ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਬਾਰੇ ਸਥਿਤੀ ਸਪੱਸ਼ਟ ਕਰੇ ਸਰਕਾਰ
Friday, May 01, 2020 - 06:41 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਮਾਰਗ ਸਬੰਧੀ ਕੇਂਦਰ ਸਰਕਾਰ ਪਾਸੋਂ ਸਪੱਸ਼ਟਤਾ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਮਾਰਗ ਵਿੱਚੋਂ ਅੰਮ੍ਰਿਤਸਰ ਨੂੰ ਬਾਹਰ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਚਰਚਾ ਹੈ ਕਿ ਪਹਿਲਾਂ ਬਣਾਈ ਗਈ ਯੋਜਨਾ ਤਹਿਤ ਇਹ ਮਾਰਗ ਨਹੀਂ ਬਣਾਇਆ ਜਾ ਰਿਹਾ ਅਤੇ ਹੁਣ ਇਸ ਵਿੱਚੋਂ ਅੰਮ੍ਰਿਤਸਰ ਨੂੰ ਬਾਹਰ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਇਹ ਹਰਗਿਜ਼ ਜਾਇਜ਼ ਨਹੀਂ। ਪਰੰਤੂ ਜੇਕਰ ਇਸ ਵਿਚ ਅੰਮ੍ਰਿਤਸਰ ਸ਼ਾਮਲ ਹੈ ਤਾਂ ਇਸ ਬਾਰੇ ਭਾਰਤ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ, ਤਾਂ ਜੋ ਚਰਚਾਵਾਂ 'ਤੇ ਵਿਰਾਮ ਲੱਗ ਸਕੇ।
ਡਾ. ਰੂਪ ਸਿੰਘ ਨੇ ਆਖਿਆ ਕਿ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਕੇਂਦਰ ਬਿੰਦੂ ਹੈ। ਕਿਉਂਕਿ ਇਥੇ ਮਾਨਵਤਾ ਦੇ ਅਧਿਆਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਬਹੁਤ ਸਾਰੇ ਇਤਿਹਾਸਕ ਸਥਾਨ ਹਨ। ਜੇਕਰ ਅੰਮ੍ਰਿਤਸਰ ਨੂੰ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਵਿੱਚੋਂ ਮਨਫ਼ੀ ਕੀਤਾ ਜਾਂਦਾ ਹੈ ਤਾਂ ਇਹ ਆਪਣੇ ਆਪ ਵਿਚ ਇਕ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਣਾਈ ਯੋਜਨਾ ਅਨੁਸਾਰ ਹੀ ਇਹ ਮਾਰਗ ਬਣਾਇਆ ਜਾਣਾ ਚਾਹੀਦਾ ਹੈ।