ਆਖਿਰ ਕਿਉਂ ਲਿਆ ਗਿਆ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ, ਮੰਤਰੀ ਲਾਲਜੀਤ ਭੁੱਲਰ ਨੇ ਦੱਸੀ ਵਜ੍ਹਾ

Friday, Sep 01, 2023 - 12:29 AM (IST)

ਆਖਿਰ ਕਿਉਂ ਲਿਆ ਗਿਆ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ, ਮੰਤਰੀ ਲਾਲਜੀਤ ਭੁੱਲਰ ਨੇ ਦੱਸੀ ਵਜ੍ਹਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇੱਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ।

ਇਹ ਵੀ ਪੜ੍ਹੋ : GST ਵਿਭਾਗ ਤੋਂ ਤੰਗ ਲੋਹਾ ਸਕ੍ਰੈਪ ਵਪਾਰੀਆਂ ਨੇ ਬੰਦ ਕੀਤੀ ਖਰੀਦ, 4 ਤੋਂ ਸ਼ੁਰੂ ਕਰਨਗੇ ਵੱਡਾ ਸੰਘਰਸ਼

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ 'ਚ ਪੰਚਾਇਤੀ ਚੋਣਾਂ ਨੂੰ ਸਮੇਂ ਸਿਰ ਕਰਵਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ, ਵਾਰਡਬੰਦੀ ਅਤੇ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਆਦਿ ਦੀ ਪ੍ਰਕਿਰਿਆ ਕਾਫ਼ੀ ਲੰਮੀ ਸੀ। ਸੂਬੇ ਵਿੱਚ ਆਏ ਹੜ੍ਹਾਂ ਕਾਰਨ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਲੋਕਾਂ ਦੀ ਸਹਾਇਤਾ ਲਈ ਰੁੱਝੇ ਹੋਣ ਕਰਕੇ ਇਹ ਕਾਰਜ ਅੱਧਵਾਟੇ ਹੀ ਰੁਕ ਗਿਆ ਸੀ।

ਇਹ ਵੀ ਪੜ੍ਹੋ : 46 ਸਾਲਾ ਪੁਰਾਣੀ JCT ਮਿੱਲ ਬੰਦ ਕਰਨ ਦਾ ਐਲਾਨ, ਰੋਹ 'ਚ ਆਏ ਸੈਂਕੜੇ ਵਰਕਰਾਂ ਨੇ ਚਿੰਤਪੂਰਨੀ ਹਾਈਵੇਅ ਕੀਤਾ ਜਾਮ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਚਾਇਤੀ ਚੋਣਾਂ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫ਼ੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News