''ਪਿੰਡ ਬਾਦਲ ਵਿਖੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਯਾਦਗਾਰ ਬਣਾਉਣ ਲਈ ਗ੍ਰਾਮ ਪੰਚਾਇਤ ਨੂੰ ਦਿੱਤੇ ਜਾਣਗੇ 10 ਲੱਖ''
Wednesday, Sep 23, 2020 - 01:37 AM (IST)

ਬੋਹਾ,(ਮਨਜੀਤ)-ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਸੁਧਾਰ ਆਰਡੀਨੈਂਸ ਦੇ ਵਿਰੋਧ 'ਚ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਮੁਹਰੇ ਦਿੱਤੇ ਗਏ ਧਰਨੇ ਦੌਰਾਨ ਖੁਦਕੁਸ਼ੀ ਕਰਨ ਵਾਲੇ ਪਿੰਡ ਅੱਕਾਂਵਾਲੀ ਦੇ ਕਿਸਾਨ ਪ੍ਰੀਤਮ ਸਿੰਘ ਦੀ ਪਿੰਡ ਵਿੱਚ ਯਾਦਗਾਰ ਬਣਾਉਣ ਲਈ ਪੰਚਾਇਤ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਜਿਸ ਨਾਲ ਪਿੰਡ 'ਚ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੀ ਇੱਕ ਯਾਦਗਾਰ ਉਸਾਰੀ ਜਾਵੇਗੀ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨਾਲ ਕਿਸਾਨਾਂ ਦੀ ਬਰਬਾਦੀ ਦਾ ਮੁੱਢ ਬੱਝਿਆ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਇਸ ਦਾ ਕੋਈ ਫਿਕਰ ਨਹੀਂ ਰਿਹਾ। ਬਲਕਿ ਵੱਡੇ ਪਰਿਵਾਰਾਂ ਤੋਂ ਚੋਣ ਫੰਡ ਦੇ ਨਾਮ ਤੇ ਵੱਡੀਆਂ ਵਸੂਲੀਆਂ ਕਰਨ ਦੀ ਚਿੰਤਾ ਹੋ ਰਹੀ ਹੈ।
ਮੋਫਰ ਨੇ ਕਿਸਾਨ ਪ੍ਰੀਤਮ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਸਰਕਾਰ ਵੱਲੋਂ ਮ੍ਰਿਤਕ ਦੀ ਪਿੰਡ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਇੱਕ ਯਾਦਗਾਰ ਉਸਾਰੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਫਿਕਰਮੰਦੀ ਅਤੇ ਅਰਥਿਕ ਮੰਦੀ ਵਿੱਚੋਂ ਲੰਘ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਵੱਡੇ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਜਿਸ ਕਰਕੇ ਕਿਸਾਨਾਂ ਨੂੰ ਮਜਬੂਰ ਹੋ ਕੇ ਖੁਦਕੁਸ਼ੀਆਂ ਦਾ ਰਾਹ ਚੁਣਨਾ ਪੈ ਰਿਹਾ ਹੈ। ਉਨ੍ਹਾਂ ਕੈਪਟਨ ਸਰਕਾਰ ਦੇ ਯਤਨਾਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਹੁਣ ਸਰਕਾਰ ਕੇਂਦਰ ਸਰਕਾਰ ਤੋਂ ਆਰਡੀਨੈਂਸ ਰੱਦ ਕਰਵਾਉਣ ਵਾਸਤੇ ਹਰ ਤਰ੍ਹਾਂ ਦੇ ਸੰਘਰਸ ਲਈ ਤਿਆਰ ਹੈ।ਇਸ ਮੌਕੇ ਮੋਫਰ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਅਤੇ ਵਾਅਦਾ ਕੀਤਾ ਕਿ ਕਿਸਾਨ ਅੰਦੋਲਨ ਵਿੱਚ ਕੇਂਦਰ ਸਰਕਾਰ ਖਿਲਾਫ ਡਟਕੇ ਖੜ੍ਹਣਗੇ। ਇਸ ਮੌਕੇ ਸਰਪੰਚ ਰਾਜੂ ਅੱਕਾਂਵਾਲੀ, ਪ੍ਰਧਾਨ ਗੋਗਾ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।