ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਵਫ਼ਦ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ

Friday, Aug 01, 2025 - 09:42 AM (IST)

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਵਫ਼ਦ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ (ਸਰਬਜੀਤ) : ‘‘ਹਿੰਦ ਦੀ ਚਾਦਰ’’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 31 ਅਗਸਤ (ਐਤਵਾਰ) ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਤੋਂ ਆਰੰਭ ਹੋਵੇਗਾ। ਇਹ ਨਗਰ ਕੀਰਤਨ ਬਿਹਾਰ ਸਰਕਾਰ ਅਤੇ ਤਖ਼ਤ ਸਾਹਿਬ ਕਮੇਟੀ ਦੇ ਸਾਂਝੇ ਯਤਨਾਂ ਨਾਲ ਕੱਢਿਆ ਜਾਵੇਗਾ। ਇਸ ਇਸ ਸਬੰਧੀ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਮੈਂਬਰ ਹਰਪਾਲ ਸਿੰਘ ਜੌਹਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਗਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਨਗਰ ਕੀਰਤਨ 31 ਅਗਸਤ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ, ਜੋ ਰਾਜਗੀਰ, ਕੋਡਰਮਾ ਰਾਹੀਂ ਝਾਰਖੰਡ, ਬੰਗਾਲ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਪੰਜਾਬ ਹੋ ਕੇ ਸ੍ਰੀ ਅਨੰਦਪੁਰ ਸਾਹਿਬ (ਸ੍ਰੀ ਕੇਸਗੜ੍ਹ ਸਾਹਿਬ) ਵਿਖੇ ਸਮਾਪਤ ਹੋਵੇਗਾ।

ਇਹ ਵੀ ਪੜ੍ਹੋ : UPI ਲੈਣ-ਦੇਣ 'ਤੇ ਲਾਗੂ ਹੋਵੇਗਾ ਨਵਾਂ ਨਿਯਮ, ਕੱਲ੍ਹ ਤੋਂ ਦੇਣਾ ਪਵੇਗਾ ਵਾਧੂ ਚਾਰਜ, ਬੈਂਕ ਨੇ ਕੀਤਾ ਐਲਾਨ

ਇਹ ਯਾਤਰਾ ਲਗਭਗ 35 ਦਿਨਾਂ ਦੀ ਹੋਵੇਗੀ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਾਚੀਨ ਹੱਥ-ਲਿਖਤ ਬੀੜ ਸਰੂਪ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਕਾਲ ਵਿੱਚ ਵਰਤੇ ਗਏ ਸ਼ਸਤਰ ਸਜਾਏ ਗਏ ਵਾਹਨ ਰਾਹੀਂ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ, 29 ਅਗਸਤ ਨੂੰ ਸਵੇਰੇ 9 ਵਜੇ ਗੁਰੂ ਕਾ ਬਾਗ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਹੋਵੇਗੀ ਅਤੇ 31 ਅਗਸਤ ਨੂੰ ਸਵੇਰੇ 8:30 ਵਜੇ ਪਾਠ ਦੀ ਸਮਾਪਤੀ ਹੋਵੇਗੀ। ਦਿਨ ਦੇ 11:30 ਵਜੇ ਤੱਕ ਕੀਰਤਨ ਦਰਬਾਰ ਹੋਏਗਾ। ਉਹਨਾਂ ਅੱਗੇ ਦੱਸਿਆ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਹਾਜ਼ਰੀ ਵਿੱਚ ਉਨ੍ਹਾਂ ਵੱਲੋਂ ਨਿਸ਼ਾਨ ਸਾਹਿਬ ਵਿਖਾ ਕੇ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਇਤਿਹਾਸਕ ਅਤੇ ਵਿਸ਼ੇਸ਼ ਜਾਗਰੂਕਤਾ ਯਾਤਰਾ ਬਿਹਾਰ ਸਰਕਾਰ ਦੇ ਟੂਰਿਜ਼ਮ ਵਿਭਾਗ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News