SGPC ਚੋਣਾਂ ਤੇ ਪੰਥਕ ਮਾਮਲਿਆਂ ਨੂੰ ਲੈ ਕੇ ਸੁਖਦੇਵ ਢੀਂਡਸਾ ਦੀ ਅਗਵਾਈ ’ਚ ਵਫ਼ਦ CM ਮਾਨ ਨੂੰ ਮਿਲੇਗਾ

Sunday, Mar 20, 2022 - 06:18 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਇਕ ਵਫ਼ਦ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਅਤੇ ਹੋਰ ਪੰਥਕ ਮਾਮਲਿਆਂ ਨੂੰ ਕੇ ਛੇਤੀ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅਹਿਮ ਮੀਟਿੰਗ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਸ਼੍ਰੋਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ ਦੇ ਆ ਰਹੇ ਬਜਟ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਢੀਂਡਸਾ ਦੀ ਰਿਹਾਇਸ਼ ਵਿਖੇ ਹੋਏ ਵਿਚਾਰ-ਵਟਾਂਦਰੇ ਦੌਰਾਨ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਅਕਾਲੀ ਸੋਚ ਨੂੰ ਲੈ ਕੇ ਪ੍ਰਚੰਡ ਦੀ ਵਿਉਂਤਬੱਧੀ ਕੀਤੀ ਗਈ। ਢੀਂਡਸਾ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪੰਥਕ ਸਿਧਾਂਤਾਂ, ਪੰਥਕ ਰਵਾਇਤਾਂ ਅਤੇ ਪੰਥਕ ਸੰਸਥਾਵਾਂ ਦੀ ਮਰਿਆਦਾ ਬਹਾਲ ਕਰਵਾਉਣ ਲਈ ਜ਼ੋਰਦਾਰ ਹੰਭਲਾ ਮਾਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਇਟਲੀ ’ਚ ਵਾਪਰੀ ਦਿਲ-ਕੰਬਾਊ ਘਟਨਾ, ਜ਼ਿੰਦਾ ਸੜਿਆ ਪੰਜਾਬੀ ਵਿਅਕਤੀ

ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਸੋਚ ਨੂੰ ਪ੍ਰਚੰਡ ਕਰਨ ਲਈ ਅੱਗੇ ਆਉਣ ਕਿਉਂਕਿ ਮੌਜੂਦਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਇਕ ਪਰਿਵਾਰ ਨੂੰ ਪੰਥਕ ਸੰਸਥਾਵਾਂ ਤੋਂ ਲਾਂਭੇ ਕਰਨ ਦਾ ਖੁੱਲ੍ਹਾ ਸੰਕੇਤ ਦੇ ਦਿੱਤਾ ਹੈ। ਸ਼੍ਰੋਮਣੀ ਕਮੇਟੀ ਅੰਦਰ ਫ਼ੈਲੇ ਭ੍ਰਿਸ਼ਟਾਚਾਰ ਵਿਰੱੁਧ ਵੀ ਖੁੱਲ੍ਹ ਕੇ ਆਵਾਜ਼ਾਂ ਉੱਠਣ ਲੱਗੀਆਂ ਹਨ। ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਬਾਰੇ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਇਸ ਸਬੰਧੀ ਸਾਰੀਆਂ ਪੰਥਕ ਧਿਰਾਂ ਛੇਤੀ ਹੀ ਸਲਾਹ-ਮਸ਼ਵਰਾ ਕਰਨਗੀਆਂ ਤਾਂ ਕਿ ਬਾਦਲ ਪਰਿਵਾਰ ਦੇ ਕਬਜ਼ੇ ’ਚੋਂ ਪੰਥਕ ਸੰਸਥਾਵਾਂ ਨੂੰ ਮੁਕਤ ਕਰਾਇਆ ਜਾ ਸਕੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਛੇਤੀ ਹੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੇ ਫ਼ੈਸਲੇ ਨੂੰ ਬਿਲਕੁਲ ਸਹੀ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਪੰਥ ਦੇ ਭਲੇ ਲਈ ਹਰ ਹਾਲ ’ਚ ਮਿਲਣਾ ਚਾਹੀਦਾ ਹੈ। ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਅੈਗਜ਼ੈਟਿਵ ਕਮੇਟੀ ਮੈਂਬਰ, ਭਾਈ ਮੋਹਕਮ ਸਿੰਘ ਆਗੂ ਧਾਰਮਿਕ ਵਿੰਗ, ਮਿੱਠੂ ਸਿੰਘ ਕਾਹਨੇਕੇ, ਸੰਤ ਗੁਰਮੀਤ ਸਿੰਘ ਤਰਲੋਕੇ ਵਾਲੇ, ਮਲਕੀਤ ਸਿੰਘ ਚੰਗਾਲ, ਬੀਬੀ ਸ਼ਰਨਜੀਤ ਕੌਰ ਧੂਰੀ, ਨਿਰਵੈਰ ਸਿੰਘ ਜੋਲਾ ਕਾਲਾ ਡੇਰਾਬੱਸੀ, ਜਗਰਾਜ ਸਿੰਘ ਦੌਦਰ, ਸਰਬੰਸ ਸਿੰਘ ਮਾਣਕੀ, ਜਥੇਦਾਰ ਹਰਦੇਵ ਸਿੰਘ ਰੋਗਲਾ, ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ ਤੇ ਪ੍ਰੀਤਪਾਲ ਸਿੰਘ ਹਾਂਡਾ ਵੀ ਮੌਜੂਦ ਸਨ।


Manoj

Content Editor

Related News