ਕਰਜ਼ੇ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Monday, Oct 18, 2021 - 05:53 PM (IST)
ਦਿੜ੍ਹਬਾ ਮੰਡੀ, ਕੌਹਰੀਆਂ (ਅਜੈ, ਸ਼ਰਮਾ)-ਸੂਬੇ ਅੰਦਰ ਕਰਜ਼ੇ ਦੀ ਮਾਰ ਹੇਠ ਆਉਣ ਕਰਕੇ ਆਰਥਿਕ ਪ੍ਰੇਸ਼ਾਨੀ ਦੇ ਚੱਲਦਿਆਂ ਨਿੱਤ ਦਿਨ ਕਿਸਾਨ ਆਤਮ-ਹੱਤਿਆ ਕਰਨ ਵਰਗਾ ਭਿਆਨਕ ਕਦਮ ਚੁੱਕਣ ਲਈ ਮਜਬੂਰ ਹੋ ਰਹੇ ਹਨ, ਇਸ ਤਰ੍ਹਾਂ ਦਿੜ੍ਹਬਾ ਇਲਾਕੇ ਦੇ ਇਕ ਹੋਰ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਪੁਲਸ ਚੌਕੀ ਕੌਹਰੀਆਂ ਨੇ ਦੱਸਿਆ ਕਿ ਪਿੰਡ ਰੋਗਲਾ ਦੇ ਭਗਵੰਤ ਸਿੰਘ ਨੇ ਪੁਲਸ ਕੋਲ ਦਰਜ ਕਰਵਾਏ ਆਪਣੇ ਬਿਆਨ ’ਚ ਕਿਹਾ ਹੈ ਕਿ ਉਸ ਦਾ ਪੁੱਤਰ ਪ੍ਰਭਜੋਤ ਸਿੰਘ ਉਰਫ ਬਸੰਤ (22), ਜੋ ਆਪਣੇ ਸਿਰ ਤਕਰੀਬਨ 8 ਲੱਖ ਦੇ ਚੜ੍ਹੇ ਕਰਜ਼ੇ ਕਾਰਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ ਬੀਤੇ ਦਿਨ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਲੈ ਗਏ, ਜਿਥੇ ਬੀਤੀ ਰਾਤ ਉਸ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਦੀ ਮੌਤ ਹੋ ਗਈ।
ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਪ੍ਰਭਜੋਤ ਸਿੰਘ ਦਾ ਇਕ ਡੇਢ ਸਾਲ ਦਾ ਬੱਚਾ ਵੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ 10 ਲੱਖ ਰੁਪਏ ਦੀ ਮਾਲੀ ਮਦਦ ਕੀਤੀ ਜਾਵੇ ਅਤੇ ਉਸ ਦੇ ਕਰਜ਼ੇ ’ਤੇ ਲਕੀਰ ਮਾਰੀ ਜਾਵੇ।