ਵਿਜੀਲੈਂਸ ਬਿਊਰੋ ਵੱਲੋਂ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਸੀਕਾ ਨਵੀਸ ਗ੍ਰਿਫ਼ਤਾਰ
Wednesday, May 03, 2023 - 07:06 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜੜੌਤ, ਡੇਰਾਬੱਸੀ ਸਬ-ਡਵੀਜ਼ਨ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਇਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ATM ਤੋੜਨ ਵਾਲੇ ਨਸ਼ਾ ਸੌਦਾਗਰ ਚੜ੍ਹੇ ਪੁਲਸ ਦੇ ਅੜਿੱਕੇ, ਦੇਖੋ ਕੀ-ਕੀ ਹੋਇਆ ਬਰਾਮਦ
ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ਵਸੀਕਾ ਨਵੀਸ ਨੇ ਉਸ ਦੇ ਪਿਤਾ ਵੱਲੋਂ ਵੇਚੀ ਜਾਣ ਵਾਲੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ ਉਸ ਤੋਂ ਰਜਿਸਟਰੀ ਫੀਸ ਦੀ ਕੁਲ ਰਕਮ ਦੇ ਇਕ ਫ਼ੀਸਦੀ ਬਤੌਰ ਕਮਿਸ਼ਨ 35,000 ਰੁਪਏ ਰਿਸ਼ਵਤ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਇਲ 'ਚ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ : ਲੱਖਾਂ ਦੀ ਜਾਅਲੀ ਕਰੰਸੀ ਬਰਾਮਦ, ਔਰਤ ਸਮੇਤ 2 ਮੁਲਜ਼ਮ ਕਾਬੂ, ਦੇਖੋ ਵੀਡੀਓ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ ਅਤੇ ਬਾਕੀ ਰਕਮ ਦੂਜੀ ਕਿਸ਼ਤ 'ਚ ਅਦਾ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਇਸ ਤਫਤੀਸ਼ ਦੇ ਆਧਾਰ 'ਤੇ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦਾ ਥਾਣਾ ਉਡਣ ਦਸਤਾ-1, ਪੰਜਾਬ ਐੱਸ.ਏ.ਐੱਸ. ਨਗਰ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਇਸ ਸਬੰਧੀ ਅਗਲੀ ਕਾਰਵਾਈ ਜਾਰੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।