350 ਸਾਲਾ ਸ਼ਹੀਦੀ ਦਿਹਾੜੇ ’ਤੇ ਸਮਾਗਮਾਂ ਲਈ CM ਰੇਖਾ ਗੁਪਤਾ ਤੇ ਮਨਜਿੰਦਰ ਸਿਰਸਾ ਨੂੰ ਕੀਤਾ ਸਨਮਾਨਿਤ
Thursday, Dec 18, 2025 - 11:27 PM (IST)
ਅੰਮ੍ਰਿਤਸਰ (ਸਰਬਜੀਤ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਲਾਲ ਕਿਲੇ ’ਤੇ ਵਿਸ਼ਾਲ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ (ਦਿੱਲੀ ਯੂਨੀਵਰਸਿਟੀ) ਦੇ ਮਾਤਾ ਸਾਹਿਬ ਕੌਰ ਆਡੀਟੋਰੀਅਮ ਵਿਚ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਨੂੰ ਇਸ ਗੱਲ ’ਤੇ ਮਾਣ ਹੈ ਕਿ ਦਿੱਲੀ ਸਰਕਾਰ ਨੇ ਰੇਖਾ ਗੁਪਤਾ ਦੀ ਅਗਵਾਈ ਹੇਠ ਇਸ ਇਤਿਹਾਸਕ ਦਿਹਾੜੇ ’ਤੇ ਲਾਲ ਕਿਲੇ ’ਤੇ ਵਿਸ਼ਾਲ ਤੇ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਇਹ ਸਮਾਗਮ ਆਯੋਜਿਤ ਕਰ ਕੇ ਇਤਿਹਾਸ ਸਿਰਜ ਦਿੱਤਾ ਹੈ। ਸਮਾਗਮ ਵਿਚ ਕਿਸੇ ਵੀ ਤਰੀਕੇ ਦੀ ਕੋਈ ਵੀ ਘਾਟ ਨਹੀਂ ਰਹੀ। ਇਸ ਸਮਾਗਮ ਦੀ ਬਦੌਲਤ ਗੁਰੂ ਤੇਗ ਬਹਾਦਰ ਸਾਹਿਬ ਦਾ ਸੰਦੇਸ਼ ਦਿੱਲੀ ਅਤੇ ਦੇਸ਼ ਵਿਦੇਸ਼ ਵਿਚ ਘਰ-ਘਰ ਪਹੁੰਚਿਆ ਗਿਆ ਹੈ। ਉਨ੍ਹਾਂ ਸਿੱਖ ਕੌਮ ਦੀਆਂ ਸਮੁੱਚੀਆਂ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਸਮਾਗਮ ਲਈ ਸਹਿਯੋਗ ਦਿੱਤਾ ਤੇ ਰੇਖਾ ਗੁਪਤਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦਾ ਵੀ ਧੰਨਵਾਦ ਕੀਤਾ ਹੈ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਰਕਾਰ ਦੇ ਸਨਮਾਨ ਲਈ ਦਿੱਲੀ ਗੁਰਦੁਆਰਾ ਕਮੇਟੀ ਦਾ ਧੰਨਵਾਦ ਕੀਤਾ ਪਰ ਨਾਲ ਹੀ ਕਿਹਾ ਕਿ ਇਹ ਦਿਹਾੜਾ ਮਨਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਹਮੇਸ਼ਾ ਹੀ ਸਿੱਖਾਂ ਨੂੰ ਦਰਪੇਸ਼ ਮਸਲਿਆਂ ਵਾਸਤੇ ਉਪੱਲਬਧ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਸਿੱਖ ਕੌਮ ਦੇ ਸਾਰੇ ਮੈਂਬਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠਲੀ ਦਿੱਲੀ ਸਰਕਾਰ ਵੱਲੋਂ ਸਿੱਖਾਂ ਦੇ ਦਿਹਾੜੇ ਮਨਾਉਣ ਵਿਚ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਹਰਵਿੰਦਰ ਸਿੰਘ ਕੇ. ਪੀ., ਉਪ ਪ੍ਰਧਾਨ ਆਤਮਾ ਸਿੰਘ ਲੁਭਾਣਾ, ਐੱਮ. ਪੀ. ਐੱਸ. ਚੱਢਾ ਅਤੇ ਤਰਵਿੰਦਰ ਸਿੰਘ ਮਾਰਵਾਹ ਵੀ ਹਾਜ਼ਰ ਸਨ। ਮੰਚ ਸੰਚਾਲਨ ਧਰਮ ਪ੍ਰਚਾਰ ਕਮੇਟੀ ਦੇ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ।
