ਹਾਦਸੇ ''ਚ ਮੋਟਰਸਾਈਕਲ ਚਾਲਕ ਦੀ ਮੌਤ
Tuesday, Jun 13, 2017 - 12:52 AM (IST)
ਮੋਗਾ, (ਆਜ਼ਾਦ)- ਬੀਤੀ ਦੇਰ ਰਾਤ ਪਿੰਡ ਸਿੰਘਾਂਵਾਲਾ ਕੋਲ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਕਾਲਾ ਸਿੰਘ (28) ਨਿਵਾਸੀ ਪਿੰਡ ਸਿੰਘਾਂਵਾਲਾ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਕੇਵਲ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਲਾ ਸਿੰਘ ਜੋ ਦੋ ਬੱਚਿਆਂ ਦਾ ਪਿਤਾ ਸੀ, ਪਿੰਡ ਚੰਦ ਨਵਾਂ ਵਿਖੇ ਟੈਂਟ ਦਾ ਕੰਮ ਕਰਦਾ ਸੀ। ਬੀਤੀ ਦੇਰ ਰਾਤ ਜਦੋਂ ਉਹ ਚੰਦ ਨਵਾਂ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਰਸਤੇ 'ਚ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਗਿਆ। ਇਸ ਸਬੰਧੀ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਪੁੱਤਰ ਕਰਮ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਥਾਣਾ ਸਿਟੀ ਸਾਊਥ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
