ਹਾਦਸੇ ''ਚ ਜ਼ਖਮੀ ਮੋਟਰਸਾਈਕਲ ਚਾਲਕ ਦੀ ਮੌਤ

03/22/2018 4:43:22 AM

ਮੋਗਾ,   (ਆਜ਼ਾਦ)-  ਬੀਤੀ ਰਾਤ ਪਿੰਡ ਡਰੋਲੀ ਭਾਈ ਤੇ ਸੋਸ਼ਣ 'ਚ ਅਣਪਛਾਤੇ ਵ੍ਹੀਕਲ ਦੀ ਲਪੇਟ 'ਚ ਆ ਕੇ ਜ਼ਖਮੀ ਤਰਸੇਮ ਸਿੰਘ (32) ਪੁੱਤਰ ਸ਼ੀਤਲ ਸਿੰਘ ਨਿਵਾਸੀ ਪਿੰਡ ਸੋਸ਼ਣ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ 'ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਥਾਣਾ ਸਦਰ ਪੁਲਸ ਵੱਲੋਂ ਮ੍ਰਿਤਕ ਦੇ ਭਰਾ ਜਗਤਾਰ ਸਿੰਘ ਪੁੱਤਰ ਸ਼ੀਤਲ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 
ਹਾਦਸੇ ਦਾ ਪਤਾ ਲੱਗਣ 'ਤੇ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ।  ਪੁਲਸ ਸੂਤਰਾਂ ਅਨੁਸਾਰ ਤਰਸੇਮ ਸਿੰਘ, ਜੋ ਦੋ ਬੱਚਿਆਂ ਦਾ ਪਿਤਾ ਸੀ, ਆਪਣੇ ਭਰਾ ਜਗਤਾਰ ਸਿੰਘ ਨਾਲ ਪਿੰਡ ਮੰਗੇਵਾਲਾ 'ਚ ਲੱਕੜ ਦਾ ਕੰਮ ਕਰਦਾ ਸੀ, ਜਦ ਉਹ ਆਪਣੇ ਮੋਟਰਸਾਈਕਲ 'ਤੇ ਵਾਪਸ ਦੇਰ ਰਾਤ ਆ ਘਰ ਆ ਰਿਹਾ ਸੀ ਤਾਂ ਰਸਤੇ 'ਚ ਅਣਪਛਾਤੇ ਵ੍ਹੀਕਲ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ 'ਤੇ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। 
ਪਿੱਛੇ ਆ ਰਹੇ ਉਸ ਦੇ ਭਰਾ ਜਗਤਾਰ ਸਿੰਘ ਨੇ ਉਸ ਨੂੰ ਤੁਰੰਤ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਮੋਗਾ ਲਿਆਂਦਾ।
ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਫਰੀਦਕੋਟ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ ਅਤੇ ਅਣਪਛਾਤੇ ਵ੍ਹੀਕਲ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ।