ਫਿਨਲੈਂਡ ਯੂਨੀਵਰਸਿਟੀ ਦੇ ਮਾਹਰਾਂ ਦਾ ਵਫ਼ਦ ਪੰਜਾਬ ਦੌਰੇ ''ਤੇ

Tuesday, Jan 21, 2025 - 04:01 PM (IST)

ਫਿਨਲੈਂਡ ਯੂਨੀਵਰਸਿਟੀ ਦੇ ਮਾਹਰਾਂ ਦਾ ਵਫ਼ਦ ਪੰਜਾਬ ਦੌਰੇ ''ਤੇ

ਚੰਡੀਗੜ੍ਹ : ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ 'ਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ 'ਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ। ਇੱਥੇ ਮੈਗਸੀਪਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ 'ਚ ਸੂਬੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 296  ਅਧਿਆਪਕਾਂ ਨੇ ਹਿੱਸਾ ਲਿਆ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਨਲੈਂਡ ਵਿਖੇ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਲਈ ਭੇਜੇ ਗਏ 72 ਅਧਿਆਪਕਾਂ ਦੇ ਪਹਿਲੇ ਬੈਚ ਦੀ ਸ਼ਾਨਦਾਰ ਸਫ਼ਲਤਾ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ 273 ਪ੍ਰਾਇਮਰੀ ਅਧਿਆਪਕਾਂ ਅਤੇ 23 ਡੀ. ਈ. ਓ. (ਐਲੀਮੈਂਟਰੀ) ਲਈ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।
 ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਅਧਿਆਪਨ ਤਕਨੀਕਾਂ ਨਾਲ ਲੈਸ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਹ ਪਹਿਲ ਟ੍ਰੇਨਰਾਂ ਨੂੰ ਸੂਬੇ ਦੇ ਪ੍ਰਾਇਮਰੀ ਸਕੂਲਾਂ 'ਚ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਸਮਝਣ ਦੇ ਯੋਗ ਬਣਾਵੇਗੀ। ਕੌਮਾਂਤਰੀ ਮਾਹਿਰਾਂ ਦਾ ਸਮੂਹ, ਜਿਸ 'ਚ ਐਰੀ ਕਿਓਸਕੀ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਯਟੋ-ਸਿੰਜੋਈ ਸ਼ਾਮਲ ਸਨ, ਦਾ ਨਿੱਘਾ ਸਵਾਗਤ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਾਸਤੇ ਟ੍ਰੇਨਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਤਕਨੀਕਾਂ ਨੂੰ ਅਪਣਾਉਣ 'ਚ ਮਦਦ ਕਰੇਗਾ, ਜੋ ਵਿਦਿਆਰਥੀਆਂ ਲਈ ਸਿੱਖਣ ਪ੍ਰਕਿਰਿਆ ਨੂੰ ਰੋਮਾਂਚਕ ਅਤੇ ਤਣਾਅ-ਮੁਕਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ। ਇਸ ਮੌਕੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਚਰਚਿਲ ਕੁਮਾਰ, ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 


author

Babita

Content Editor

Related News