਅਤੇ ਪਰਿਵਾਰ ਵਾਲਿਆਂ ਨੂੰ ਬਣਦੀ ਕਾਰਵਾਈ ਦਾ ਵਿਸ਼ਵਾਸ ਦਿਵਾਇਆ।

ਇਹ ਵੀ ਪੜ੍ਹੋ: ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ 

ਧਰਨਾਕਾਰੀਆਂ ਵੱਲੋਂ ਤਕਰੀਬਨ ਪੌਣੇ ਘੰਟੇ ਬਾਅਦ ਜਾਮ ਨੂੰ ਖੋਲ੍ਹਿਆ ਗਿਆ, ਜਿਸ 'ਤੇ ਜਾਮ ਵਿਚ ਫ਼ਸੀਆਂ ਗੱਡੀਆਂ ਵਾਲਿਆਂ ਨੇ ਸੁੱਖ ਦਾ ਸਾਹ ਲਿਆ। ਜਾਮ ਲਗਾਉਣ ਵਾਲੇ ਧਰਨਾਕਾਰੀਆਂ ਵਿਚ ਰਵਿੰਦਰ ਸਿੰਘ, ਮਹਿੰਦਰ ਪ੍ਰਤਾਪ ਸਿੰਘ, ਕੁਲਦੀਪ ਸਿੰਘ, ਭਾਗ ਸਿੰਘ, ਗੁਲਾਬ ਸਿੰਘ, ਗੁਰਪ੍ਰਤਾਪ ਸਿੰਘ, ਰੇਸ਼ਮ ਸਿੰਘ, ਨਰਿੰਦਰ ਕੌਰ, ਇੰਦਰਜੀਤ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰ ਅਤੇ ਰਿਸ਼ਤੇਦਾਰ ਸ਼ਾਮਲ ਸਨ।

ਕੀ ਕਹਿਣਾ ਹੈ ਡੀ. ਐੱਸ. ਪੀ. ਦਾ
ਜਦੋਂ ਇਸ ਸਬੰਧੀ ਡੀ. ਐੱਸ. ਪੀ. ਜਸ਼ਨਦੀਪ ਸਿੰਘ ਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦਾ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਰਿਪੋਰਟ ਆਉਣ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News