ਮਾਨਸਿਕ ਤੌਰ ’ਤੇ ਪਰੇਸ਼ਾਨ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ
Monday, Nov 23, 2026 - 11:16 AM (IST)
ਬੁਢਲਾਡਾ (ਬਾਂਸਲ) : ਸਥਾਨਕ ਰੇਲਵੇ ਸਟੇਸ਼ਨ ਦੇ ਨਜ਼ਦੀਕ ਸ਼ਾਮ ਕਰੀਬ 5 ਵਜੇ ਇਕ 26 ਸਾਲਾ ਨੌਜਵਾਨ ਦੀ ਰੇਲਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਂਕੀ ਦੇ ਜਾਂਚ ਅਧਿਕਾਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ ਵਾਸੀ ਕਿਸ਼ਨਗੜ੍ਹ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ।
ਜਾਂਚ ਅਧਿਕਾਰੀ ਅਨੁਸਾਰ ਇਹ ਘਟਨਾ ਬਰੇਟਾ-ਬੁਢਲਾਡਾ ਰੇਲਵੇ ਲਾਈਨ ’ਤੇ ਵਾਪਰੀ, ਜਿੱਥੇ ਮਾਨਸਾ ਤੋਂ ਜਾਖਲ ਵੱਲ ਜਾ ਰਹੀ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੋਸਟਮਾਰਟਮ ਦੀ ਕਾਰਵਾਈ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕੀਤੀ ਜਾਵੇਗੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਇਸ ਘਟਨਾ ਨਾਲ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
