ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Wednesday, Jan 03, 2018 - 07:51 AM (IST)
ਸਮਾਣਾ, (ਦਰਦ)- ਸੋਮਵਾਰ ਦੇਰ ਸ਼ਾਮ ਸਮਾਣਾ-ਪਟਿਆਲਾ ਸੜਕ 'ਤੇ ਸਥਿਤ ਪਿੰਡ ਫਤਿਹਪੁਰ ਨੇੜੇ ਇਕ ਅਣਪਛਾਤੇ ਵਾਹਨ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਸਿਵਲ ਹਸਪਤਾਲ ਵਿਚ ਮ੍ਰਿਤਕ ਵਿਅਕਤੀ ਹਰਦੀਪ ਸਿੰਘ ਉਰਫ ਲਾਡੀ (32) ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਲਾਲਗੜ੍ਹ ਦਾ ਪੋਸਟਮਾਰਟਮ ਕਰਵਾਉਣ ਆਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਸਮਾਣਾ ਵਿਖੇ ਕਿਸੇ ਪ੍ਰਾਈਵੇਟ ਕਾਰ ਦੇ ਡਰਾਈਵਰ ਵਜੋਂ ਕੰਮ ਕਰਦਾ ਸੀ। ਰੋਜ਼ਾਨਾ ਵਾਂਗ ਸ਼ਾਮ ਸਮੇਂ ਆਪਣੇ ਕੰਮ ਤੋਂ ਛੁੱਟੀ ਕਰ ਕੇ ਮੋਟਰਸਾਈਕਲ 'ਤੇ ਪਿੰਡ ਵਾਪਸ ਆ ਰਿਹਾ ਸੀ। ਇਸੇ ਦੌਰਾਨ ਪਿੰਡ ਤੋਂ ਸਿਰਫ ਇਕ ਕਿਲੋਮੀਟਰ ਦੀ ਦੂਰੀ 'ਤੇ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਹਰਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ 2 ਛੋਟੇ ਬੱਚੇ ਛੱਡ ਗਿਆ ਹੈ। ਇਸ ਸਬੰਧੀ ਸਿਟੀ ਪੁਲਸ ਅਧਿਕਾਰੀ ਸੁਰਜਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਾਹਨ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
