ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ

Friday, Apr 24, 2026 - 06:33 PM (IST)

ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਜ਼ਿਲ੍ਹੇ ਦੇ ਪਿੰਡ ਹਰੀਕੇ ਕਲਾਂ ਵਿਚ ਵੀਰਵਾਰ ਦੀ ਦੇਰ ਸ਼ਾਮ ਨਸ਼ੇ ਦੀ ਓਵਰਡੋਜ਼ ਕਾਰਨ 32 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਬੀਏ ਅਤੇ ਐਨਟੀਟੀ ਪਾਸ ਸੀ ਪਰ ਬੇਰੁਜ਼ਗਾਰੀ ਅਤੇ ਨਸ਼ੇ ਦੇ ਦਲਦਲ ਨੇ ਉਸਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਨੌਜਵਾਨ ਦੀ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਲਾਸ਼ ਨੂੰ ਪਿੰਡ ਦੇ ਹੀ ਇੱਕ ਕਥਿਤ ਨਸ਼ਾ ਤਸਕਰ ਦੇ ਘਰ ਅੱਗੇ ਰੱਖ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸ਼ੁੱਕਰਵਾਰ ਦੇਰ ਸ਼ਾਮ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਿਹਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਦੀ ਮੌਤ ਉਸੇ ਘਰ ਦੇ ਬਾਹਰ ਹੋਈ ਹੈ, ਜਿੱਥੇ ਸ਼ਰੇਆਮ ਨਸ਼ਾ ਵੇਚਿਆ ਜਾਂਦਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਨਸ਼ਾ ਤਸਕਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਇਆ ਜਾਵੇ। 

ਮ੍ਰਿਤਕ ਦੇ ਭਰਾ ਜਗਮੀਤ ਸਿੰਘ ਨੇ ਦੱਸਿਆ ਕਿ ਉਸਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਪਿੰਡ ਦੇ ਹੀ ਜਸ਼ਨਦੀਪ ਸਿੰਘ ਦੇ ਘਰ ਦੇ ਅੰਦਰ ਡਿੱਗਿਆ ਪਿਆ ਹੈ ਜਦੋਂ ਉਹ ਆਪਣੇ ਪਰਿਵਾਰ ਸਮੇਤ ਮੌਕੇ ’ਤੇ ਪਹੁੰਚਿਆ ਤਾਂ ਮਨਪ੍ਰੀਤ ਦੀ ਬਾਂਹ ਵਿਚ ਨਸ਼ੇ ਵਾਲੀ ਸਰਿੰਜ ਲੱਗੀ ਹੋਈ ਸੀ ਅਤੇ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉੱਥੇ ਮੌਜੂਦ ਵਿਅਕਤੀਆਂ ਨੇ ਹੀ ਉਸਨੂੰ ਨਸ਼ੇ ਦਾ ਟੀਕਾ ਲਗਾ ਕੇ ਮੌਤ ਦੇ ਮੂੰਹ ਵਿਚ ਧੱਕਿਆ ਹੈ। ਪਿੰਡ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਸਮੇਂ ਰਹਿੰਦਿਆਂ ਕਾਰਵਾਈ ਹੁੰਦੀ ਤਾਂ ਅੱਜ ਉਨ੍ਹਾਂ ਦਾ ਪੜ੍ਹਿਆ-ਲਿਖਿਆ ਪੁੱਤ ਜੀਵਿਤ ਹੁੰਦਾ।

ਉੱਧਰ, ਐਸਪੀ (ਡੀ) ਮਨਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕੀਤੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਜਸ਼ਨਦੀਪ ਸਿੰਘ, ਗਗਨਦੀਪ ਸਿੰਘ ਪੁੱਤਰ ਕ੍ਰਿਸ਼ਨ ਸਿੰਘ, ਲਖਵੀਰ ਕੌਰ ਪਤਨੀ ਕ੍ਰਿਸ਼ਨ ਸਿੰਘ, ਰਵੀਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਅਤੇ ਹਨੀ ਸਿੰਘ ਪੁੱਤਰ ਪਾਲੀ ਸਿੰਘ ਨਿਵਾਸੀ ਹਰੀਕੇ ਕਲਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਹੋਰਾਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Gurminder Singh

Content Editor

Related News